ਪੰਜਾਬ ਦੇ ਇਸ ਸ਼ਹਿਰ ‘ਚ ਲੱਗੇਗਾ ਸੈਮੀਕੰਡਕਟਰ ਪਲਾਂਟ, ਮੋਦੀ ਸਰਕਾਰ ਦਾ ਵੱਡਾ ਫੈਸਲਾ

Updated On: 

12 Aug 2025 17:17 PM IST

Mohali Semiconductor Plant: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਹੀਨੇ ਚੰਡੀਗੜ੍ਹ ਵਿੱਚ ਸੈਮੀਕੰਡਕਟਰ ਉਦਯੋਗ ਦੇ ਮੁੱਖ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ, ਸੂਬੇ ਨੂੰ ਦੇਸ਼ ਦਾ ਮੋਹਰੀ ਸੈਮੀਕੰਡਕਟਰ ਹੱਬ ਬਣਾਉਣ ਲਈ ਇੱਕ ਰਣਨੀਤੀ ਬਣਾਈ ਗਈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਪੰਜਾਬ ਵਿੱਚ ਇੱਕ ਮਜ਼ਬੂਤ ਸੈਮੀਕੰਡਕਟਰ ਈਕੋਸਿਸਟਮ ਵਿਕਸਤ ਕਰਨ ਲਈ ਹਰ ਸੰਭਵ ਯਤਨ ਕਰੇਗੀ।

ਪੰਜਾਬ ਦੇ ਇਸ ਸ਼ਹਿਰ ਚ ਲੱਗੇਗਾ ਸੈਮੀਕੰਡਕਟਰ ਪਲਾਂਟ, ਮੋਦੀ ਸਰਕਾਰ ਦਾ ਵੱਡਾ ਫੈਸਲਾ

PM ਮੋਦੀ

Follow Us On

ਪੰਜਾਬ ਵਿੱਚ ਇੱਕ ਸੈਮੀਕੰਡਕਟਰ ਪਲਾਂਟ ਲਗਾਇਆ ਜਾਵੇਗਾ। ਇਸਨੂੰ ਕੇਂਦਰ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਤੋਂ ਬਾਅਦ, ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਦੇਸ਼ ਵਿੱਚ ਕੁੱਲ ਚਾਰ ਪਲਾਂਟ ਲਗਾਏ ਜਾਣਗੇ।

ਇਸਦੀ ਲਾਗਤ 4,594 ਕਰੋੜ ਰੁਪਏ ਹੋਵੇਗੀ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਪੰਜਾਬ ਸਰਕਾਰ ਪਹਿਲਾਂ ਹੀ ਇਸ ਪ੍ਰੋਜੈਕਟ ‘ਤੇ ਕੰਮ ਕਰ ਰਹੀ ਹੈ।

ਸੈਮੀਕੰਡਕਟਰ ਪਾਰਕ ਬਣਾਉਣ ਦੀਆਂ ਤਿਆਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਹੀਨੇ ਚੰਡੀਗੜ੍ਹ ਵਿੱਚ ਸੈਮੀਕੰਡਕਟਰ ਉਦਯੋਗ ਦੇ ਮੁੱਖ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਸੀ। ਇਸ ਦੌਰਾਨ, ਸੂਬੇ ਨੂੰ ਦੇਸ਼ ਦਾ ਮੋਹਰੀ ਸੈਮੀਕੰਡਕਟਰ ਹੱਬ ਬਣਾਉਣ ਲਈ ਇੱਕ ਰਣਨੀਤੀ ਬਣਾਈ ਗਈ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਪੰਜਾਬ ਵਿੱਚ ਇੱਕ ਮਜ਼ਬੂਤ ਸੈਮੀਕੰਡਕਟਰ ਈਕੋਸਿਸਟਮ ਵਿਕਸਤ ਕਰਨ ਲਈ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਕਿਹਾਸੀ ਕਿ ਸੈਮੀਕੰਡਕਟਰ ਚਿਪਸ ਅੱਜ ਹਰ ਆਧੁਨਿਕ ਤਕਨਾਲੋਜੀ ਦੀ ਮੁੱਢਲੀ ਨੀਂਹ ਬਣ ਗਏ ਹਨ ਅਤੇ ਇਹ ਬੁਨਿਆਦੀ ਯੰਤਰਾਂ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਤੱਕ ਹਰ ਚੀਜ਼ ਨੂੰ ਸ਼ਕਤੀ ਪ੍ਰਦਾਨ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਉਦਯੋਗ ਇਸ ਸਮੇਂ ਦੇਸ਼ ਦੀ ਆਰਥਿਕਤਾ ਵਿੱਚ 20 ਤੋਂ 23% ਦੀ ਸਾਲਾਨਾ ਦਰ ਨਾਲ ਯੋਗਦਾਨ ਪਾ ਰਿਹਾ ਹੈ। ਪੰਜਾਬ ਸਰਕਾਰ ਮੋਹਾਲੀ ਵਿੱਚ ਇੱਕ ਸੈਮੀਕੰਡਕਟਰ ਪਾਰਕ ਬਣਾਉਣ ਦੀ ਤਿਆਰੀ ਕਰ ਰਹੀ ਹੈ।

ਕੇਂਦਰ ਸਰਕਾਰ ਦਾ ਵੱਡਾ ਕਦਮ

ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਨ੍ਹਾਂ ਯੋਜਨਾਵਾਂ ਵਿੱਚ ਕੁੱਲ 4,594 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ ਛੇ ਸੈਮੀਕੰਡਕਟਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਸੀ ਅਤੇ ਹੁਣ ਚਾਰ ਹੋਰ ਜੋੜਨ ਨਾਲ ਇਹ ਗਿਣਤੀ 10 ਹੋ ਗਈ ਹੈ। ਭਾਰਤ ਨੂੰ ਚਿੱਪ ਨਿਰਮਾਣ ਵਿੱਚ ਸਵੈ-ਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਇਸ ਕਦਮ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਡਿਜੀਟਲ ਇੰਡੀਆ ਦੇ ਵਿਜ਼ਨ ਨੂੰ ਮਿਲੇਗੀ ਮਜ਼ਬੂਤੀ

ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਸੈਮੀਕੰਡਕਟਰ ਸੈਕਟਰ ਵਿੱਚ ਇਹ ਨਿਵੇਸ਼ ਨਾ ਸਿਰਫ਼ ਤਕਨੀਕੀ ਸਮਰੱਥਾ ਵਧਾਏਗਾ ਬਲਕਿ ਡਿਜੀਟਲ ਇੰਡੀਆ ਦੇ ਵਿਜ਼ਨ ਨੂੰ ਵੀ ਮਜ਼ਬੂਤ ਕਰੇਗਾ। ਇਨ੍ਹਾਂ ਪ੍ਰੋਜੈਕਟਾਂ ਤਹਿਤ ਆਧੁਨਿਕ ਉਤਪਾਦਨ ਯੂਨਿਟ ਸਥਾਪਤ ਕੀਤੇ ਜਾਣਗੇ, ਜਿਸ ਨਾਲ ਇਲੈਕਟ੍ਰਾਨਿਕਸ, ਆਟੋਮੋਬਾਈਲ ਅਤੇ ਰੱਖਿਆ ਵਰਗੇ ਖੇਤਰਾਂ ਵਿੱਚ ਦੇਸ਼ ਦੀ ਵਿਦੇਸ਼ੀ ਦੇਸ਼ਾਂ ‘ਤੇ ਨਿਰਭਰਤਾ ਘਟੇਗੀ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਇਹ ਪ੍ਰੋਜੈਕਟ ਸਥਾਨਕ ਤੌਰ ‘ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਗੇ ਅਤੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨਗੇ।

ਸੂਬਿਆਂ ਨੂੰ ਮਿਲਣਗੇ ਉਦਯੋਗਿਕ ਫਾਇਦੇ

ਓਡੀਸ਼ਾ, ਪੰਜਾਬ ਅਤੇ ਆਂਧਰਾ ਪ੍ਰਦੇਸ਼ ਵਿੱਚ ਲੱਗਣ ਵਾਲੇ ਇਹ ਸੈਮੀਕੰਡਕਟਰ ਪਲਾਂਟ ਨਾ ਸਿਰਫ਼ ਸਥਾਨਕ ਉਦਯੋਗਾਂ ਨੂੰ ਨਵੀਂ ਦਿਸ਼ਾ ਦੇਣਗੇ, ਸਗੋਂ ਤਕਨੀਕੀ ਸਪਲਾਈ ਚੇਨ ਨੂੰ ਵੀ ਮਜ਼ਬੂਤ ਕਰਨਗੇ। ਇਸ ਨਾਲ ਇਨ੍ਹਾਂ ਸੂਬਿਆਂ ਵਿੱਚ ਉਦਯੋਗਾਂ ਦਾ ਵਿਸਥਾਰ ਹੋਵੇਗਾ ਅਤੇ ਅਰਥਵਿਵਸਥਾ ਨੂੰ ਸਿੱਧਾ ਲਾਭ ਹੋਵੇਗਾ। 4,594 ਕਰੋੜ ਰੁਪਏ ਦਾ ਇਹ ਨਿਵੇਸ਼ ਖੇਤਰੀ ਵਿਕਾਸ ਅਤੇ ਰੁਜ਼ਗਾਰ ਪੈਦਾ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗਾ। ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹੇ ਪ੍ਰੋਜੈਕਟ ਭਾਰਤ ਨੂੰ ਵਿਸ਼ਵ ਤਕਨੀਕੀ ਨਕਸ਼ੇ ‘ਤੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸਥਾਪਤ ਕਰਨ ਵਿੱਚ ਮਦਦ ਕਰਨਗੇ।