ਮਾਨਸਾ ‘ਚ ਹੁਣ ਕਿਵੇਂ ਦੇ ਹਾਲਾਤ? ਪਰਵਿੰਦਰ ਝੋਟਾ ਕਤਲ ਮਾਮਲੇ ਦੀ ਗਰਾਊਂਡ ਰਿਪੋਰਟ
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮਾਨਸਾ 'ਚ ਪਰਿਵਾਰ ਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ 'ਚ ਇਨਸਾਫ਼ ਦਿਵਾਉਣ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ, ਜਦਕਿ ਮਾਨਸਾ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਕਤਲ ਹੋਣ ਤੋਂ ਬਾਅਦ ਅਜੇ ਤੱਕ ਉਨ੍ਹਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ। ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖੀ ਹੋਈ ਹੈ, ਜਿੱਥੇ ਨਿਹੰਗ ਸਿੰਘਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ‘ਚ ਲੋਕ ਮੌਜੂਦ ਹਨ।
ਮ੍ਰਿਤਕ ਦੇਹ ਵਾਲੀ ਥਾਂ ਤੇ ਲੋਕਾਂ ਵੱਲੋਂ ਪਹਿਰਾ ਦਿੱਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਪਰਿਵਾਰ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਤੇ ਅੰਤਿਮ ਸਸਕਾਰ ਨਹੀਂ ਹੋਣ ਦਿੱਤਾ ਜਾਵੇਗਾ।
ਸਿਵਲ ਹਸਪਤਾਲ ਬਾਹਰ ਲੋਕਾਂ ਦੀ ਭਾਰੀ ਭੀੜ:
ਗ੍ਰੀਨ ਵੈਲੀ ਦੇ ਬਾਹਰ ਪੁਲਿਸ ਦਾ ਸਖ਼ਤ ਪਹਿਰਾ
ਪੁਲਿਸ ਨੇ ਪਰਵਿੰਦਰ ਸਿੰਘ ਝੋਟਾ ਤੇ ਗੋਲੀਆਂ ਚਲਾਉਣ ਦੇ ਮਾਮਲੇ ‘ਚ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਉਸ ਦੇ ਜੱਦੀ ਘਰ ਦੇ ਅਗਲੇ ਹਿੱਸੇ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਦੱਸਿਆ ਗਿਆ ਕਿ ਇਹ ਹਿੱਸਾ ਕਥਿਤ ਤੌਰ ਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਬਣਾਇਆ ਗਿਆ ਸੀ। ਇਸ ਤੋਂ ਇਲਾਵਾ ਅਸ਼ਵਨੀ ਕੁਮਾਰ ਦੀ ਦੁਕਾਨ ਨੂੰ ਨਸ਼ਾ ਤਸਕਰੀ ਦੇ ਇਲਜ਼ਾਮ ਤਹਿਤ ਬੁਲਡੋਜ਼ਰ ਨਾਲ ਢਾਹਿਆ ਗਿਆ। ਇਸ ਕਾਰਵਾਈ ਤੋਂ ਬਾਅਦ ਗੁੱਸੇ ‘ਚ ਆਏ ਕੁਝ ਲੋਕਾਂ ਵੱਲੋਂ ਦੁਕਾਨ ਨੂੰ ਅੱਗ ਲਗਾ ਦਿੱਤੀ ਗਈ।
ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਲੋਕਾਂ ‘ਚ ਇਹ ਅਫ਼ਵਾਹ ਫੈਲ ਗਈ ਕਿ ਅਸ਼ਵਨੀ ਕੁਮਾਰ ਦੀ ਰਿਹਾਇਸ਼ੀ ਕੋਠੀ ਮਾਨਸਾ ਦੀ ਗ੍ਰੀਨ ਵੈਲੀ ਕਲੋਨੀ ‘ਚ ਹੈ। ਇਸ ਤੋਂ ਬਾਅਦ ਸਮਰਥਕਾਂ ਦੀ ਭੀੜ ਗ੍ਰੀਨ ਵੈਲੀ ‘ਚ ਪਹੁੰਚ ਗਈ ਤੇ ਇੱਕ ਕੋਠੀ ਨੂੰ ਅਸ਼ਵਨੀ ਕੁਮਾਰ ਦੀ ਰਿਹਾਇਸ਼ ਦੱਸਿਆ ਜਾਣ ਲੱਗਾ। ਹਾਲਾਂਕਿ, ਕੋਠੀ ਦੇ ਮਾਲਕ ਨੇ ਕੈਮਰੇ ਸਾਹਮਣੇ ਆ ਕੇ ਸਪੱਸ਼ਟ ਕੀਤਾ ਕਿ ਇਹ ਉਸ ਦੀ ਆਪਣੀ ਕੋਠੀ ਹੈ ਤੇ ਇਸ ਦਾ ਅਸ਼ਵਨੀ ਕੁਮਾਰ ਨਾਲ ਕੋਈ ਸਬੰਧ ਨਹੀਂ ਹੈ। ਇਸ ਤਰ੍ਹਾਂ ਇਹ ਦਾਅਵਾ ਅਫ਼ਵਾਹ ਸਾਬਤ ਹੋਇਆ।
