ਪੰਜਾਬ ਨੂੰ ਡਰੱਗ ਮੁਕਤ ਬਣਾਏਗੀ ‘ਆਪ’ ਸਰਕਾਰ, ਵਿਦਿਆਰਥੀਆਂ ਤੇ ਨੌਜਵਾਨਾਂ ਦੇ ਲਏ ਜਾਣਗੇ ਦੇ ਸੈਂਪਲ, ਪਟਿਆਲਾ ਤੋਂ ਸ਼ੁਰੂ ਹੋਵੇਗੀ ਯੋਜਨਾ

Updated On: 

26 Aug 2023 23:53 PM

ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਪਰਾਲੇ ਕਰ ਰਹੀ ਹੈ। ਇਸਦੇ ਤਹਿਤ ਨਸ਼ਾ ਤਸਕਰਾਂ ਦੇ ਖਿਲਾਫ ਵੀ ਸਖਤੀ ਕੀਤੀ ਜਾ ਰਹੀ ਹੈ ਪਰ ਹੁਣ ਇਸ ਸਬੰਧ ਵਿੱਚ ਪੰਜਾਬ ਸਰਕਾਰ ਨੇ ਇੱਕ ਨਵੀਂ ਯੋਜਨਾ ਬਣਾਈ ਹੈ। ਜਿਸਦੇ ਤਹਿਤ ਵਿਦਿਆਰਥੀਆਂ ਅਤੇ ਨੌਜਵਾਨ ਦੇ ਸੈਂਪਲ ਲਏ ਜਾਣਗੇ ਕਿ ਉਹ ਨਸ਼ੇ ਦੇ ਸ਼ਿਕਾਰ ਹਨ ਜਾਂ ਨਹੀਂ। ਇਸਦੀ ਜਾਣਕਾਰੀ ਸਿਹਤ ਮੰਤਰੀ ਨੇ ਦਿੱਤੀ।

ਪੰਜਾਬ ਨੂੰ ਡਰੱਗ ਮੁਕਤ ਬਣਾਏਗੀ ਆਪ ਸਰਕਾਰ, ਵਿਦਿਆਰਥੀਆਂ ਤੇ ਨੌਜਵਾਨਾਂ ਦੇ ਲਏ ਜਾਣਗੇ ਦੇ ਸੈਂਪਲ, ਪਟਿਆਲਾ ਤੋਂ ਸ਼ੁਰੂ ਹੋਵੇਗੀ ਯੋਜਨਾ
Follow Us On

ਪੰਜਾਬ ਨਿਊਜ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਇਰਾਦੇ ਨਾਲ ਹੁਣ ਨਵੀਂ ਪਹੁੰਚ ਨਾਲ ਕੰਮ ਕੀਤਾ ਜਾਵੇਗਾ। ਇਸ ਤਹਿਤ ਇਹ ਦੇਖਿਆ ਜਾਵੇਗਾ ਕਿ ਸੂਬੇ ‘ਚ ਕਿਹੜੇ-ਕਿਹੜੇ ਨਸ਼ੇ ਅਤੇ ਉਨ੍ਹਾਂ ਦੀ ਵਰਤੋਂ ਹੁੰਦੀ ਹੈ। ਇਸ ਦੇ ਲਈ ਸਕੂਲੀ ਵਿਦਿਆਰਥੀਆਂ, ਨੌਜਵਾਨਾਂ ਆਦਿ ਦਾ ਸੈਂਪਲ ਸਰਵੇ ਕੀਤਾ ਜਾਵੇਗਾ। ਇਸ ਸਕੀਮ ਦੀ ਸ਼ੁਰੂਆਤ ਸਿਹਤ ਮੰਤਰੀ (Minister of Health) ਡਾ: ਬਲਬੀਰ ਸਿੰਘ ਪਟਿਆਲਾ ਤੋਂ ਕਰਨ ਜਾ ਰਹੇ ਹਨ। ਮੰਤਰੀ ਡਾ: ਬਲਬੀਰ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਇਸ ਸਰਵੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਪਹਿਚਾਣ ਅਤੇ ਰਿਹਾਇਸ਼ ਨੂੰ ਗੁਪਤ ਰੱਖਿਆ ਜਾਵੇਗਾ।

ਕਿਉਂਕਿ ਇਸ ਸਕੀਮ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਹੈ। ਸਿਹਤ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਬਲਿਊ ਪ੍ਰਿੰਟ ਤਿਆਰ ਕਰ ਲਿਆ ਗਿਆ ਹੈ। ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮਨੋਰੋਗ ਵਿਭਾਗ ਦਾ ਦੌਰਾ ਕੀਤਾ।

‘ਨਸ਼ੇ ਦੇ ਖਿਲਾਫ ਚਲਾਈ ਮੁਹਿੰਮ ਨੂੰ ਸਫਲ ਬਣਾਇਆ ਜਾਵੇਗਾ’

