ਪਟਿਆਲਾ ‘ਚ ਪੀਲੀਏ ਦਾ ਕਹਿਰ, 16 ਸ਼ੱਕੀ ਮਰੀਜ਼ ਮਿਲੇ; 3 ਨੂੰ ਹੈਪੇਟਾਈਟਿਸ ਦੀ ਪੁਸ਼ਟੀ
ਪਟਿਆਲਾ ਸ਼ਹਿਰ ਦੇ ਸਰਹੰਦੀ ਗੇਟ ਨੇੜੇ ਸਥਿਤ ਡੋਗਰਾ ਮੁਹੱਲੇ ਵਿੱਚ ਪੀਲੀਆ ਫੈਲਣ ਦਾ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ, ਜਿਸ ਕਾਰਨ ਸਥਾਨਕ ਲੋਕਾਂ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਚਲਾਏ ਗਏ ਸਰਵੇਖਣ ਦੌਰਾਨ ਹੁਣ ਤੱਕ ਪੀਲੀਏ ਦੇ 16 ਸ਼ੱਕੀ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਤਿੰਨ ਮਰੀਜ਼ਾਂ ਵਿੱਚ ਹੈਪੇਟਾਈਟਿਸ ਦੇ ਇਨਫੈਕਸ਼ਨ ਦੀ ਪੁਸ਼ਟੀ ਹੋ ਚੁੱਕੀ ਹੈ।
ਪਟਿਆਲਾ ਸ਼ਹਿਰ ਦੇ ਸਰਹੰਦੀ ਗੇਟ ਨੇੜੇ ਸਥਿਤ ਡੋਗਰਾ ਮੁਹੱਲੇ ਵਿੱਚ ਪੀਲੀਆ ਫੈਲਣ ਦਾ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ, ਜਿਸ ਕਾਰਨ ਸਥਾਨਕ ਲੋਕਾਂ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਚਲਾਏ ਗਏ ਸਰਵੇਖਣ ਦੌਰਾਨ ਹੁਣ ਤੱਕ ਪੀਲੀਏ ਦੇ 16 ਸ਼ੱਕੀ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਤਿੰਨ ਮਰੀਜ਼ਾਂ ਵਿੱਚ ਹੈਪੇਟਾਈਟਿਸ ਦੇ ਇਨਫੈਕਸ਼ਨ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਬੀਮਾਰੀ ਦੀ ਲਪੇਟ ਵਿੱਚ ਆਏ ਪ੍ਰਭਾਵਿਤ ਲੋਕਾਂ ਦੀ ਉਮਰ 4 ਸਾਲ ਤੋਂ ਲੈ ਕੇ 48 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਲਾਕੇ ਵਿੱਚ ਦੂਸ਼ਿਤ ਪਾਣੀ ਦੀ ਸਪਲਾਈ ਹੋਣ ਕਾਰਨ ਇਹ ਸੰਕਰਮਣ ਫੈਲਿਆ ਹੈ।
ਤਿੰਨ ਮਰੀਜ਼ਾਂ ਵਿੱਚ ਹੈਪੇਟਾਈਟਿਸ ਦੀ ਪੁਸ਼ਟੀ, ਪੰਜ ਹਸਪਤਾਲ ਦਾਖ਼ਲ
ਕਾਰਜਕਾਰੀ ਸਿਵਲ ਸਰਜਨ ਡਾ. ਕੁਸ਼ਲਦੀਪ ਗਿੱਲ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਕੌਸ਼ਲਿਆ ਹਸਪਤਾਲ ਦੀ ਆਈਡੀਐਸਪੀ (IDSP) ਲੈਬ ਤੋਂ ਮਿਲੀ ਰਿਪੋਰਟ ਦੇ ਮੁਤਾਬਕ, ਡੋਗਰਾ ਮੁਹੱਲੇ ਦੇ ਦੋ ਮਰੀਜ਼ਾਂ ਵਿੱਚ ਹੈਪੇਟਾਈਟਿਸ-ਏ ਅਤੇ ਇੱਕ ਮਰੀਜ਼ ਵਿੱਚ ਹੈਪੇਟਾਈਟਿਸ-ਈ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੇ ਗਏ ਫੀਲਡ ਸਰਵੇ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਪੀਲੀਏ ਤੋਂ ਪੀੜਤ 5 ਮਰੀਜ਼ ਇਸ ਵੇਲੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਹਨ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਅਤੇ ਮੈਡੀਕਲ ਕੈਂਪ ਸ਼ੁਰੂ
ਇਲਾਕੇ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਿਆ ਹੈ ਅਤੇ ਪ੍ਰਭਾਵਿਤ ਖੇਤਰ ਵਿੱਚ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਵਿਭਾਗ ਵੱਲੋਂ ਇਲਾਕੇ ਦੇ ਪਾਣੀ ਦੇ 10 ਸੈਂਪਲ (ਨਮੂਨੇ) ਲਏ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਖਰੜ ਸਥਿਤ ਸਰਕਾਰੀ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ।
ਆਸ਼ਾ ਵਰਕਰਾਂ ਅਤੇ ਏਐਨਐਮ (ANM) ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਬੀਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਪ੍ਰਭਾਵਿਤ ਪਰਿਵਾਰਾਂ ਨੂੰ ਕਲੋਰੀਨ ਦੀਆਂ ਗੋਲੀਆਂ ਅਤੇ ਓਆਰਐਸ (ORS) ਦੇ ਪੈਕੇਟ ਵੰਡੇ ਜਾ ਰਹੇ ਹਨ। ਇਸ ਦੇ ਨਾਲ ਹੀ ਮੁਹੱਲੇ ਵਿੱਚ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਪੀਲੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਹੋਰ ਬੀਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਰਹੀ ਹੈ ਅਤੇ ਬਚਾਅ ਦੇ ਤਰੀਕੇ ਦੱਸੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦਿੱਤੇ ਜਾਂਚ ਦੇ ਹੁਕਮ
ਦੂਜੇ ਪਾਸੇ, ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਪੂਰੀ ਘਟਨਾ ਦੀ ਜਾਂਚ ਐਡੀਸ਼ਨਲ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਨਵਰੀਤ ਕੌਰ ਸੇਖੋਂ ਨੂੰ ਸੌਂਪ ਦਿੱਤੀ ਹੈ। ਡੀਸੀ ਨੇ ਹਦਾਇਤ ਕੀਤੀ ਹੈ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਜਲਦ ਤੋਂ ਜਲਦ ਰਿਪੋਰਟ ਪੇਸ਼ ਕੀਤੀ ਜਾਵੇ। ਇਸ ਦੇ ਨਾਲ ਹੀ ਨਗਰ ਨਿਗਮ ਨੂੰ ਤੁਰੰਤ ਪ੍ਰਭਾਵਿਤ ਇਲਾਕੇ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਸਖ਼ਤ ਆਦੇਸ਼ ਦਿੱਤੇ ਗਏ ਹਨ ਅਤੇ ਸਿਹਤ ਵਿਭਾਗ ਨੂੰ ਹਰ ਨਾਗਰਿਕ ਤੱਕ ਇਲਾਜ ਅਤੇ ਜਾਗਰੂਕਤਾ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।


