ਪਠਾਨਕੋਟ ‘ਚ ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ; ਪੁਲਿਸ ਵੱਲੋ ਸ਼ੱਕੀ ਕਾਬੂ
ਪਠਾਨਕੋਟ ਦੇ ਲਕਸ਼ਮੀ ਗਾਰਡਨ ਕਾਲੋਨੀ (ਢਾਕੀ) ਦੇ ਵਸਨੀਕ ਅਤੇ ਸ਼ਿਵ ਸੈਨਾ ਹਿੰਦ ਕੋਰ ਕਮੇਟੀ ਦੇ ਚੇਅਰਮੈਨ ਰਵੀ ਸ਼ਰਮਾ ਦੇ 35 ਸਾਲਾ ਭਰਾ ਜਤਿੰਦਰ ਸ਼ਰਮਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ ਅਤੇ ਮਾਮਲੇ ਨੇ ਪੂਰੀ ਤਰ੍ਹਾਂ ਤੂਲ ਫੜ ਲਿਆ ਹੈ।
ਪਠਾਨਕੋਟ ਦੇ ਲਕਸ਼ਮੀ ਗਾਰਡਨ ਕਾਲੋਨੀ (ਢਾਕੀ) ਦੇ ਵਸਨੀਕ ਅਤੇ ਸ਼ਿਵ ਸੈਨਾ ਹਿੰਦ ਕੋਰ ਕਮੇਟੀ ਦੇ ਚੇਅਰਮੈਨ ਰਵੀ ਸ਼ਰਮਾ ਦੇ 35 ਸਾਲਾ ਭਰਾ ਜਤਿੰਦਰ ਸ਼ਰਮਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ ਅਤੇ ਮਾਮਲੇ ਨੇ ਪੂਰੀ ਤਰ੍ਹਾਂ ਤੂਲ ਫੜ ਲਿਆ ਹੈ। ਘਰ ਵਿੱਚ ਇਕੱਲੇ ਮੌਜੂਦ ਜਤਿੰਦਰ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੇ ਸਨ, ਜਿਨ੍ਹਾਂ ਨੂੰ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਹੀ ਦਮ ਤੋੜ ਦਿੱਤਾ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਨੂੰ ਸਿੱਧਾ ਕਤਲ ਕਰਾਰ ਦਿੰਦਿਆਂ ਪੁਲਿਸ ਪ੍ਰਸ਼ਾਸਨ ਤੋਂ ਉੱਚ ਪੱਧਰੀ ਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਪਰਿਵਾਰ ਨੇ ਆਪਣੇ ਹੀ ਡਰਾਈਵਰ ਤੇ ਕਤਲ ਦਾ ਪੱਕਾ ਸ਼ੱਕ ਜਤਾਇਆ ਹੈ ਅਤੇ ਪੁਲਿਸ ਦੀ ਢਿੱਲੀ ਕਾਰਵਾਈ ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਵਾਰਦਾਤ ਵਾਲੇ ਦਿਨ ਪੁਲਿਸ ਅਧਿਕਾਰੀਆਂ ਨੇ ਫ਼ੋਨ ਨਹੀਂ ਚੁੱਕਿਆ ਅਤੇ ਹਿਰਾਸਤ ਵਿੱਚ ਲਏ ਗਏ ਸ਼ੱਕੀ ਵਿਅਕਤੀ ਨੂੰ ਬਾਅਦ ਵਿੱਚ ਛੱਡ ਦਿੱਤਾ ਗਿਆ। ਪਰਿਵਾਰ ਤੇ ਸ਼ਿਵ ਸੈਨਿਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵਰਤੀ ਗਈ ਤਾਂ ਉਹ ਸੜਕਾਂ ਤੇ ਉਤਰ ਕੇ ਤਿੱਖਾ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।
ਘਰ ਵਿੱਚ ਇਕੱਲੇ ਸਨ ਜਤਿੰਦਰ, ਸਰੀਰ ਤੇ ਮਿਲੇ ਸੱਟਾਂ ਦੇ ਨਿਸ਼ਾਨ