ਗ੍ਰੀਨ ਵੈਲੀ ਦੇ ਬਾਹਰ ਤੋਂ ਰਿਪੋਰਟ:
ਗ੍ਰੀਨ ਵੈਲੀ ‘ਚ ਅਸ਼ਵਨੀ ਜਾਂ ਉਸ ਦੇ ਰਿਸ਼ਤੇਦਾਰ ਦਾ ਘਰ ਨਹੀਂ: ਐਸੋਸੀਏਸ਼ਨ
ਅਫ਼ਵਾਹਾਂ ਦੇ ਮੱਦੇਨਜ਼ਰ ਗ੍ਰੀਨ ਵੈਲੀ ਕਲੋਨੀ ਦੇ ਬਾਹਰ ਪੁਲਿਸ ਦੀ ਸਖ਼ਤ ਤਾਇਨਾਤੀ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਗ੍ਰੀਨ ਵੈਲੀ ਕਲੋਨੀ ਐਸੋਸੀਏਸ਼ਨ ਵੱਲੋਂ ਇੱਕ ਪੋਸਟਰ ਲਗਾ ਕੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦਿੱਤੀ ਗਈ। ਪੋਸਟਰ ‘ਚ ਲੋਕਾਂ ਨੂੰ ਅਫ਼ਵਾਹਾਂ ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ‘ਚ ਇਹ ਵੀ ਕਿਹਾ ਗਿਆ ਹੈ ਕਿ ਅਸ਼ਵਨੀ ਕੁਮਾਰ ਦੀ ਗ੍ਰੀਨ ਵੈਲੀ ‘ਚ ਕੋਈ ਕੋਠੀ ਨਹੀਂ ਹੈ ਅਤੇ ਨਾ ਹੀ ਉਸ ਦੇ ਕਿਸੇ ਰਿਸ਼ਤੇਦਾਰ ਦੀ ਕੋਠੀ ਉੱਥੇ ਹੈ।
ਇਹ ਵੀ ਪੜ੍ਹੋ
ਇਨਸਾਫ਼ ਕਮੇਟੀ ਨੇ ਪੁਲਿਸ ਨਾਲ ਮੀਟਿੰਗ ਕਰਨ ਤੋਂ ਕੀਤਾ ਇਨਕਾਰ
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮਾਨਸਾ ‘ਚ ਪਰਿਵਾਰ ਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਇਨਸਾਫ਼ ਦਿਵਾਉਣ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।
ਦੂਜੇ ਪਾਸੇ, ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਿਵਾਰ ਤੇ ਕਮੇਟੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਸਵੇਰੇ ਡੀਆਈਜੀ ਹਰਜੀਤ ਸਿੰਘ, ਐਸਐਸਪੀ ਵੈਭਵ ਚੌਧਰੀ ਤੇ ਡਿਪਟੀ ਕਮਿਸ਼ਨਰ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਧਰਨੇ ਵਾਲੀ ਥਾਂ ਤੇ ਪਹੁੰਚੇ ਤੇ ਕਮੇਟੀ ਨੂੰ ਮੀਟਿੰਗ ਕਰਨ ਦਾ ਸੱਦਾ ਦਿੱਤਾ।
ਪੂਰਾ ਮਾਨਸਾ ਬੰਦ:
ਹਾਲਾਂਕਿ, ਪਰਿਵਾਰ ਤੇ ਇਨਸਾਫ਼ ਕਮੇਟੀ ਵੱਲੋਂ ਫ਼ਿਲਹਾਲ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਕਮੇਟੀ ਦਾ ਕਹਿਣਾ ਹੈ ਕਿ ਉਹ ਪਹਿਲਾਂ ਆਪਸ ‘ਚ ਵਿਚਾਰ-ਵਟਾਂਦਰਾ ਕਰਕੇ ਫ਼ੈਸਲਾ ਲੈਣਗੇ, ਜਿਸ ਤੋਂ ਬਾਅਦ ਮੀਟਿੰਗ ਬਾਰੇ ਅਗਲਾ ਕਦਮ ਚੁੱਕਿਆ ਜਾਵੇਗਾ।
ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਵੀ ਕਾਰਵਾਈ ਦੀ ਤਿਆਰੀ
