ਜਲੰਧਰ ਨਿਊਜ਼। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਚੋਣ ਪ੍ਰਚਾਰ ਦੇ ਦੌਰਾਨ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਬਾਅਦ ਵਿੱਚ ਹੁਣ ਬੀਜੀਪੀ ਨੇ
ਪੰਜਾਬ ਕਾਂਗਰਸ (Punjab Congress) ਨੂੰ ਵੱਡਾ ਝਟਕਾ ਦਿੱਤਾ ਹੈ।
ਪੰਜਾਬ ਭਾਜਪਾ ਨੇ ਪੰਜਾਬ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਪੀਕੇਐਸ ਭਾਰਦਵਾਜ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ ਹੈ। ਇਸ ਮੌਕੇ ਪੰਜਾਬ ਦੇ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੀ.ਕੇ.ਐੱਸ. ਭਾਰਦਵਾਜ ਨੂੰ ਪਾਰਟੀ ‘ਚ ਸ਼ਾਮਲ ਕੀਤਾ ਹੈ। ਪੰਜਾਬ ਬੀਜੀਪੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਵਿੱਚ ਪੀਕੇਐਸ ਭਾਰਦਵਾਜ ਹੋਰਾਂ ਦਾ ਸਵਾਗਤ ਹੈ।
ਬੀਜੇਪੀ ਵਿੱਚ ਸ਼ਾਮਲ ਹੋਏ ਪੀਕੇਐਸ ਭਾਰਦਵਾਜ
ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਕਿਹਾ ਕਿ ਲੋਕਾਂ ਦੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਰਫ਼ਤਾਰ ਨੇ ਭਾਜਪਾ ਦੇ ਹੱਕ ਵਿੱਚ ਤਬਦੀਲੀ ਦਾ ਸਪੱਸ਼ਟ ਸੰਕੇਤ ਦਿੱਤਾ ਹੈ। ਪੀਕੇਐਸ ਭਾਰਦਵਾਜ ਨੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਨ।
ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਵਿੱਚ ਅਰਾਜਕਤਾ ਅਤੇ ਅਸ਼ਾਂਤੀ ਪੂਰੇ ਜ਼ੋਰਾਂ ‘ਤੇ ਚੱਲ ਰਹੀ ਹੈ ਅਤੇ ਅੱਜ ਹਰ ਪੰਜਾਬੀ ਆਪਣੀ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਥਿਤੀ ਮਜ਼ਬੂਤ ਹੋਣ ਦੇ ਨਾਲ ਹੀ
ਪੰਜਾਬ ਸਰਕਾਰ (Punjab Government) ਦੀਆਂ ਨੀਤੀਆਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਵਾਰ ਜਲੰਧਰ ਲੋਕ ਸਭਾ ਉਪ ਚੋਣ ਜਿੱਤ ਕੇ ਵਿਰੋਧੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