ਦੀਵਾਲੀ ਤੋਂ ਪਹਿਲਾਂ ਪੰਜਾਬ ਦੀ ਹਵਾ ਹੋਈ ਜ਼ਹਿਰੀਲੀ, ਪਟਿਆਲਾ-ਲੁਧਿਆਣਾ ‘ਚ AQI ਖ਼ਰਾਬ; ਆਯੋਗ ਨੇ ਮੰਗਿਆ ਜਵਾਬ
ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਹੀ ਪੰਜਾਬ ਦੀ ਹਵਾ ਗੰਧਲੀ ਹੋਣੀ ਸ਼ੁਰੂ ਹੋ ਗਈ ਹੈ ਅਤੇ ਸੂਬੇ ਦੇ ਕਈ ਪ੍ਰਮੁੱਖ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ (AQI) ਵਿਗੜ ਕੇ 'ਖ਼ਰਾਬ' ਸ਼੍ਰੇਣੀ ਵਿੱਚ ਜਾ ਪਹੁੰਚਿਆ ਹੈ। ਪ੍ਰਾਪਤ ਅੰਕੜਿਆਂ ਮੁਤਾਬਕ ਪਟਿਆਲਾ ਸ਼ਹਿਰ ਦਾ AQI ਸੂਬੇ ਭਰ ਵਿੱਚ ਸਭ ਤੋਂ ਵੱਧ 239 ਦਰਜ ਕੀਤਾ ਗਿਆ, ਜਦਕਿ ਉਦਯੋਗਿਕ ਸ਼ਹਿਰ ਲੁਧਿਆਣਾ ਵਿੱਚ ਇਹ ਅੰਕੜਾ 214 ਤੱਕ ਪਹੁੰਚ ਗਿਆ।
Ai Genrated Image
ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਹੀ ਪੰਜਾਬ ਦੀ ਹਵਾ ਗੰਧਲੀ ਹੋਣੀ ਸ਼ੁਰੂ ਹੋ ਗਈ ਹੈ ਅਤੇ ਸੂਬੇ ਦੇ ਕਈ ਪ੍ਰਮੁੱਖ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ (AQI) ਵਿਗੜ ਕੇ ‘ਖ਼ਰਾਬ’ ਸ਼੍ਰੇਣੀ ਵਿੱਚ ਜਾ ਪਹੁੰਚਿਆ ਹੈ। ਪ੍ਰਾਪਤ ਅੰਕੜਿਆਂ ਮੁਤਾਬਕ ਪਟਿਆਲਾ ਸ਼ਹਿਰ ਦਾ AQI ਸੂਬੇ ਭਰ ਵਿੱਚ ਸਭ ਤੋਂ ਵੱਧ 239 ਦਰਜ ਕੀਤਾ ਗਿਆ, ਜਦਕਿ ਉਦਯੋਗਿਕ ਸ਼ਹਿਰ ਲੁਧਿਆਣਾ ਵਿੱਚ ਇਹ ਅੰਕੜਾ 214 ਤੱਕ ਪਹੁੰਚ ਗਿਆ। ਇਸ ਦੇ ਨਾਲ ਹੀ ਸੂਬੇ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਹਵਾ ਦਾ ਪੱਧਰ ‘ਯੈਲੋ ਜ਼ੋਨ’ (ਦਰਮਿਆਨੀ ਸ਼੍ਰੇਣੀ) ਵਿੱਚ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ, ਖੇਤਾਂ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਮੁਕੰਮਲ ਠੱਲ੍ਹ ਪਾਉਣ ਵਿੱਚ ਪ੍ਰਸ਼ਾਸਨ ਅਸਫ਼ਲ ਸਾਬਤ ਹੋ ਰਿਹਾ ਹੈ। ਸੂਬੇ ਭਰ ਵਿੱਚੋਂ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (DC) ਤੇ ਐੱਸ.ਐੱਸ.ਪੀ. (SSP) ਅਤੇ ਤਰਨਤਾਰਨ ਦੇ ਐੱਸ.ਐੱਸ.ਪੀ. ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੰਜ ਦਿਨਾਂ ਦੇ ਅੰਦਰ-ਅੰਦਰ ਜਵਾਬ ਮੰਗਿਆ ਹੈ। ਇਸ ਨੋਟਿਸ ਦੀ ਇੱਕ ਕਾਪੀ ਪੰਜਾਬ ਦੇ ਮੁੱਖ ਸਕੱਤਰ ਨੂੰ ਵੀ ਕਾਰਵਾਈ ਹਿੱਤ ਭੇਜੀ ਗਈ ਹੈ।
