ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਤੇਜ਼, 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੇ ਵਿਸ਼ਾਲ ਸਮਾਗਮ
ਸਮਾਗਮਾਂ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਨਾਰ-ਏ-ਬੇਗਮਪੁਰਾ ਵਿਖੇ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ 'ਚ ਸੰਗਤ ਦੀ ਆਮਦ ਨੂੰ ਧਿਆਨ 'ਚ ਰੱਖਦਿਆਂ ਵੱਖ-ਵੱਖ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਵਾਰਾਣਸੀ, ਜੰਮੂ, ਬਠਿੰਡਾ ਤੇ ਫਰੀਦਕੋਟ ਤੋਂ ਚਾਰ ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ, ਜੋ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣਗੀਆਂ।
ਸਮਾਗਮਾਂ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਨਾਰ-ਏ-ਬੇਗਮਪੁਰਾ ਵਿਖੇ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ‘ਚ ਸੰਗਤ ਦੀ ਆਮਦ ਨੂੰ ਧਿਆਨ ‘ਚ ਰੱਖਦਿਆਂ ਵੱਖ-ਵੱਖ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮਾਂ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਦੀ ਮੌਜੂਦਗੀ ‘ਚ ਮਾਰਕਫੈੱਡ ਦੇ ਐਮ.ਡੀ. ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੰਗਤ ਦੀ ਸਹੂਲਤ ਲਈ ਆਵਾਜਾਈ, ਰਿਹਾਇਸ਼ ਤੇ ਲੰਗਰ ਦੇ ਸੁਚੱਜੇ ਪ੍ਰਬੰਧ ਕਰਨ ‘ਤੇ ਜ਼ੋਰ ਦਿੱਤਾ ਗਿਆ।
4 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਿਰਕਤ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 3 ਦਸੰਬਰ ਨੂੰ ਚਾਰੋਂ ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣਗੀਆਂ। ਇਸ ਤੋਂ ਬਾਅਦ 4 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼ਿਰਕਤ ਕਰਨਗੀਆਂ।
ਇਸ ਉਪਰੰਤ ਮੁੱਖ ਮੰਤਰੀ ਵੱਲੋਂ ਮੀਨਾਰ-ਏ-ਬੇਗਮਪੁਰਾ ਕੰਪਲੈਕਸ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਸਬੰਧਤ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ। 4 ਦਸੰਬਰ ਨੂੰ ਬਾਅਦ ਦੁਪਹਿਰ ਸੰਤ ਸੰਮੇਲਨ ਤੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਸ਼ਾਮ 7 ਵਜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਤੇ ਫਲਸਫੇ ‘ਤੇ ਆਧਾਰਿਤ ਥ੍ਰੀ-ਡੀ ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਖਿੱਚ ਦਾ ਕੇਂਦਰ ਹੋਵੇਗਾ।
ਇਹ ਵੀ ਪੜ੍ਹੋ
5 ਦਸੰਬਰ ਨੂੰ ਨਗਰ ਕੀਰਤਨ, 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਦਸੰਬਰ ਨੂੰ ਚਰਨ ਛੋਹ ਗੰਗਾ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਬਾਅਦ ਕੀਰਤਨ ਦਰਬਾਰ ਤੇ ਥ੍ਰੀ-ਡੀ ਪ੍ਰੋਜੈਕਸ਼ਨ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਮੁੱਖ ਮੰਤਰੀ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਮਾਗਮ ਵਾਲੀ ਥਾਂ ‘ਤੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ।
ਸੰਗਤ ਲਈ ਟੈਂਟ ਸਿਟੀ, ਲੰਗਰ ਤੇ ਆਵਾਜਾਈ ਦੇ ਹੋਣਗੇ ਵਿਸ਼ੇਸ਼ ਪ੍ਰਬੰਧ
ਸੰਗਤ ਦੀ ਵੱਡੀ ਆਮਦ ਨੂੰ ਦੇਖਦਿਆਂ ਟੈਂਟ ਸਿਟੀ ਵਿੱਚ ਸ਼ਰਧਾਲੂਆਂ ਦੇ ਠਹਿਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਜੀਤ, ਐਸ.ਡੀ.ਐਮ. ਗੜ੍ਹਸ਼ੰਕਰ ਸੰਜੀਵ ਕੁਮਾਰ, ਆਰ.ਟੀ.ਓ. ਅਮਨਦੀਪ ਕੌਰ, ਸਹਾਇਕ ਕਮਿਸ਼ਨਰ ਗੁਰਕੰਵਲ ਸਿੰਘ, ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।


