“ਗ੍ਰਹਿ ਮੰਤਰੀ ਦਾ ਵਿਰੋਧ ਨਾ ਕੀਤਾ ਜਾਵੇ”, ਪਰਵਿੰਦਰ ਝੋਟੇ ਦੇ ਪਿਤਾ ਦੀ ਅਪੀਲ, ਪਰਿਵਾਰ ਨਾਲ ਨਿੱਜੀ ਤੌਰ ‘ਤੇ ਕਰਨ ਮੁਲਾਕਾਤ
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਸਪੱਸ਼ਟ ਕੀਤਾ ਹੈ ਕਿ ਗ੍ਰਹਿ ਮੰਤਰੀ ਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੇ ਗ੍ਰਹਿ ਮੰਤਰੀ ਦਾ ਸਤਿਕਾਰ ਕਰਦੇ ਹਨ ਤੇ ਉਨ੍ਹਾਂ ਦਾ ਸਵਾਗਤ ਕਰਦੇ ਹਨ।
ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਲੈ ਕੇ ਪੰਜਾਬ ‘ਚ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ ਤੇ ਆਉਣਗੇ। ਰਿਪੋਰਟਾਂ ਮੁਤਾਬਕ, ਉਹ ਮਾਨਸਾ ‘ਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਸਕਦੇ ਹਨ। ਝੋਟਾ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ‘ਚ ਧਰਨਾ ਜਾਰੀ ਹੈ। ਪਰਿਵਾਰ ਨੇ ਅਜੇ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੇ ਅੰਤਿਮ ਸਸਕਾਰ ਕਰਨ ਲਈ ਸਹਿਮਤੀ ਨਹੀਂ ਦਿੱਤੀ।
ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਅੱਗੇ ਵਧਾਉਣ ਲਈ ਇਨਸਾਫ਼ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਅਮਿਤ ਦੇ ਦੌਰੇ ਨੂੰ ਲੈ ਕੇ ਇਨਸਾਫ਼ ਕਮੇਟੀ ਤੇ ਵੱਖ-ਵੱਖ ਧਿਰਾਂ ਦੇ ਰੁਖ਼ ਬਾਰੇ ਚਰਚਾ ਜਾਰੀ ਹੈ। ਕਮੇਟੀ ਵੱਲੋਂ ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ, ਹਾਲਾਂਕਿ ਝੋਟੇ ਦੇ ਪਿਤਾ ਭੀਮ ਸਿੰਘ ਨੇ ਕਿਹਾ ਹੈ ਕਿ ਕੋਈ ਵੀ ਅਮਿਤ ਸ਼ਾਹ ਦਾ ਵਿਰੋਧ ਨਾ ਕਰੇ।
“ਗ੍ਰਹਿ ਮੰਤਰੀ ਦਾ ਵਿਰੋਧ ਨਹੀਂ ਕੀਤਾ ਜਾਵੇ”
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਸਪੱਸ਼ਟ ਕੀਤਾ ਹੈ ਕਿ ਗ੍ਰਹਿ ਮੰਤਰੀ ਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੇ ਗ੍ਰਹਿ ਮੰਤਰੀ ਦਾ ਸਤਿਕਾਰ ਕਰਦੇ ਹਨ ਤੇ ਉਨ੍ਹਾਂ ਦਾ ਸਵਾਗਤ ਕਰਦੇ ਹਨ।
ਭੀਮ ਸਿੰਘ ਨੇ ਕਿਹਾ ਕਿ ਉਹ ਭਾਰਤੀ ਫ਼ੌਜ ‘ਚ ਸੇਵਾ ਨਿਭਾ ਚੁੱਕੇ ਹਨ ਅਤੇ ਭਾਰਤ ਸਰਕਾਰ ਤੋਂ ਪੈਨਸ਼ਨ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਸਤਿਕਾਰ ਕਰਦੇ ਹਨ।
ਇਹ ਵੀ ਪੜ੍ਹੋ
ਉਨ੍ਹਾਂ ਦੀ ਅਪੀਲ ਹੈ ਕਿ ਜੇਕਰ ਅਮਿਤ ਸ਼ਾਹ ਪੰਜਾਬ ਆਉਂਦੇ ਹਨ ਤਾਂ ਉਨ੍ਹਾਂ ਦਾ ਵਿਰੋਧ ਕਰਨ ਦੀ ਬਜਾਏ ਪਰਿਵਾਰ ਦੀ ਇਨਸਾਫ਼ ਦੀ ਮੰਗ ਨੂੰ ਪਹਿਲ ਦਿੱਤੀ ਜਾਵੇ। ਭੀਮ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਧਰਨੇ ਵਾਲੀ ਥਾਂ ਤੇ ਆਉਣ ਦੀ ਬਜਾਏ ਪਰਿਵਾਰ ਨਾਲ ਨਿੱਜੀ ਤੌਰ ਤੇ ਵੀ ਮੁਲਾਕਾਤ ਕਰ ਸਕਦੇ ਹਨ।
ਸੀਬੀਆਈ ਜਾਂਚ ਦੇ ਹੁਕਮ ਦੇਣ ਦੀ ਮੰਗ
ਪਰਿਵਾਰ ਨੇ ਇਸ ਮਾਮਲੇ ‘ਚ ਇਨਸਾਫ਼ ਲਈ ਕੇਂਦਰ ਸਰਕਾਰ ਤੋਂ ਦਖ਼ਲ ਦੀ ਮੰਗ ਕੀਤੀ ਹੈ। ਭੀਮ ਸਿੰਘ ਨੇ ਅਪੀਲ ਕੀਤੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ, ਤਾਂ ਜੋ ਮਾਮਲੇ ਦੀ ਨਿਰਪੱਖ ਜਾਂਚ ਹੋ ਸਕੇ ਅਤੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਗੁਰਦਾਸਪੁਰ, ਮਾਨਸਾ ਤੇ ਸੰਗਰੂਰ ਦਾ ਦੌਰਾ ਕਰ ਸਕਦੇ ਅਮਿਤ ਸ਼ਾਹ
ਮੀਡੀਆ ਰਿਪੋਰਟਾਂ ਮੁਤਾਬਕ, ਅਮਿਤ ਸ਼ਾਹ ਆਪਣੇ ਪੰਜਾਬ ਦੌਰੇ ਦੌਰਾਨ ਗੁਰਦਾਸਪੁਰ, ਮਾਨਸਾ ਅਤੇ ਸੰਗਰੂਰ ਦਾ ਦੌਰਾ ਵੀ ਕਰ ਸਕਦੇ ਹਨ। ਹਾਲਾਂਕਿ, ਇਨ੍ਹਾਂ ਥਾਵਾਂ ਬਾਰੇ ਅਧਿਕਾਰਤ ਪ੍ਰੋਗਰਾਮ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਤੋਂ ਗੁਰਦਾਸਪੁਰ, ਮਾਨਸਾ ਅਤੇ ਸੰਗਰੂਰ ‘ਚ ਵਾਪਰੀਆਂ ਤਿੰਨ ਵੱਖ-ਵੱਖ ਘਟਨਾਵਾਂ ਸਬੰਧੀ ਵਿਸਥਾਰਪੂਰਵਕ ਰਿਪੋਰਟ ਮੰਗੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।
ਮਾਨਸਾ ‘ਚ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸੇ ਤਰ੍ਹਾਂ, ਗੁਰਦਾਸਪੁਰ ਜ਼ਿਲ੍ਹੇ ਦੇ ਸ੍ਰੀ ਹਰਗੋਬਿੰਦਪੁਰ ਨੇੜਲੇ ਪਿੰਡ ਮਾੜੀ ਪੰਨਵਾਂ ‘ਚ ਨਸ਼ਾ ਤਸਕਰੀ ਦਾ ਵਿਰੋਧ ਕਰਨ ਵਾਲੇ ਬਿਕਰਮਜੀਤ ਸਿੰਘ ਦਾ ਕਤਲ ਦਾ ਮਾਮਲਾ ਵੀ ਚਰਚਾ ‘ਚ ਹੈ। ਉੱਧਰ, ਸੰਗਰੂਰ ਦੇ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ‘ਚ ਕਥਿਤ ਦਬਾਅ ਤੇ ਪਰੇਸ਼ਾਨ ਕੀਤੇ ਜਾਣ ਦੇ ਇਲਜ਼ਾਮ ਲੱਗੇ ਸਨ।