ਸੂਬੇ ਦੇ ਹੋਰਨਾਂ ਸ਼ਹਿਰਾਂ ਦੀ ਸਥਿਤੀ
ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਪਿਛਲੇ ਕੁਝ ਦਿਨਾਂ ਤੋਂ ਖੇਤਾਂ ਵਿੱਚ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜਿਸ ਦਾ ਸਿੱਧਾ ਅਸਰ ਵਾਤਾਵਰਣ ਅਤੇ ਹਵਾ ਦੀ ਸ਼ੁੱਧਤਾ ‘ਤੇ ਪੈ ਰਿਹਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਜਲੰਧਰ ਦਾ AQI 158 ਦਰਜ ਕੀਤਾ ਗਿਆ, ਜਦਕਿ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਇਹ 123 ਰਿਹਾ। ਇਸ ਤੋਂ ਇਲਾਵਾ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿੱਚ ਹਵਾ ਗੁਣਵੱਤਾ ਸੂਚਕ ਅੰਕ 153 ਅਤੇ ਖੰਨਾ ਵਿੱਚ 94 ਦਰਜ ਕੀਤਾ ਗਿਆ ਹੈ।
ਪ੍ਰਸ਼ਾਸਨਿਕ ਅਧਿਕਾਰੀਆਂ ਦੇ ਜਵਾਬ ਤੋਂ ਨਾਖ਼ੁਸ਼ ਕਮਿਸ਼ਨ
ਦੱਸਣਯੋਗ ਹੈ ਕਿ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਵੱਲੋਂ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਦੇ ਡੀ.ਸੀ., ਐੱਸ.ਐੱਸ.ਪੀ. ਅਤੇ ਤਰਨਤਾਰਨ ਦੇ ਐੱਸ.ਐੱਸ.ਪੀ. ਨੂੰ ਨੋਟਿਸ ਜਾਰੀ ਕੀਤੇ ਜਾ ਚੁੱਕੇ ਸਨ। ਹਾਲਾਂਕਿ, ਅਧਿਕਾਰੀਆਂ ਵੱਲੋਂ ਭੇਜੇ ਗਏ ਜਵਾਬਾਂ ਤੋਂ ਕਮਿਸ਼ਨ ਸੰਤੁਸ਼ਟ ਨਹੀਂ ਹੋਇਆ, ਜਿਸ ਕਰਕੇ ਹੁਣ ਦੁਬਾਰਾ ਜਵਾਬ ਤਲਬ ਕੀਤਾ ਗਿਆ ਹੈ। ਨੋਟਿਸ ਵਿੱਚ ਸਪੱਸ਼ਟ ਦਰਜ ਕੀਤਾ ਗਿਆ ਹੈ ਕਿ ਵਾਰ-ਵਾਰ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਬਾਵਜੂਦ ਦੋਵਾਂ ਜ਼ਿਲ੍ਹਿਆਂ ਵਿੱਚੋਂ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।
ਕਮਿਸ਼ਨ ਨੇ ਇਸ ਗੱਲ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਮਾਮਲਿਆਂ ਵਿੱਚ ਹੋ ਰਿਹਾ ਵਾਧਾ ਬੇਹੱਦ ਗੰਭੀਰ ਮਸਲਾ ਹੈ। ਅਧਿਕਾਰੀਆਂ ਨੂੰ ਤਾਕੀਦ ਕੀਤੀ ਗਈ ਹੈ ਕਿ ਉਹ ਤਫ਼ਸੀਲ ਨਾਲ ਸਪੱਸ਼ਟ ਕਰਨ ਕਿ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਮੀਨੀ ਪੱਧਰ ‘ਤੇ ਕਿਹੜੇ ਠੋਸ ਕਦਮ ਚੁੱਕੇ ਗਏ ਹਨ।
