ਪ੍ਰੇਮ ਸਿੰਘ ਚੰਦੂਮਾਜਰਾ ਪਰਿਵਾਰ ਸਣੇ ਅਕਾਲੀ ਦਲ ‘ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਨਿੱਘਾ ਸਵਾਗਤ
ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪੁੱਤਰ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਣੇ ਵੱਡੀ ਗਿਣਤੀ ਵਿੱਚ ਸਾਥੀਆਂ ਅਤੇ ਸਮਰਥਕਾਂ ਨਾਲ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਨਿੱਘਾ ਸਵਾਗਤ ਕੀਤਾ ਗਿਆ।
ਪ੍ਰੇਮ ਸਿੰਘ ਚੰਦੂਮਾਜਰਾ ਪਰਿਵਾਰ ਸਣੇ ਅਕਾਲੀ ਦਲ 'ਚ ਹੋਏ ਸ਼ਾਮਲ
ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪੁੱਤਰ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਣੇ ਵੱਡੀ ਗਿਣਤੀ ਵਿੱਚ ਸਾਥੀਆਂ ਅਤੇ ਸਮਰਥਕਾਂ ਨਾਲ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਚੰਦੂਮਾਜਰਾ ਪਰਿਵਾਰ ਦੀ ਪਾਰਟੀ ਵਿੱਚ ਵਾਪਸੀ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਪਟਿਆਲਾ ਪਹੁੰਚੇ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਪਰਿਵਾਰ ਆਪਣੇ ਪੁਰਾਣੇ ਘਰ ਵਾਪਸ ਆ ਗਿਆ ਹੈ। ਜਿਸ ਨਾਲ ਪਾਰਟੀ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਹੋਵੇਗੀ।
ਅਕਾਲੀ ਦਲ ਦੀ ਟਿਕਟ ‘ਤੇ ਲੜਨਗੇ ਚੋਣ
ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਪਤਾ ਸੀ ਕਿ ਚੰਦੂਮਾਜਰਾ ਪਰਿਵਾਰ ਅਕਾਲੀ ਦਲ ਦੀ ਟਿਕਟ ‘ਤੇ ਹੀ ਚੋਣ ਲੜੇਗਾ। ਇਸੇ ਕਾਰਨ ਪਾਰਟੀ ਵੱਲੋਂ ਹੁਣ ਤੱਕ ਵਿਧਾਨ ਸਭਾ ਹਲਕਾ ਸਨੌਰ ਦਾ ਕੋਈ ਨਵਾਂ ਇੰਚਾਰਜ ਨਿਯੁਕਤ ਨਹੀਂ ਕੀਤਾ ਗਿਆ ਸੀ। ਅਕਾਲੀ ਦਲ ਦੀ ਮੁੜ ਮਜ਼ਬੂਤੀ ‘ਤੇ ਜ਼ੋਰ ਦਿੰਦਿਆਂ ਸੁਖਬੀਰ ਬਾਦਲ ਨੇ ਵਿਰੋਧੀਆਂ ‘ਤੇ ਵੀ ਨਿਸ਼ਾਨਾ ਸਾਧਿਆ।
ਇਲਾਕੇ ਦੇ ਵਿਕਾਸ ਲਈ ਵਚਨਬੱਧ ਹਨ ਚੰਦੂਮਾਜਰਾ
ਉਨ੍ਹਾਂ ਨੇ ਕਿਹਾ ਕਿ ਚੰਦੂਮਾਜਰਾ ਪਰਿਵਾਰ ਦੀ ਪਾਰਟੀ ਵਿੱਚ ਮੁੜ ਵਾਪਸੀ ਨਾਲ ‘ਚੁੱਲ੍ਹਾ ਦਲ’ ਦਾ ਪੂਰੀ ਤਰ੍ਹਾਂ ਖਾਤਮਾ ਹੋ ਗਿਆ ਹੈ। ਉਨ੍ਹਾਂ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਲਗਾਤਾਰ ਆਪਣੇ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੁੰਦੇ ਹਨ ਅਤੇ ਇਲਾਕੇ ਦੇ ਵਿਕਾਸ ਲਈ ਵਚਨਬੱਧ ਰਹੇ ਹਨ।
ਸੁਖਬੀਰ ਸਿੰਘ ਬਾਦਲ ਨੇ ਭਰੋਸਾ ਜਤਾਇਆ ਕਿ ਪਾਰਟੀ ਦਾ ਕੇਡਰ ਪੂਰੀ ਤਰ੍ਹਾਂ ਇਕਜੁੱਟ ਹੋ ਚੁੱਕਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਦਰਜ ਕਰਕੇ ਸਾਰੀਆਂ ਸੀਟਾਂ ‘ਤੇ ਆਪਣਾ ਪਰਚਮ ਲਹਿਰਾਏਗਾ।
