ਲੁਧਿਆਣਾ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਰਚਣ ਵਾਲੇ ਮੁਲਜ਼ਮ ਨੂੰ HC ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
ਲੁਧਿਆਣਾ ਦੀ ਪੁਲਿਸ ਚੌਕੀ 'ਤੇ ਗ੍ਰਨੇਡ ਹਮਲਾ ਕਰਵਾਉਣ ਦੀ ਸਾਜ਼ਿਸ਼ ਰਚਣ ਦੇ ਮੁਲਜ਼ਮ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਦੁਬਈ ਵਿੱਚ ਰਹਿਣ ਵਾਲੇ ਉੱਤਰ ਪ੍ਰਦੇਸ਼ ਦੇ ਇਸ ਵਿਅਕਤੀ ਦੀ ਰੈਗੂਲਰ ਜ਼ਮਾਨਤ ਪਟੀਸ਼ਨ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ।
ਲੁਧਿਆਣਾ ਦੀ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਕਰਵਾਉਣ ਦੀ ਸਾਜ਼ਿਸ਼ ਰਚਣ ਦੇ ਮੁਲਜ਼ਮ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਦੁਬਈ ਵਿੱਚ ਰਹਿਣ ਵਾਲੇ ਉੱਤਰ ਪ੍ਰਦੇਸ਼ ਦੇ ਇਸ ਵਿਅਕਤੀ ਦੀ ਰੈਗੂਲਰ ਜ਼ਮਾਨਤ ਪਟੀਸ਼ਨ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। ਮੁਲਜ਼ਮ ‘ਤੇ ਪਾਕਿਸਤਾਨ ਵਿੱਚ ਬੈਠੇ ਆਈ.ਐੱਸ.ਆਈ. (ISI) ਨਾਲ ਜੁੜੇ ਹੈਂਡਲਰ ਦੇ ਇਸ਼ਾਰੇ ‘ਤੇ ਪੰਜਾਬ ਦੇ ਸਰਕਾਰੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚਣ ਦਾ ਗੰਭੀਰ ਦੋਸ਼ ਹੈ।
ਜਸਟਿਸ ਸ਼ਾਲਿਨੀ ਸਿੰਘ ਨਾਗਪਾਲ ਦੀ ਬੈਂਚ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਅਪਰਾਧ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਨੂੰ ਸਿੱਧਾ ਨਿਸ਼ਾਨਾ ਬਣਾਉਂਦੇ ਹਨ। ਅਦਾਲਤ ਨੇ ਮੰਨਿਆ ਕਿ ਮੁਲਜ਼ਮ ਦੇ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਫ਼ਰਾਰ ਹੋਣ ਅਤੇ ਮੁੜ ਰਾਸ਼ਟਰ-ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਖ਼ਦਸ਼ੇ ਪਿੱਛੇ ਠੋਸ ਆਧਾਰ ਹਨ। ਜਾਂਚ ਏਜੰਸੀ ਨੇ ਪਹਿਲੀ ਨਜ਼ਰੇ ਮੁਲਜ਼ਮ ਦੀ ਸ਼ਮੂਲੀਅਤ ਸਾਬਤ ਕਰਨ ਲਈ ਲੋੜੀਂਦੀ ਸਮੱਗਰੀ ਇਕੱਠੀ ਕੀਤੀ ਹੈ।
ਚਚੇਰੇ ਭਰਾ ਕੋਲੋਂ ਬਰਾਮਦ ਹੋਇਆ ਸੀ ਹੈਂਡ ਗ੍ਰਨੇਡ
ਇਸਤਗਾਸਾ ਪੱਖ ਮੁਤਾਬਕ, 1 ਅਪ੍ਰੈਲ 2025 ਨੂੰ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੱਚ ਇਸ ਮਾਮਲੇ ਸਬੰਧੀ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐੱਸ.ਆਈ. ਦੇ ਇਸ਼ਾਰੇ ‘ਤੇ ਪੰਜਾਬ ਅਤੇ ਹੋਰ ਸੂਬਿਆਂ ਵਿੱਚ ਸਰਕਾਰੀ ਟਿਕਾਣਿਆਂ ‘ਤੇ ਅੱਤਵਾਦੀ ਹਮਲੇ ਕਰਵਾਉਣ ਦੀ ਵਿਉਂਤਬੰਦੀ ਕਰ ਰਿਹਾ ਹੈ।
ਇਸੇ ਦਿਨ ਮੁਲਜ਼ਮ ਦੇ ਚਚੇਰੇ ਭਰਾ ਨੂੰ ਅੰਮ੍ਰਿਤਸਰ ਨੇੜਿਓਂ ਇੱਕ ਕਿੱਟ ਬੈਗ ਵਿੱਚ ਹੈਂਡ ਗ੍ਰਨੇਡ ਸਮੇਤ ਕਾਬੂ ਕੀਤਾ ਗਿਆ ਸੀ। ਦੋਸ਼ ਹੈ ਕਿ ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਉਸ ਨੇ ਇਹ ਗ੍ਰਨੇਡ ਮੁਲਜ਼ਮ ਦੇ ਕਹਿਣ ‘ਤੇ ਚੁੱਕਿਆ ਸੀ। ਇਸ ਗ੍ਰਨੇਡ ਰਾਹੀਂ ਲੁਧਿਆਣਾ ਦੀ ਬਸਤੀ ਜੋਧੇਵਾਲ ਪੁਲਿਸ ਚੌਕੀ ‘ਤੇ ਹਮਲਾ ਕੀਤਾ ਜਾਣਾ ਸੀ, ਜਿਸ ਬਦਲੇ ਉਸ ਨੂੰ 50 ਹਜ਼ਾਰ ਰੁਪਏ ਦੇਣ ਦੀ ਗੱਲ ਤੈਅ ਹੋਈ ਸੀ।
ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਹੈਂਡਲਰ ਨਾਲ ਸੰਪਰਕ ਦਾ ਦੋਸ਼
ਪੁਲਿਸ ਅਨੁਸਾਰ, ਮੁਲਜ਼ਮ ਨੂੰ ਪੰਜਾਬ ਪੁਲਿਸ ਵੱਲੋਂ ਜਾਰੀ ਕੀਤੇ ਗਏ ਲੁੱਕਆਊਟ ਸਰਕੂਲਰ (LOC) ਦੇ ਆਧਾਰ ‘ਤੇ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਪਾਕਿਸਤਾਨ ਵਿੱਚ ਬੈਠਾ ‘ਮਲਿਕ’ ਨਾਮ ਦਾ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਮੁਲਜ਼ਮ ਦੇ ਸੰਪਰਕ ਵਿੱਚ ਆਇਆ ਸੀ। ਉਹ ਆਈ.ਐੱਸ.ਆਈ. ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ ਅਤੇ ਉਸ ਨੇ ਹਮਲੇ ਦਾ ਇੰਤਜ਼ਾਮ ਕਰਨ ਲਈ ਕਿਹਾ ਸੀ।
ਇਹ ਵੀ ਪੜ੍ਹੋ
ਇਸ ਤੋਂ ਬਾਅਦ ਮੁਲਜ਼ਮ ਨੇ ਆਪਣੇ ਚਚੇਰੇ ਭਰਾ ਨੂੰ ਇਸ ਸਾਜ਼ਿਸ਼ ਵਿੱਚ ਸ਼ਾਮਲ ਕੀਤਾ ਅਤੇ ਉਸ ਨੂੰ ਹੈਂਡ ਗ੍ਰਨੇਡ ਚਲਾਉਣ ਦਾ ਤਰੀਕਾ ਸਮਝਾਉਣ ਲਈ ਯੂਟਿਊਬ ਵੀਡੀਓ ਵੀ ਭੇਜੀ। ਤਕਨੀਕੀ ਜਾਂਚ ਵਿੱਚ ਚਚੇਰੇ ਭਰਾ ਦੇ ਮੋਬਾਈਲ ਫ਼ੋਨ ਵਿੱਚੋਂ ਮੁਲਜ਼ਮ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਦੇ ਪੁਖ਼ਤਾ ਸਬੂਤ ਮਿਲੇ ਹਨ। ਫ਼ੋਨ ਵਿੱਚੋਂ ਹੈਂਡ ਗ੍ਰਨੇਡ ਦੀਆਂ ਤਸਵੀਰਾਂ, ਉਸ ਨੂੰ ਚਲਾਉਣ ਦੀ ਟ੍ਰੇਨਿੰਗ ਨਾਲ ਜੁੜੀਆਂ ਵੀਡੀਓਜ਼ ਅਤੇ ਮੁਲਜ਼ਮ ਦੇ ਵਾਇਸ ਮੈਸੇਜ ਵੀ ਬਰਾਮਦ ਹੋਏ ਹਨ। ਚਚੇਰੇ ਭਰਾ ਨੇ ਅੰਮ੍ਰਿਤਸਰ ਵਿੱਚ ਉਸ ਥਾਂ ਦੀ ਲੋਕੇਸ਼ਨ ਵੀ ਮੁਲਜ਼ਮ ਨੂੰ ਭੇਜੀ ਸੀ, ਜਿੱਥੋਂ ਉਸ ਨੇ ਗ੍ਰਨੇਡ ਚੁੱਕਿਆ ਸੀ।
ਮੁਲਜ਼ਮ ਕੋਲੋਂ ਕੋਈ ਬਰਾਮਦਗੀ ਨਹੀਂ ਹੋਈ: ਬਚਾਅ ਪੱਖ
ਅਦਾਲਤ ਵਿੱਚ ਮੁਲਜ਼ਮ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਸ ਨੂੰ ਸਹਿ-ਮੁਲਜ਼ਮ ਦੇ ਬਿਆਨ ਦੇ ਆਧਾਰ ‘ਤੇ ਝੂਠਾ ਫਸਾਇਆ ਗਿਆ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਕੋਈ ਵੀ ਇਤਰਾਜ਼ਯੋਗ ਸਮੱਗਰੀ ਬਰਾਮਦ ਨਹੀਂ ਹੋਈ ਹੈ। ਵਕੀਲ ਨੇ ਕਿਹਾ ਕਿ ਘਟਨਾ ਦੇ ਸਮੇਂ ਉਹ ਭਾਰਤ ਤੋਂ ਬਾਹਰ ਸੀ। ਬਚਾਅ ਪੱਖ ਨੇ ਇਹ ਵੀ ਨੁਕਤਾ ਉਠਾਇਆ ਕਿ ਮੁਲਜ਼ਮ ਦਾ ਬਿਆਨ ਪੰਜਾਬੀ ਭਾਸ਼ਾ ਵਿੱਚ ਦਰਜ ਕੀਤਾ ਗਿਆ, ਜਦੋਂ ਕਿ ਉਹ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਪੰਜਾਬੀ ਨਹੀਂ ਸਮਝਦਾ, ਜਿਸ ਕਾਰਨ ਬਿਆਨ ਦੀ ਭਰੋਸੇਯੋਗਤਾ ‘ਤੇ ਸਵਾਲ ਖੜ੍ਹੇ ਹੁੰਦੇ ਹਨ। ਦੂਜੇ ਪਾਸੇ, ਪੰਜਾਬ ਸਰਕਾਰ ਨੇ ਜ਼ਮਾਨਤ ਦਾ ਸਖ਼ਤ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਸਹਿ-ਮੁਲਜ਼ਮ ਨਾਲ ਲਗਾਤਾਰ ਫ਼ੋਨ ‘ਤੇ ਸੰਪਰਕ ਵਿੱਚ ਸੀ, ਉਸ ਨੇ ਗ੍ਰਨੇਡ ਚਲਾਉਣ ਦੀ ਟ੍ਰੇਨਿੰਗ ਦਿੱਤੀ ਅਤੇ ਉਹ ਸਿੱਧੇ ਤੌਰ ‘ਤੇ ਰਾਸ਼ਟਰ-ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸੀ।
ਇੱਕ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ‘ਚ ਬੰਦ ਹੈ ਮੁਲਜ਼ਮ
ਹਾਈਕੋਰਟ ਨੇ ਆਪਣੇ ਹੁਕਮ ਵਿੱਚ ਮੰਨਿਆ ਕਿ ਮੁਲਜ਼ਮ 24 ਅਗਸਤ 2025 ਤੋਂ ਨਿਆਂਇਕ ਹਿਰਾਸਤ ਵਿੱਚ ਹੈ, ਪਰ ਸਿਰਫ਼ ਹਿਰਾਸਤ ਦਾ ਸਮਾਂ ਜ਼ਮਾਨਤ ਦੇਣ ਦਾ ਆਧਾਰ ਨਹੀਂ ਬਣ ਸਕਦਾ। ਅਦਾਲਤ ਨੇ ਕਿਹਾ ਕਿ ਜ਼ਮਾਨਤ ‘ਤੇ ਫ਼ੈਸਲਾ ਲੈਂਦੇ ਸਮੇਂ ਅਪਰਾਧ ਦੀ ਗੰਭੀਰਤਾ, ਇਕੱਠੇ ਕੀਤੇ ਗਏ ਸਬੂਤ, ਮੁਲਜ਼ਮ ਦੀ ਸਥਿਤੀ ਅਤੇ ਫ਼ਰਾਰ ਹੋਣ ਜਾਂ ਸਬੂਤਾਂ ਨਾਲ ਛੇੜਛਾੜ ਕਰਨ ਦੇ ਖ਼ਦਸ਼ੇ ਵਰਗੇ ਅਹਿਮ ਪਹਿਲੂਆਂ ਨੂੰ ਦੇਖਣਾ ਜ਼ਰੂਰੀ ਹੁੰਦਾ ਹੈ।
ਇਨ੍ਹਾਂ ਸਾਰੇ ਤੱਥਾਂ ਅਤੇ ਦੋਸ਼ਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਾਈਕੋਰਟ ਨੇ ਜ਼ਮਾਨਤ ਦੇਣ ਦਾ ਕੋਈ ਠੋਸ ਆਧਾਰ ਨਾ ਪਾਉਂਦਿਆਂ ਪਟੀਸ਼ਨ ਖਾਰਜ ਕਰ ਦਿੱਤੀ। ਹਾਲਾਂਕਿ, ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਹੁਕਮ ਵਿੱਚ ਕੀਤੀਆਂ ਗਈਆਂ ਟਿੱਪਣੀਆਂ ਨੂੰ ਹੇਠਲੀ ਅਦਾਲਤ ਵਿੱਚ ਚੱਲਣ ਵਾਲੇ ਮੁਕੱਦਮੇ ਦੇ ਅੰਤਿਮ ਫ਼ੈਸਲੇ ‘ਤੇ ਕੋਈ ਰਾਏ ਨਾ ਮੰਨਿਆ ਜਾਵੇ।