ਇਹ ਵੀ ਪੜ੍ਹੋ
ਤਸੱਲੀਬਖ਼ਸ਼ ਜਵਾਬ ਨਾ ਮਿਲਣ ‘ਤੇ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
ਕਮਿਸ਼ਨ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਤਸੱਲੀਬਖ਼ਸ਼ ਜਵਾਬ ਨਾ ਮਿਲਿਆ ਤਾਂ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਐਕਟ (CAQM Act) ਦੇ ਉਪਬੰਧਾਂ ਤਹਿਤ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਮਿਸ਼ਨ ਦੀ ਇੱਕ ਉੱਚ-ਪੱਧਰੀ ਟੀਮ ਨੇ ਖ਼ੁਦ ਪੰਜਾਬ ਦਾ ਦੌਰਾ ਕਰਕੇ ਦੋਵਾਂ ਜ਼ਿਲ੍ਹਿਆਂ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਸੀ ਅਤੇ ਪਰਾਲੀ ਪ੍ਰਬੰਧਨ ਦੇ ਯਤਨਾਂ ਦੀ ਜ਼ਮੀਨੀ ਪੱਧਰ ‘ਤੇ ਸਮੀਖਿਆ ਵੀ ਕੀਤੀ ਸੀ।
ਗੁਆਂਢੀ ਸੂਬੇ ਹਰਿਆਣਾ ਦੇ ਸ਼ਹਿਰਾਂ ਵਿੱਚ ਵੀ ਹਵਾ ਹੋਈ ਜ਼ਹਿਰੀਲੀ
ਪੰਜਾਬ ਦੇ ਨਾਲ-ਨਾਲ ਗੁਆਂਢੀ ਸੂਬੇ ਹਰਿਆਣਾ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਵੀ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਬਣਿਆ ਹੋਇਆ ਹੈ। ਅੰਕੜਿਆਂ ਮੁਤਾਬਕ ਅੰਬਾਲਾ ਦਾ AQI 285 ਦਰਜ ਹੋਇਆ, ਜੋ ਕਾਫ਼ੀ ਖ਼ਰਾਬ ਸਥਿਤੀ ਨੂੰ ਦਰਸਾਉਂਦਾ ਹੈ। ਇਸ ਤੋਂ ਇਲਾਵਾ ਗੁਰੂਗ੍ਰਾਮ ਵਿੱਚ 246, ਕੁਰੂਕਸ਼ੇਤਰ ਵਿੱਚ 258, ਮਾਨੇਸਰ ਵਿੱਚ 211 ਅਤੇ ਯਮੁਨਾਨਗਰ ਵਿੱਚ 208 ਦਰਜ ਕੀਤਾ ਗਿਆ। ਹਰਿਆਣਾ ਦੇ ਹੋਰ ਸ਼ਹਿਰਾਂ ਵਿੱਚ ਚਰਖੀ ਦਾਦਰੀ ਦਾ AQI 178, ਰੋਹਤਕ ਦਾ 174, ਫ਼ਰੀਦਾਬਾਦ ਦਾ 115 ਅਤੇ ਭਿਵਾਨੀ ਦਾ 112 ਰਿਕਾਰਡ ਕੀਤਾ ਗਿਆ ਹੈ। ਸਮੁੱਚੇ ਖੇਤਰ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣ ਨਾਲ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤਾਂ ਅਤੇ ਅੱਖਾਂ ਵਿੱਚ ਜਲਣ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
