Punjab Budget: ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਪੂਰਾ, ਬਜਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰੀ ਚੀਮਾ ਦਾ ਵੱਡਾ ਬਿਆਨ

Updated On: 

08 Mar 2026 20:26 PM IST

Punjab Budget: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਸੂਬੇ ਦੀਆਂ ਔਰਤਾਂ ਲਈ ਆਪਣੀ ਸਭ ਤੋਂ ਵੱਡੀ ਚੋਣ ਗਾਰੰਟੀ ਨੂੰ ਪੂਰਾ ਕਰਨ ਦਾ ਇਤਿਹਾਸਕ ਐਲਾਨ ਕੀਤਾ ਹੈ। ਐਤਵਾਰ ਨੂੰ ਵਿਧਾਨ ਸਭਾ ਵਿੱਚ ਸਾਲ 2026-27 ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਸ਼ੁਰੂ ਕਰਨ ਦੀ ਘੋਸ਼ਣਾ ਕੀਤੀ।

Punjab Budget: ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਪੂਰਾ, ਬਜਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰੀ ਚੀਮਾ ਦਾ ਵੱਡਾ ਬਿਆਨ

Image Credit: @HarpalCheemaMLA

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਸੂਬੇ ਦੀਆਂ ਔਰਤਾਂ ਲਈ ਆਪਣੀ ਸਭ ਤੋਂ ਵੱਡੀ ਚੋਣ ਗਾਰੰਟੀ ਨੂੰ ਪੂਰਾ ਕਰਨ ਦਾ ਇਤਿਹਾਸਕ ਐਲਾਨ ਕੀਤਾ ਹੈ। ਐਤਵਾਰ ਨੂੰ ਵਿਧਾਨ ਸਭਾ ਵਿੱਚ ਸਾਲ 2026-27 ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ। ਇਸ ਸਕੀਮ ਤਹਿਤ ਸੂਬੇ ਦੀਆਂ ਔਰਤਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਵਿੱਤੀ ਸਹਾਇਤਾ ਦਾ ਵੇਰਵਾ

ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਤਹਿਤ ਪੰਜਾਬ ਦੀਆਂ ਸਾਰੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਹਾਲਾਂਕਿ, ਅਨੁਸੂਚਿਤ ਜਾਤੀ (SC) ਭਾਈਚਾਰੇ ਨਾਲ ਸਬੰਧਤ ਔਰਤਾਂ ਲਈ ਇਹ ਰਾਸ਼ੀ 1,500 ਰੁਪਏ ਪ੍ਰਤੀ ਮਹੀਨਾ ਹੋਵੇਗੀ। ਇਹ ਪੈਸਾ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਨੇ ਹਰ ਮਹਿਲਾ ਨੂੰ 1,000 ਰੁਪਏ ਦੇਣ ਦਾ ਵੱਡਾ ਵਾਅਦਾ ਕੀਤਾ ਸੀ।

ਕੌਣ ਹੋਵੇਗਾ ਯੋਜਨਾ ਦਾ ਪਾਤਰ?

ਹਰਪਾਲ ਚੀਮਾ ਨੇ ਕਿਹਾ ਕਿ ਇਹ ਦੁਨੀਆ ਦੀ ਪਹਿਲੀ ਅਜਿਹੀ ਯੂਨੀਵਰਸਲ ਕੈਸ਼ ਟ੍ਰਾਂਸਫਰ ਸਕੀਮ ਹੋਵੇਗੀ ਜਿਸ ਵਿੱਚ ਸੂਬੇ ਦੀਆਂ ਲਗਭਗ 97 ਫੀਸਦੀ ਬਾਲਗ ਔਰਤਾਂ ਸ਼ਾਮਲ ਹੋਣਗੀਆਂ। ਯੋਜਨਾ ਦੀਆਂ ਸ਼ਰਤਾਂ ਹੇਠ ਲਿਖੇ ਅਨੁਸਾਰ ਹਨ:

18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਇਸ ਲਈ ਯੋਗ ਹੋਵੇਗੀ।

ਮੌਜੂਦਾ ਜਾਂ ਸਾਬਕਾ ਸਰਕਾਰੀ ਕਰਮਚਾਰੀ, ਮੌਜੂਦਾ ਅਤੇ ਸਾਬਕਾ ਵਿਧਾਇਕ/ਸਾਂਸਦ ਅਤੇ ਇਨਕਮ ਟੈਕਸ ਭਰਨ ਵਾਲੀਆਂ ਔਰਤਾਂ ਇਸ ਸਕੀਮ ਦਾ ਲਾਭ ਨਹੀਂ ਲੈ ਸਕਣਗੀਆਂ।

ਜੋ ਔਰਤਾਂ ਪਹਿਲਾਂ ਹੀ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਜਾਂ ਅਪੰਗਤਾ ਪੈਨਸ਼ਨ ਲੈ ਰਹੀਆਂ ਹਨ, ਉਹ ਵੀ ਇਸ ਨਵੀਂ ਯੋਜਨਾ ਦਾ ਲਾਭ ਲੈਣ ਲਈ ਯੋਗ ਹੋਣਗੀਆਂ।

ਬਜਟ ਵਿੱਚ 9,300 ਕਰੋੜ ਰੁਪਏ ਦਾ ਪ੍ਰਬੰਧ

ਸਰਕਾਰ ਨੇ ਇਸ ਯੋਜਨਾ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਲਾਗੂ ਕਰਨ ਲਈ ਸਾਲ 2026-27 ਦੇ ਬਜਟ ਵਿੱਚ 9,300 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰਬੰਧ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਹ ਕਦਮ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ ਉਤਸ਼ਾਹਿਤ ਕਰੇਗਾ, ਉਨ੍ਹਾਂ ਦੀ ਸਿਹਤ ਅਤੇ ਸਿੱਖਿਆ ਦੇ ਨਤੀਜਿਆਂ ਵਿੱਚ ਸੁਧਾਰ ਕਰੇਗਾ ਅਤੇ ਪਰਿਵਾਰਕ ਫੈਸਲਿਆਂ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਕਰੇਗਾ।

ਵਿਰੋਧੀਆਂ ‘ਤੇ ਨਿਸ਼ਾਨਾ

ਵਿੱਤ ਮੰਤਰੀ ਨੇ ਗੁਆਂਢੀ ਰਾਜਾਂ ਅਤੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਈ ਰਾਜਾਂ ਨੇ ਅਜਿਹੀਆਂ ਸਕੀਮਾਂ ਦੇ ਨਾਮ ‘ਤੇ ‘ਜੁਮਲੇਬਾਜ਼ੀ’ ਕੀਤੀ ਹੈ ਅਤੇ ਸਿਰਫ 20 ਫੀਸਦੀ ਔਰਤਾਂ ਨੂੰ ਹੀ ਕਵਰ ਕੀਤਾ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਜੀ ਸਿਰਫ ਕੁਝ ਫੀਸਦੀ ਔਰਤਾਂ ਦੇ ਨਹੀਂ, ਸਗੋਂ ਪੂਰੇ ਪੰਜਾਬ ਦੀਆਂ ਔਰਤਾਂ ਦੇ ਮੁੱਖ ਮੰਤਰੀ ਹਨ।” ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਹੁਣ ਕਾਲਜ ਦੀਆਂ ਕੁੜੀਆਂ ਨੂੰ ਕਿਤਾਬਾਂ ਲਈ ਜਾਂ ਦਾਦੀਆਂ ਨੂੰ ਆਪਣੀਆਂ ਪੋਤੀਆਂ ਲਈ ਖਿਡੌਣੇ ਖਰੀਦਣ ਵਾਸਤੇ ਕਿਸੇ ਅੱਗੇ ਹੱਥ ਫੈਲਾਉਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਉਨ੍ਹਾਂ ਦਾ ਵੱਡਾ ਭਰਾ ਭਗਵੰਤ ਮਾਨ ਉਨ੍ਹਾਂ ਦੇ ਖਾਤੇ ਵਿੱਚ ਪੈਸੇ ਪਾਵੇਗਾ।

ਵਿਰੋਧੀ ਧਿਰ ਦਾ ਦਬਾਅ

ਦੱਸ ਦੇਈਏ ਕਿ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਲਗਾਤਾਰ ਸਰਕਾਰ ਨੂੰ ਇਸ ਵਾਅਦੇ ‘ਤੇ ਘੇਰ ਰਹੀਆਂ ਸਨ। ਵਿਰੋਧੀ ਧਿਰਾਂ ਇਹ ਮੰਗ ਕਰ ਰਹੀਆਂ ਸਨ ਕਿ ਸਰਕਾਰ ਪਿਛਲੇ ਚਾਰ ਸਾਲਾਂ ਦੇ ਬਕਾਏ ਵਜੋਂ ਹਰ ਮਹਿਲਾ ਨੂੰ 48,000 ਰੁਪਏ ਵੀ ਅਦਾ ਕਰੇ। ਇਹ ਪਹਿਲੀ ਵਾਰ ਹੈ ਕਿ ਪੰਜਾਬ ਦਾ ਬਜਟ ਐਤਵਾਰ ਨੂੰ ਪੇਸ਼ ਕੀਤਾ ਗਿਆ ਹੈ।

Follow Us