ਇਸ ਦੌਰਾਨ ਉਨ੍ਹਾਂ ਵਿਭਾਗ ਦੇ ਮਾਡਲ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ ਮੈਡੀਕਲ ਸਿੱਖਿਆ ਅਤੇ ਸਿਹਤ ਵਿਭਾਗ ਵੱਲੋਂ ਸੂਬੇ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਬਹੁ-ਪੜਾਵੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬਹੁ-ਮੰਤਵੀ ਕਾਰਜ ਯੋਜਨਾ ਵੀ ਬਣਾਈ। ਉਨ੍ਹਾਂ ਕਿਹਾ ਕਿ ਰਾਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਛੁਡਾਊ ਕੇਂਦਰ (De-addiction center) ਨੂੰ ਵੀ ਸੈਂਟਰ ਆਫ਼ ਐਕਸੀਲੈਂਸ ਬਣਾ ਕੇ ਪੂਰੇ ਪੰਜਾਬ ਲਈ ਸਿਖਲਾਈ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚਿਆਂ ਲਈ ਵੱਖ-ਵੱਖ ਨਸ਼ਾ ਛੁਡਾਊ ਵਾਰਡ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਇਸ ਕੇਂਦਰ ਨੂੰ ਨਸ਼ਾ ਛੁਡਾਊ ਗਤੀਵਿਧੀਆਂ ਦਾ ਕੇਂਦਰ ਬਣਾਇਆ ਜਾਵੇਗਾ।

ਸਮਾਜ ਸੇਵੀ ਸੰਸਥਾਵਾਂ ਵੀ ਸਹਿਯੋਗ ਕਰਨਾ-ਮੰਤਰੀ

ਡਾ: ਬਲਬੀਰ ਸਿੰਘ ਨੇ ਆਮ ਜਨਤਾ, ਲੋਕ ਨੁਮਾਇੰਦਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾ ਕੇ ਨਸ਼ਾ ਮੁਕਤ ਤੇ ਤੰਦਰੁਸਤ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨਸ਼ਾ ਛੁਡਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਨਸ਼ੇੜੀਆਂ ਨੂੰ ਹਸਪਤਾਲਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਜਾਇਆ ਜਾ ਸਕੇ। ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਦ੍ਰਿੜ ਸੰਕਲਪ ਹੈ। ਇਸ ਦੇ ਨਾਲ ਹੀ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਲਈ ਨੌਕਰੀਆਂ ਦੇਣ ਸਮੇਤ ਉਨ੍ਹਾਂ ਨੂੰ ਹੁਨਰਮੰਦ ਬਣਾ ਕੇ ਸਵੈ-ਰੁਜ਼ਗਾਰ ਲਈ ਵੀ ਮਦਦ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁਹੱਲਾ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਨੂੰ ਵੀ ਵਿਸ਼ੇਸ਼ ਗ੍ਰਾਂਟਾਂ ਦਿੱਤੀਆਂ ਜਾਣਗੀਆਂ, ਜੋ ਨਸ਼ਾ ਛੁਡਾਉਣ ਲਈ ਸਰਕਾਰ ਦਾ ਸਹਿਯੋਗ ਕਰਨਗੀਆਂ।

ਨਸ਼ਾ ਛੱਡਣ ਲਈ ਦਾਖਲ ਨੌਜਵਾਨਾਂ ਨਾਲ ਮੁਲਾਕਾਤ ਕੀਤੀ

ਦੌਰੇ ਦੌਰਾਨ ਡਾ: ਬਲਬੀਰ ਸਿੰਘ ਨੇ ਮਾਡਲ ਨਸ਼ਾ ਛੁਡਾਊ ਕੇਂਦਰ ਵਿੱਚ ਨਸ਼ਾ ਛੱਡਣ ਲਈ ਦਾਖ਼ਲ ਨੌਜਵਾਨਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨਸ਼ਿਆਂ ਨੂੰ ਤਿਆਗ ਕੇ ਦੂਜਿਆਂ ਲਈ ਪ੍ਰੇਰਨਾ ਸਰੋਤ ਅਤੇ ਰੋਲ ਮਾਡਲ ਬਣਨ ਦਾ ਸੱਦਾ ਦਿੱਤਾ। ਇਸ ਮੌਕੇ ਮਨੋਰੋਗ ਵਿਭਾਗ ਦੇ ਚੇਅਰਮੈਨ ਡਾ: ਰਜਨੀਸ਼ ਕੁਮਾਰ ਨੇ ਪੇਸ਼ਕਾਰੀ ਦਿੱਤੀ ਅਤੇ ਨਸ਼ਾ ਛੁਡਾਊ ਬਾਰੇ ਜਾਣਕਾਰੀ ਸਾਂਝੀ ਕੀਤੀ |

ਏ.ਡੀ.ਸੀ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ

ਇਸ ਮੌਕੇ ਏ.ਡੀ.ਸੀ ਅਨੁਪ੍ਰੀਤਾ ਜੌਹਲ, ਡਾਇਰੈਕਟਰ ਪਿ੍ੰਸੀਪਲ ਡਾ: ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਐਚ.ਐਸ.ਰੇਖੀ, ਕਰਨਲ ਜੇ.ਵੀ.ਸਿੰਘ, ਬਲਵਿੰਦਰ ਸੈਣੀ, ਕੇਂਦਰੀ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਡਾ: ਸ਼ਸ਼ਾਂਕ ਕੁਮਾਰ, ਬ੍ਰਹਮਾਕੁਮਾਰੀ ਰਾਮਾ, ਸਿਵਲ ਸਰਜਨ ਡਾ: ਰਮਿੰਦਰ ਕੌਰ, ਤਹਿਸੀਲਦਾਰ ਡਿਪਟੀ ਮੈਡੀਕਲ ਅੰਕਿਤਾ, ਡਾ. ਸੁਪਰਡੈਂਟ ਡਾ: ਜਸਵਿੰਦਰ ਸਿੰਘ, ਸਾਕੇਤ ਹਸਪਤਾਲ ਦੀ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ |