ਲੁਧਿਆਣਾ ਗੈਸ ਲੀਕ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਪੀੜਤਾਂ ਲਈ ਮੁਆਵਜੇ ਦੈ ਐਲਾਨ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਮੋਦੀ ਵੱਲੋਂ ਵੀ ਮਦਦ ਰਾਸ਼ੀ ਐਲਾਨੀ ਗਈ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਕੀਤੇ ਗਏ ਟਵੀਟ ਵਿੱਚ ਇਸ ਦੁਖਦ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁਆਵਜੇ ਦਾ ਐਲਾਨ ਵੀ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਕੀਤੇ ਟਵੀਟ ਮੁਤਾਬਕ, ਗੈਸ ਹਾਦਸੇ ਦੇ ਮ੍ਰਿਤਕ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿੱਚੋਂ 2-2 ਲੱਖ ਰੁਪਏ, ਜਦਕਿ ਬੀਮਾਰਾਂ ਨੂੰ 50-50 ਹਜਾਰ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।
ਸੂਬਾ ਸਰਕਾਰ ਨੇ ਵੀ ਕੀਤਾ ਹੈ ਮਦਦ ਦਾ ਐਲਾਨ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਵੀ ਮ੍ਰਿਤਕ ਪਰਿਵਾਰਾਂ ਅਤੇ ਬੀਮਾਰਾਂ ਲਈ ਮੁਆਵਜੇ ਦਾ ਐਲਾਨ ਕੀਤਾ ਗਿਆ ਸੀ, ਜਿਸ ਮੁਤਾਬਕ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਬੀਮਾਰਾਂ ਨੂੰ 50-50 ਹਜਾਰ ਦੀ ਮਦਦ ਰਾਸ਼ੀ ਦਿੱਤੀ ਜਾਵੇਗੀ। ਉੱਧਰ, ਪੂਰੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਨਾਲ ਹੀ ਹਾਦਸੇ ਦੇ ਨੇੜਿਓਂ ਵੱਖ-ਵੱਖ ਥਾਵਾਂ ਤੋਂ ਸੈਂਪਲ ਲਏ ਗਏ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਸਿਹਤ ਮੰਤਰੀ ਨੇ ਬੀਮਾਰਾਂ ਦੀ ਸਿਹਤ ਦੀ ਦਿੱਤੀ ਜਾਣਕਾਰੀ
ਉੱਧਰ, ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ (Health Minister Balbir Singh) ਨੇ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਲੋਕਾਂ ਦੀ ਸਿਹਤ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਾਰਿਆਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ। ਉਨ੍ਹਾਂ ਦੱਸਿਆ ਕਿ ਸਾਰੇ ਬੀਮਾਰਾਂ ਦਾ ਇਲਾਜ ਮੁਫਤ ਹੋ ਰਿਹਾ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