AAP ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ ਹੋਵੇਗੀ ਜਾਰੀ, CM ਮਾਨ ਨੇ ਕੀਤਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ 2027 ਚੋਣਾਂ ਦੇ ਲਈ ਭਲਕੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ। ਮਿਲੀ ਜਾਣਕਾਰੀ ਮੁਤਾਬਕ ਇਸ ਸੂਚੀ ਵਿੱਚ 15 ਤੋਂ 20 ਨਾਮ ਹੋ ਸਕਦੇ ਹਨ।
ਪੰਜਾਬ 2027 ਚੋਣਾਂ ਦੇ ਲਈ ਆਮ ਆਦਮੀ ਪਾਰਟੀ ਭਲਕੇ ਦੁਪਹਿਰ 12 ਵਜੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪੱਤਰਕਾਰਾਂ ਨੂੰ ਇਸ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕਰਨ ਲਈ ਦਿੱਲੀ ਵਿੱਚ ਇੱਕ ਮੀਟਿੰਗ ਰੱਖੀ ਗਈ ਸੀ। ਜਿਸ ਵਿੱਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਸ਼ਾਮਲ ਹੋਏ। ਕੱਲ੍ਹ ਦਿੱਲੀ ਵਿੱਚ ਇੱਕ ਹੋਰ ਮੀਟਿੰਗ ਹੋਵੇਗੀ। ਜਿਸ ਤੋਂ ਬਾਅਦ ਸੂਚੀ ਜਨਤਕ ਕੀਤੀ ਜਾਵੇਗੀ।
ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ, ਭਾਵ ਸੱਤਾ ਵਿੱਚ ਰਹਿੰਦੇ ਹੋਏ, ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਚਾਹੁੰਦੀ ਹੈ ਤਾਂ ਜੋ ਚੋਣਾਂ ਦਾ ਐਲਾਨ ਹੋਣ ਤੱਕ ਉਹ ਆਪਣੇ ਹਲਕਿਆਂ ਵਿੱਚ ਕੰਮ ਕਰ ਸਕਣ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਆਪਣੇ ਉਮੀਦਵਾਰਾਂ ਨੂੰ ਜ਼ਮੀਨੀ ਪੱਧਰ ‘ਤੇ ਕੰਮ ਕਰਨ ਲਈ ਕਾਫ਼ੀ ਸਮਾਂ ਦੇਣਾ ਚਾਹੁੰਦੀ ਹੈ। ਭਰਸੋ ਮੰਦ ਸੂਤਰਾਂ ਮੁਤਾਬਕ, ਆਮ ਆਦਮੀ ਪਾਰਟੀ ਦੇ 2 ਵਾਰ ਦੇ ਵਿਧਾਇਕ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ, ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਬੁਢਲਾਡਾ ਤੋਂ ਵਿਧਾਇਕ ਪ੍ਰਿਸੰਪੀਲ ਬੁੱਧ ਰਾਮ, ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਟਿਕਟ ਮਿਲ ਸਕਦੀ ਹੈ।
ਪਹਿਲੀ ਲਿਸਟ ਵਿੱਚ ਆ ਸਕਦੇ ਹਨ ਇਹ ਨਾਮ
ਆਮ ਆਦਮੀ ਪਾਰਟੀ ਵੱਲੋਂ ਕਿੰਨੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਹਾਲਾਂਕਿ, ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੌਜੂਦਾ ਵਿਧਾਇਕਾਂ ਜਾਂ ਹਲਕਾ ਇੰਚਾਰਜਾਂ ਦੇ ਨਾਮ ਪਹਿਲੀ ਸੂਚੀ ਵਿੱਚ ਆ ਸਕਦੇ ਹਨ ਜਿਨ੍ਹਾਂ ਨੂੰ ਕੋਈ ਵਿਰੋਧ ਨਹੀਂ ਹੈ।
ਇਹ ਵੀ ਪੜ੍ਹੋ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਪਹਿਲੀ ਸੂਚੀ ਵਿੱਚ ਲਗਭਗ 20 ਨਾਮ ਹੋ ਸਕਦੇ ਹਨ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 30 ਤੋਂ 40 ਵਿਧਾਇਕਾਂ ਦੀਆਂ ਟਿਕਟਾਂ ਰੱਦ ਹੋ ਸਕਦੀਆਂ ਹਨ। ਅੰਤਿਮ ਫੈਸਲਾ ਕੱਲ੍ਹ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਜਾਵੇਗਾ।
