ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਰਵਾਨਾ ਹੋਏ ਸ਼ਰਧਾਲੂ, ਸੀਐਮ ਨੇ ਦਿਖਾਈ ਝੰਡੀ
ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾ ਰਹੇ ਸ਼ਰਧਾਲੂਆਂ ਦੀ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਬਾਬਾ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ
ਜਲੰਧਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਉਤੇ ਚਲਦੇ ਹੋਏ ਸਮਾਜ ਦੇ ਕਮਜ਼ੋਰ ਤੇ ਪੱਛੜੇ ਵਰਗਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਅਹਿਦ ਲਿਆ।
ਸੀਐੱਮ ਨੇ ਰੇਲ ਗੱਡੀ ਨੂੰ ਦਿਖਾਈ ਹਰੀ ਝੰਡੀ –
ਅੱਜ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾ ਰਹੇ ਸ਼ਰਧਾਲੂਆਂ ਦੀ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਬਾਬਾ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ ਅਤੇ ਇਸ ਉਪਰੰਤ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਦੀ ਭਲਾਈ ਨੂੰ ਯਕੀਨੀ ਬਣਾਵੇ।
ਸੀਐੱਮ ਨੇ ਦਿੱਤਾ ਭਰੋਸਾ
ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਵੱਡੇ ਬਹੁਮਤ ਨਾਲ ਸੱਤਾ ਵਿਚ ਆਈ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ ਉਤੇ ਅਧਾਰਿਤ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਦੁੱਖ ਨਹੀਂ ਝੱਲਣਾ ਪੈਂਦਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।
‘ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਪ੍ਰਤੀ ਸੇਧ ਦਿੰਦੀਆਂ ਹਨ ਸਿੱਖਿਆਵਾਂ’
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਮਹਾਨ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਪ੍ਰਤੀ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਦੂਤ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਉਣ ਦਾ ਉਪਦੇਸ਼ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਕਰਨ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਅਤੇ ਗੌਰਵ ਨਾਲ ਜੀਵਨ ਬਤੀਤ ਕਰਦਾ ਹੈ।
ਡੇਰਾ ਬੱਲਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਕੀਤੀ ਸ਼ਲਾਘਾ –
ਮੁੱਖ ਮੰਤਰੀ ਨੇ ਡੇਰਾ ਬੱਲਾਂ ਵੱਲੋਂ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਭਲਾਈ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨਾਲ ਲੋਕਾਂ ਨੂੰ ਜੋੜਨ ਦੇ ਨਾਲ-ਨਾਲ ਡੇਰੇ ਨੇ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਡੇਰੇ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ
ਸਾਰੇ ਦਫਤਰਾਂ ਵਿੱਚ ਲਗਵਾਈ ਭਗਤ ਸਿੰਘ ਅਤੇ ਅੰਬੇਡਕਰ ਦੀਆਂ ਤਸਵੀਰਾਂ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸਿਰਫ਼ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਹੀ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਦੇਸ਼ ਨੂੰ ਵਿਦੇਸ਼ੀ ਹਕੂਮਤ ਤੋਂ ਆਜ਼ਾਦ ਕਰਵਾਉਣ ਵਾਲੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸਨਮਾਨ ਵਜੋਂ ਚੁੱਕਿਆ ਗਿਆ ਹੈ, ਜਿਨ੍ਹਾਂ ਨੇ ਸਾਰਿਆਂ ਲਈ ਬਰਾਬਰ ਹੱਕਾਂ ਦੀ ਰਾਖੀ ਲਈ ਸੰਵਿਧਾਨ ਤਿਆਰ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਦੋਵਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ।
‘ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਰਹੀ ਸਰਕਾਰ’
ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਮਰੱਥ ਤੇ ਕਾਬਲ ਬਣਨ ਦੇ ਮੌਕੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ‘ਸਕੂਲ ਆਫ ਐਮੀਨੈਂਸ’ ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਖੁਸ਼ਹਾਲ ਭਵਿੱਖ ਲਈ ਤਿਆਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਸ਼ੀਤਲ ਅੰਗੁਰਾਲ ਅਤੇ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਵੀ ਹਾਜ਼ਰ ਸਨ।