ਨਸ਼ਿਆਂ ਦੇ ਖ਼ਾਤਮੇ ਲਈ ਮਾਨਸਾ ‘ਚ ਮੰਥਨ, ਮੰਤਰੀ ਖੁੱਡੀਆਂ ਨੇ ਤਸਕਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਐਤਵਾਰ ਨੂੰ ਮਾਨਸਾ ਵਿਖੇ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਇਸ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ।
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐਤਵਾਰ ਨੂੰ ਮਾਨਸਾ ਵਿਖੇ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਇਸ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ, ਬਲਾਕ ਪੱਧਰੀ ਵਲੰਟੀਅਰਾਂ ਅਤੇ ਜ਼ਿਲ੍ਹੇ ਦੇ ਤਿੰਨਾਂ ਵਿਧਾਇਕਾਂ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਜ਼ਿਲ੍ਹੇ ਅੰਦਰ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਕਾਰਵਾਈ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਇਸ ਮੁਹਿੰਮ ਨੂੰ ਹੋਰ ਵਧੇਰੇ ਸੁਚਾਰੂ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਸਿਵਲ ਪ੍ਰਸ਼ਾਸਨ, ਪੁਲਿਸ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਜ਼ਮੀਨੀ ਵਲੰਟੀਅਰਾਂ ਨਾਲ ਮਿਲ ਕੇ ਨਸ਼ਾ ਤਸਕਰੀ ਦੀਆਂ ਤਾਰਾਂ ਤੋੜਨ ਲਈ ਚੁੱਕੇ ਜਾ ਰਹੇ ਕਦਮਾਂ ਦਾ ਲੇਖਾ-ਜੋਖਾ ਲਿਆ। ਮੀਟਿੰਗ ਦੌਰਾਨ ਇੱਕ ਵੱਡਾ ਖ਼ੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰੀ ਤੇ ਨਿੱਜੀ ਹਸਪਤਾਲਾਂ ਵੱਲੋਂ ਨਸ਼ਾ ਛੁਡਾਊ ਕਾਰਡਾਂ ਦੇ ਆਧਾਰ ‘ਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਜੀਭ ਥੱਲੇ ਰੱਖਣ ਵਾਲੀਆਂ ਗੋਲੀਆਂ (ਬਿਊਪ੍ਰੇਨੋਰਫਿਨ/ਓ.ਓ.ਏ.ਟੀ.) ਦੀ ਕਾਲਾਬਾਜ਼ਾਰੀ ਅਤੇ ਨਾਜਾਇਜ਼ ਵਿਕਰੀ ਦਾ ਮਾਮਲਾ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ।
ਡਰੱਗ ਇੰਸਪੈਕਟਰਾਂ ਦੀ ਘਾਟ ਦਾ ਮੁੱਦਾ ਗੂੰਜਿਆ
ਮੰਤਰੀ ਦੇ ਧਿਆਨ ਵਿੱਚ ਇਹ ਗੱਲ ਲਿਆਂਦੀ ਗਈ ਕਿ ਕੁਝ ਸ਼ਰਾਰਤੀ ਅੰਸਰ ਕਾਰਡਾਂ ਜ਼ਰੀਏ ਇਹ ਦਵਾਈਆਂ ਪ੍ਰਾਪਤ ਕਰਕੇ ਬਾਹਰ ਗ਼ੈਰ-ਕਾਨੂੰਨੀ ਢੰਗ ਨਾਲ ਵੇਚ ਦਿੰਦੇ ਹਨ, ਜਿਸ ‘ਤੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਅਜਿਹੇ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖਣ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਸਪੱਸ਼ਟ ਆਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਬੈਠਕ ਵਿੱਚ ਮਾਨਸਾ ਜ਼ਿਲ੍ਹੇ ਅੰਦਰ ਡਰੱਗ ਇੰਸਪੈਕਟਰਾਂ ਦੀ ਚੱਲ ਰਹੀ ਭਾਰੀ ਘਾਟ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉੱਭਰਿਆ। ਕੈਬਨਿਟ ਮੰਤਰੀ ਖੁੱਡੀਆਂ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਡਰੱਗ ਇੰਸਪੈਕਟਰਾਂ ਦੀ ਇਸ ਘਾਟ ਨੂੰ ਸਰਕਾਰ ਵੱਲੋਂ ਪਹਿਲ ਦੇ ਆਧਾਰ ‘ਤੇ ਬਹੁਤ ਜਲਦ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਦੀ ਜੜ੍ਹ ਪੁੱਟਣ ਲਈ ਇਕੱਲੇ ਪ੍ਰਸ਼ਾਸਨ ਦੇ ਸਹਾਰੇ ਨਹੀਂ ਰਿਹਾ ਜਾ ਸਕਦਾ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਨੂੰ ਸਾਂਝੇ ਤੌਰ ‘ਤੇ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਆਉਣਾ ਪਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲਿਸ ਦੀਆਂ ਕਾਰਵਾਈਆਂ ਲਗਾਤਾਰ ਤੇਜ਼ ਕੀਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਦੌਰਾਨ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਹੋਰ ਵੀ ਸਖ਼ਤ ਤੇ ਨਿਰਣਾਇਕ ਕਦਮ ਚੁੱਕੇ ਜਾਣਗੇ।
ਇਸ ਅਹਿਮ ਮੀਟਿੰਗ ਵਿੱਚ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਮਾਨਸਾ ਤੋਂ ਵਿਧਾਇਕ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਵੈਭਵ ਚੌਧਰੀ ਸਮੇਤ ਕਈ ਉੱਚ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।