ਮ੍ਰਿਤਕ ਦੇ ਭਰਾ ਰਵੀ ਸ਼ਰਮਾ ਅਨੁਸਾਰ ਸ਼ਨੀਵਾਰ ਨੂੰ ਉਹ ਕਿਸੇ ਜ਼ਰੂਰੀ ਕੰਮ ਦੇ ਸਿਲਸਿਲੇ ਵਿੱਚ ਪਿੰਡ ਬੂੰਗਲ ਗਏ ਹੋਏ ਸਨ, ਜਦਕਿ ਜਤਿੰਦਰ ਸ਼ਰਮਾ ਦੀ ਪਤਨੀ ਆਪਣੇ ਪੇਕੇ ਘਰ ਗਈ ਹੋਈ ਸੀ। ਇਸ ਦੌਰਾਨ ਜਤਿੰਦਰ ਘਰ ਵਿੱਚ ਬਿਲਕੁਲ ਇਕੱਲੇ ਸਨ। ਸ਼ਾਮ ਕਰੀਬ 3:55 ਵਜੇ ਉਨ੍ਹਾਂ ਦੀ ਛੋਟੀ ਭਾਬੀ (ਮ੍ਰਿਤਕ ਦੀ ਪਤਨੀ) ਸੋਨਾਲੀ ਸ਼ਰਮਾ ਦਾ ਰਵੀ ਸ਼ਰਮਾ ਨੂੰ ਫ਼ੋਨ ਆਇਆ, ਜਿਨ੍ਹਾਂ ਨੇ ਦੱਸਿਆ ਕਿ ਜਤਿੰਦਰ ਬੈੱਡਰੂਮ ਵਿੱਚ ਖ਼ੂਨ ਨਾਲ ਲੱਥਪੱਥ ਅਤੇ ਬੇਹੋਸ਼ੀ ਦੀ ਹਾਲਤ ਵਿੱਚ ਪਏ ਹਨ।
ਜਾਣਕਾਰੀ ਮਿਲਦੇ ਹੀ ਪਰਿਵਾਰਕ ਮੈਂਬਰ ਤੁਰੰਤ ਉਨ੍ਹਾਂ ਨੂੰ ਸਰਨਾ ਦੇ ਇੱਕ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਅਨੁਸਾਰ ਜਤਿੰਦਰ ਦੀ ਮੌਤ ਹਸਪਤਾਲ ਪਹੁੰਚਣ ਤੋਂ ਕਰੀਬ ਇੱਕ ਘੰਟਾ ਪਹਿਲਾਂ ਹੀ ਹੋ ਚੁੱਕੀ ਸੀ। ਮ੍ਰਿਤਕ ਦੇ ਸਰੀਰ ਤੇ ਸੱਟਾਂ ਦੇ ਗੰਭੀਰ ਨਿਸ਼ਾਨ ਮਿਲੇ ਹਨ, ਜਿਸ ਕਾਰਨ ਪਰਿਵਾਰ ਨੂੰ ਉਨ੍ਹਾਂ ਦੇ ਕਤਲ ਦਾ ਪੂਰਾ ਖ਼ਦਸ਼ਾ ਹੈ। ਐਤਵਾਰ ਨੂੰ ਸਿਵਲ ਹਸਪਤਾਲ ਵਿਖੇ ਤਿੰਨ ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਸ਼ੱਕੀ ਨੂੰ ਛੱਡਣ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਭੜਕਿਆ ਪਰਿਵਾਰ
ਰਵੀ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਰਿਕਵਰੀ ਦਾ ਕੰਮ ਕਰਦਾ ਸੀ ਅਤੇ ਉਨ੍ਹਾਂ ਨੂੰ ਪੱਕਾ ਸ਼ੱਕ ਹੈ ਕਿ ਇਸ ਘਿਨਾਉਣੀ ਵਾਰਦਾਤ ਨੂੰ ਉਨ੍ਹਾਂ ਦੇ ਹੀ ਡਰਾਈਵਰ ਨੇ ਅੰਜਾਮ ਦਿੱਤਾ ਹੈ। ਪਰਿਵਾਰ ਨੇ ਦੁਪਹਿਰ ਕਰੀਬ 2:30 ਵਜੇ ‘ਕਰਨ’ ਨਾਮੀ ਇੱਕ ਸ਼ੱਕੀ ਨੌਜਵਾਨ ਨੂੰ ਠੋਸ ਸਬੂਤਾਂ ਸਮੇਤ ਪੁਲਿਸ ਦੇ ਹਵਾਲੇ ਕੀਤਾ ਸੀ। ਹਾਲਾਂਕਿ, ਰਾਤ ਕਰੀਬ 7:45 ਵਜੇ ਉਨ੍ਹਾਂ ਨੂੰ ਪਤਾ ਲੱਗਾ ਕਿ ਪੁਲਿਸ ਨੇ ਉਸ ਸ਼ੱਕੀ ਨੂੰ ਬਿਨਾਂ ਕਿਸੇ ਠੋਸ ਪੁੱਛਗਿੱਛ ਦੇ ਛੱਡ ਦਿੱਤਾ ਹੈ।
ਇਹ ਵੀ ਪੜ੍ਹੋ
ਜਦੋਂ ਰਵੀ ਸ਼ਰਮਾ ਨੇ ਇਸ ਸਬੰਧੀ ਥਾਣਾ ਮੁਖੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਫ਼ੋਨ ਰਿਸੀਵ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਜਦੋਂ ਤਫ਼ਤੀਸ਼ੀ ਅਫ਼ਸਰ ਸਬ-ਇੰਸਪੈਕਟਰ ਹਰਪ੍ਰੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਥਿਤ ਤੌਰ ਤੇ ਡਿਊਟੀ ਦਾ ਹਵਾਲਾ ਦਿੰਦਿਆਂ ਮਾਮਲੇ ਦੀ ਜਾਣਕਾਰੀ ਹੋਣ ਤੋਂ ਅਣਜਾਣਤਾ ਪ੍ਰਗਟਾਈ। ਬਾਅਦ ਵਿੱਚ ਜਦੋਂ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਗਈ ਤਾਂ ਥਾਣਾ ਮੁਖੀ ਵਿਜੇ ਕੁਮਾਰ ਦਾ ਫ਼ੋਨ ਆਇਆ ਅਤੇ ਉਨ੍ਹਾਂ ਨੇ ਸ਼ੱਕੀ ਨੂੰ ਦੁਬਾਰਾ ਹਿਰਾਸਤ ਵਿੱਚ ਲੈਣ ਦੀ ਪੁਸ਼ਟੀ ਕੀਤੀ।
ਐਸ.ਐਸ.ਪੀ. ਤੋਂ ਨਿਰਪੱਖ ਜਾਂਚ ਦੀ ਮੰਗ
ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਤੋਂ ਨਾਰਾਜ਼ ਰਵੀ ਸ਼ਰਮਾ ਨੇ ਐਸ.ਐਸ.ਪੀ. ਪਠਾਨਕੋਟ ਤੋਂ ਮੰਗ ਕੀਤੀ ਹੈ ਕਿ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਜਾਂਚ ਦੌਰਾਨ ਹੋਰ ਲੋਕਾਂ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਵੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਸਮੂਹ ਸ਼ਿਵ ਸੈਨਿਕਾਂ ਅਤੇ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਤਿੱਖਾ ਅੰਦੋਲਨ ਛੇੜਨ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।
ਪੋਸਟਮਾਰਟਮ ਰਿਪੋਰਟ ਤੋਂ ਬਾਅਦ ਕੀਤੀ ਜਾਵੇਗੀ ਅਗਲੀ ਕਾਰਵਾਈ: ਪੁਲਿਸ
ਇਸ ਸਾਰੇ ਮਾਮਲੇ ਸਬੰਧੀ ਥਾਣਾ ਡਿਵੀਜ਼ਨ ਨੰਬਰ-2 ਦੇ ਮੁਖੀ ਸਬ-ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਫ਼ਿਲਹਾਲ ਪੁਲਿਸ ਨੇ ਸੀ.ਆਰ.ਪੀ.ਸੀ. ਦੀ ਧਾਰਾ 174 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਤਿੰਨ ਡਾਕਟਰਾਂ ਦੇ ਬੋਰਡ ਪਾਸੋਂ ਪੋਸਟਮਾਰਟਮ ਕਰਵਾਇਆ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਹੋ ਸਕੇਗਾ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ਤੇ ਹੀ ਬਣਦੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
