Good News: ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ, ਡੀਸੀ ਦਫ਼ਤਰ ਮੁਲਾਜ਼ਮਾਂ ਦੀ ਹੜ੍ਹਤਾਲ ਖ਼ਤਮ
ਪੰਜਾਬ ਦੇ 52 ਸਰਕਾਰੀ ਵਿਭਾਗਾਂ ਦੇ 50 ਹਜ਼ਾਰ ਤੋਂ ਵੱਧ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਕੇਂਦਰ ਸਰਕਾਰ ਦੇ ਫਾਰਮੂਲੇ ਅਨੁਸਾਰ ਡੀਏ ਬਣਾਉਣ ਦੀ ਮੰਗ ਕਰ ਰਹੇ ਸਨ। ਹੜਤਾਲ ਕਾਰਨ ਨਾ ਸਿਰਫ਼ ਕੰਮਕਾਜ ਪ੍ਰਭਾਵਿਤ ਹੋਇਆ ਹੈ, ਸਗੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਮਿਲਣ ਵਿੱਚ ਵੀ ਦੇਰੀ ਹੋਈ ਹੈ।
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀਐੱਸਐੱਮਐੱਸਯੂ) ਵੱਲੋਂ 8 ਨਵੰਬਰ ਤੋਂ ਜਾਰੀ ਸਾਰੇ ਡੀਸੀ ਦਫ਼ਤਰਾਂ ਦੀ ਕਲਮਛੋੜ ਹੜਤਾਲ ਅੱਜ ਸਮਾਪਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਇਨ੍ਹਾਂ ਨੂੰ ਗੱਲਬਾਤ ਲਈ ਬੁਲਾਏ ਜਾਣ ਤੋਂ ਬਾਅਦ ਇਨ੍ਹਾਂ ਨੇ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਪੰਜਾਬ 52 ਸਰਕਾਰੀ ਵਿਭਾਗਾਂ ਦੇ 50 ਹਜ਼ਾਰ ਤੋਂ ਵੱਧ ਮੁਲਾਜ਼ਮ ਕਲਮਛੋੜ ਹੜ੍ਹਤਾਲ ਤੇ ਸਨ। ਇਨ੍ਹਾਂ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਸਨ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਕੇਂਦਰ ਸਰਕਾਰ ਦੇ ਫਾਰਮੂਲੇ ਅਨੁਸਾਰ ਡੀਏ ਬਣਾਉਣ ਨੂੰ ਲੈ ਕੇ ਸਨ।
ਪੀਐਸਐਮਐਸਯੂ ਦੇ ਪ੍ਰਧਾਨ ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ 18 ਦਸੰਬਰ ਨੂੰ ਯੂਨੀਅਨ ਦੇ ਵਫ਼ਦ ਨੂੰ ਉਨ੍ਹਾਂ ਦੀਆਂ ਮੰਗਾਂ ਤੇ ਵਿਚਾਰ ਕਰਨ ਲਈ ਸ਼ੁੱਕਰਵਾਰ ਨੂੰ ਚੰਡੀਗੜ੍ਹ (Chandigarh) ਬੁਲਾਇਆ ਗਿਆ ਸੀ। ਇਸ ਦੌਰਾਨ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਨ ਟੂ ਵਨ ਮੀਟਿੰਗ ਦਾ ਸਮਾਂ ਵੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਯੂਨੀਅਨ ਨੂੰ ਹੜ੍ਹਤਾਲ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ। ਸੰਧੂ ਨੇ ਦੱਸਿਆ ਕਿ ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਅਧਿਕਾਰੀਆਂ ਦੀ ਅਪੀਲ ਨੂੰ ਮੰਨਦਿਆਂ ਕੁਝ ਸਮੇਂ ਲਈ ਹੜਤਾਲ ਮੁਲਤਵੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12.30 ਵਜੇ ਪੰਜਾਬ ਭਵਨ ਵਿਖੇ PSMSU ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ।
ਇਹ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਬਹਾਲ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਕੇਂਦਰ ਸਰਕਾਰ ਦੇ ਫਾਰਮੂਲੇ ਅਨੁਸਾਰ ਡੀਏ ਬਣਾਉਣ ਦੀ ਮੰਗ ਕਰ ਰਹੇ ਹਨ। ਕਰੀਬ ਡੇਢ ਮਹੀਨੇ ਤੋਂ ਇਸ ਹੜ੍ਹਤਾਲ ‘ਚ 52 ਸਰਕਾਰੀ ਵਿਭਾਗਾਂ ਦੇ 50 ਹਜ਼ਾਰ ਤੋਂ ਵੱਧ ਮੁਲਾਜ਼ਮ ਸ਼ਾਮਲ ਸਨ ਜਿਸ ਕਾਰਨ ਪੂਰੇ ਪੰਜਾਬ ਚ ਇਸ ਦਾ ਅਸਰ ਵੇਖਣ ਨੂੰ ਮਿਲ ਰਿਹਾ ਸੀ। ਮੁਲਾਜ਼ਮਾਂ ਦੇ ਹੜ੍ਹਤਾਲ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
ਕੈਬਨਿਟ ਸਬ-ਕਮੇਟੀ ਵੀ ਹੋਈ ਸੀ ਮੀਟਿੰਗ
ਇਸ ਤੋਂ ਪਹਿਲਾਂ 4 ਦਸੰਬਰ ਨੂੰ ਹੜ੍ਹਤਾਲ ਖਤਮ ਕਰਵਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਨੇ ਇਨ੍ਹਾਂ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਸੀ। ਇਹ ਮੀਟਿੰਗ ਚੰਡੀਗੜ੍ਹ ਕੀਤੀ ਗਈ ਸੀ। ਪਰ ਪੀਐੱਸਐਮਐੱਸਯੂ ਦੇ ਨੁਮਾਇੰਦਿਆਂ ਨੇ ਕਮੇਟੀ ਵਲੋਂ ਦਿੱਤੇ ਮਹਿਜ਼ ਭਰੋਸੇ ਦਾ ਵਿਰੋਧ ਕੀਤਾ ਸੀ ਅਤੇ ਮੀਟਿੰਗ ਨੂੰ ਵਿਚਾਲੇ ਛੱਡ ਦਿੱਤਾ ਸੀ। ਜਿਸ ਤੋਂ ਬਾਅਦ ਯੂਨੀਅਨ ਵੱਲੋਂ ਹੜ੍ਹਤਾਲ ਨੂੰ ਜਾਰੀ ਰੱਖਿਆ ਗਿਆ ਸੀ।