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ‘ਚ ਮਾਨਸਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਥਾਣਾ ਸਿਟੀ-2 ਦੀ ਮਹਿਲਾ ਐਸਐਚਓ ਬੇਅੰਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਹੁਕਮ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਵੱਲੋਂ ਜਾਰੀ ਕੀਤੇ ਗਏ ਹਨ। ਮੁਅੱਤਲੀ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਲਾਈਨ ‘ਚ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਡੀਐਸਪੀ ਹਰਜਿੰਦਰ ਸਿੰਘ ਗਿੱਲ ਖ਼ਿਲਾਫ਼ ਵੀ ਕਾਰਵਾਈ ਕੀਤੇ ਜਾਣ ਦੀ ਤਿਆਰੀ ਦੀ ਜਾਣਕਾਰੀ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ, ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਇਲਜ਼ਾਮ ਲਗਾਇਆ ਸੀ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਕਈ ਵਾਰ ਸ਼ਿਕਾਇਤਾਂ ਦਰਜ ਕਰਵਾਉਣ ਤੇ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਦੇ ਬਾਵਜੂਦ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ। ਇਸ ਮਾਮਲੇ ਸਬੰਧੀ ਡੀਆਈਜੀ ਹਰਜੀਤ ਸਿੰਘ ਨੇ ਵੀ ਕਿਹਾ ਸੀ ਕਿ ਜਾਂਚ ਦੌਰਾਨ ਜੇਕਰ ਕੋਈ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਲਾਪਰਵਾਹੀ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਰਵਿੰਦਰ ਝੋਟਾ ਕਤਲ ਮਾਮਲੇ ਚ ਮਾਨ ਸਰਕਾਰ ਦਾ ਵੱਡਾ ਐਕਸ਼ਨ https://t.co/XdJWkWMbtl
— AAP Punjab (@AAPPunjab) October 15, 2026
ਹਿਰਾਸਤ ‘ਚ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ
ਇਸ ਮਾਮਲੇ ‘ਚ ਪੁਲਿਸ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਵੀ ਹਿਰਾਸਤ ‘ਚ ਲਿਆ ਹੈ। ਉਸ ‘ਤੇ ਕਥਿਤ ਤੌਰ ‘ਤੇ ਅਸ਼ਵਨੀ ਕੁਮਾਰ ਨੂੰ ਫ਼ਰਾਰ ਹੋਣ ‘ਚ ਮਦਦ ਕਰਨ ਦਾ ਇਲਜ਼ਾਮ ਹੈ। ਅਸ਼ਵਨੀ ਕੁਮਾਰ ਵਾਰਦਾਤ ਨੂੰ ਅੰਜਾਮ ਦੇਣ ਦੇ ਤੁਰੰਤ ਬਾਅਦ ਫ਼ਰਾਰ ਹੋ ਗਿਆ ਸੀ ਤੇ ਅਗਲੇ ਦਿਨ ਉਸ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਅਸ਼ਵਨੀ ਕੁਮਾਰ ਨੇ ਜਿਸ ਪਿਸਤੌਲ ਨਾਲ ਗੋਲੀਆਂ ਚਲਾਈਆਂ, ਉਸ ਪਿਸਤੌਲ ਦਾ ਲਾਇਸੰਸ ਉਸ ਦੀ ਪਤਨੀ ਦੇ ਨਾਮ ‘ਤੇ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹਾਲਾਂਕਿ, ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।
ਪਰਿਵਾਰ ਦੀਆਂ ਮੁੱਖ ਮੰਗਾਂ ਕੀ ਹਨ?
ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਤੇ ਡੀਜੀਪੀ ਦੇ ਅਸਤੀਫ਼ੇ, ਮਾਨਸਾ ਦੇ ਐਸਐਸਪੀ, ਡੀਐਸਪੀ ਤੇ ਐਸਐਚਓ ਨੂੰ ਬਰਖ਼ਾਸਤ ਕਰਨ ਦੀ ਮੰਗ ਵੀ ਰੱਖੀ ਗਈ ਹੈ। ਪਰਿਵਾਰ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਕਤਲ ਦੀ ਵਾਰਦਾਤ ਸਮੇਂ ਮੁਲਜ਼ਮ ਵੱਲੋਂ ਕਿਸ ਵਿਅਕਤੀ ਨੂੰ ਫ਼ੋਨ ਕੀਤਾ ਗਿਆ ਸੀ, ਇਸ ਸਬੰਧੀ ਕਾਲ ਡਿਟੇਲ ਜਨਤਕ ਕੀਤੀ ਜਾਵੇ। ਇਸ ਦੇ ਨਾਲ ਹੀ ਵਾਰਦਾਤ ਦੌਰਾਨ ਜ਼ਖ਼ਮੀ ਹੋਏ ਚਾਰ ਵਿਅਕਤੀਆਂ ਨੂੰ ਆਰਥਿਕ ਸਹਾਇਤਾ ਦੇਣ ਸਮੇਤ ਹੋਰ ਮੰਗਾਂ ਵੀ ਰੱਖੀਆਂ ਗਈਆਂ ਹਨ।
ਫ਼ਿਲਹਾਲ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਕਾਰਨ ਮਾਨਸਾ ‘ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਸਿਆਸੀ ਆਗੂਆਂ ਤੇ ਪਾਰਟੀਆਂ ਦਾ ਸਾਥ
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਕਈ ਵਿਰੋਧੀ ਪਾਰਟੀਆਂ, ਕਿਸਾਨ ਜਥੇਬੰਦੀਆਂ ਤੇ ਸਮਾਜਿਕ ਸੰਗਠਨ ਪਰਿਵਾਰ ਦੇ ਸਮਰਥਨ ‘ਚ ਸਾਹਮਣੇ ਆਏ ਹਨ। ਕਾਂਗਰਸ ਵੱਲੋਂ ਸੂਬਾ ਪ੍ਰਧਾਨ ਪਰਗਟ ਸਿੰਘ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਤੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸਵਾਲ ਚੁੱਕੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਜਵਾਬਦੇਹੀ ਦੀ ਮੰਗ ਕੀਤੀ। ਭਾਜਪਾ, ਅਕਾਲੀ ਦਲ ਵਾਰਿਸ ਪੰਜਾਬ ਦੇ, ਅਕਾਲੀ ਦਲ ਪੁਨਰ ਸੁਰਜੀਤ ਤੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੀ ਸਮਰਥਨ ਦਿੱਤਾ ਗਿਆ। ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਜਥੇਬੰਦੀਆਂ ਤੇ ਮੁਲਾਜ਼ਮ ਸੰਗਠਨਾਂ ਨੇ ਵੀ ਇਨਸਾਫ਼ ਦੀ ਮੰਗ ਦਾ ਸਮਰਥਨ ਕੀਤਾ। ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਤੇ ਮਾਮਲੇ ਦੀ ਪੂਰੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਪਰਵਿੰਦਰ ਝੋਟਾ ਮਾਮਲੇ ‘ਤੇ CM @BhagwantMann ਦਾ ਬਿਆਨ‼️
ਅਮਨ-ਕਾਨੂੰਨ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। https://t.co/tfT407cjtr — AAP Punjab (@AAPPunjab) October 14, 2026
13 ਅਕਤੂਬਰ ਨੂੰ ਕਤਲ ਵਾਲੇ ਦਿਨ ਕੀ ਹੋਇਆ ਸੀ?
13 ਅਕਤੂਬਰ ਨੂੰ ਮਾਨਸਾ ‘ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਰਿਪੋਰਟਾਂ ਮੁਤਾਬਕ, ਘਟਨਾ ਤੋਂ ਪਹਿਲਾਂ ਝੋਟਾ ਇੱਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨਾਲ ‘ਤੇ ਇਲਜ਼ਾਮ ਲਗਾਉਂਦੇ ਹੋਏ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਸਵਾਲ-ਜਵਾਬ ਕਰ ਰਹੇ ਸਨ ਤੇ ਇਸ ਦੌਰਾਨ ਉਹ ਫੇਸਬੁੱਕ ਤੇ ਲਾਈਵ ਵੀ ਸਨ। ਇਲਜ਼ਾਮ ਹੈ ਕਿ ਇਸੇ ਵਿਵਾਦ ਦੌਰਾਨ ਅਸ਼ਵਨੀ ਕੁਮਾਰ ਨੇ ਝੋਟਾ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਪਰਵਿੰਦਰ ਝੋਟਾ ਦੀ ਮੌਤ ਹੋ ਗਈ।
ਵਾਰਦਾਤ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ, ਪਰ ਪੁਲਿਸ ਨੇ ਅਗਲੇ ਦਿਨ ਉਸ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ। ਉਸ ਦੇ ਸਾਥੀ ਨੂੰ ਘਟਨਾ ਵਾਲੀ ਦਿਨ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਕਤਲ ਤੋਂ ਬਾਅਦ ਮਾਨਸਾ ‘ਚ ਰੋਸ ਪ੍ਰਦਰਸ਼ਨ ਸ਼ੁਰੂ ਹੋ ਗਏ ਤੇ ਪਰਿਵਾਰ ਨੇ ਸੀਬੀਆਈ ਜਾਂਚ ਸਮੇਤ ਹੋਰ ਮੰਗਾਂ ਪੂਰੀਆਂ ਹੋਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ।


