ਪੰਜਾਬ ਚੋਣਾਂ ਲਈ ਕਾਂਗਰਸ ਦੀ 42 ਮੈਂਬਰੀ ਕਮੇਟੀ, ਪਰਗਟ ਸਿੰਘ ਚੇਅਰਪਰਸਨ; ਲਿਸਟ ‘ਚ ਹੋਰ ਕਿਹੜੇ ਨਾਮ?

Published: 

19 Nov 2026 07:28 AM IST

ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ 18 ਨਵੰਬਰ 2026 ਨੂੰ ਜਾਰੀ ਕੀਤੇ ਗਏ ਪੱਤਰ 'ਚ ਕਮੇਟੀ ਦੇ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਕਮੇਟੀ 'ਚ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਚੋਣਾਂ ਲਈ ਕਾਂਗਰਸ ਦੀ 42 ਮੈਂਬਰੀ ਕਮੇਟੀ, ਪਰਗਟ ਸਿੰਘ ਚੇਅਰਪਰਸਨ; ਲਿਸਟ ਚ ਹੋਰ ਕਿਹੜੇ ਨਾਮ?

ਪਰਗਟ ਸਿੰਘ, ਕੇਸੀ ਵੇਣੂਗੋਪਾਲ ਤੇ ਸਚਿਨ ਪਾਇਲਟ (ਫਾਈਲ ਫੋਟੋ)

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਕਾਂਗਰਸ ਐਕਸ਼ਨ ਮੋਡ ‘ਚ ਆ ਚੁੱਕੀ ਹੈ। ਬੀਤੇ ਦਿਨੀਂ ਜਿੱਥੇ 2027 ਚੋਣਾਂ ਦੇ ਮੱਦੇਨਜ਼ਰ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਸੀ , ਉੱਥੇ ਹੀ ਹੁਣ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੂੰ ਇਸ 42 ਮੈਂਬਰੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।

ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ 18 ਨਵੰਬਰ 2026 ਨੂੰ ਜਾਰੀ ਕੀਤੇ ਗਏ ਪੱਤਰ ‘ਚ ਕਮੇਟੀ ਦੇ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਕਮੇਟੀ ‘ਚ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਕਈ ਦਿੱਗਜ ਆਗੂਆਂ ਨੂੰ ਮਿਲੀ ਕਮੇਟੀ ‘ਚ ਜਗ੍ਹਾ

ਚੋਣ ਕਮੇਟੀ ‘ਚ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਅੰਬਿਕਾ ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਮਨੀਸ਼ ਤਿਵਾੜੀ, ਵਿਜੇ ਇੰਦਰ ਸਿੰਗਲਾ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੁਖਪਾਲ ਸਿੰਘ ਖਹਿਰਾ ਸਮੇਤ ਕਈ ਪ੍ਰਮੁੱਖ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸ਼ਮਸ਼ੇਰ ਸਿੰਘ ਦੁੱਲੋ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ, ਡਾ. ਧਰਮਵੀਰ ਗਾਂਧੀ, ਕਿਸ਼ੋਰੀ ਲਾਲ ਸ਼ਰਮਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ, ਗੁਰਕੀਰਤ ਸਿੰਘ, ਓਮ ਪ੍ਰਕਾਸ਼ ਸੋਨੀ, ਸੰਤੋਸ਼ ਚੌਧਰੀ, ਡਾ. ਮਾਲਤੀ ਥਾਪਰ, ਰਾਣਾ ਕੰਵਰਪਾਲ ਸਿੰਘ, ਭਾਰਤ ਭੂਸ਼ਣ ਆਸ਼ੂ, ਅਰੁਣਾ ਚੌਧਰੀ, ਬ੍ਰਹਮ ਮਹਿੰਦਰਾ, ਰਜ਼ੀਆ ਸੁਲਤਾਨਾ ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਵੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।

ਕਮੇਟੀ ‘ਚ ਰਾਣਾ ਗੁਰਜੀਤ ਸਿੰਘ, ਸੁਖਬਿੰਦਰ ਸਿੰਘ ਸਰਕਾਰੀਆ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਰਣਦੀਪ ਸਿੰਘ ਨਾਭਾ, ਅਵਤਾਰ ਹੈਨਰੀ ਸੀਨੀਅਰ, ਕੁਸ਼ਲਦੀਪ ਸਿੰਘ ਢਿੱਲੋਂ, ਹਰਦੇਵ ਸਿੰਘ ਲਾਡੀ, ਕੈਪਟਨ ਸੰਦੀਪ ਸਿੰਘ ਸੰਧੂ, ਅਜੀਤ ਇੰਦਰ ਸਿੰਘ ਮੋਫਰ ਤੇ ਪ੍ਰੋ. ਇਮੈਨੁਅਲ ਨਾਹਰ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਮਨੀਸ਼ ਤਿਵਾੜੀ ਨੂੰ ਵੀ ਮਿਲੀ ਅਹਿਮ ਜ਼ਿੰਮੇਵਾਰੀ

ਇਸ ਸੂਚੀ ‘ਚ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਨਾਂ ਵੀ ਸ਼ਾਮਲ ਹੈ। ਕਮੇਟੀ ‘ਚ ਪੰਜਾਬ ਕਾਂਗਰਸ ਦੇ ਵੱਖ-ਵੱਖ ਧੜਿਆਂ ਤੇ ਸੀਨੀਅਰ ਆਗੂਆਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਏਆਈਸੀਸੀ ਦੇ ਪੰਜਾਬ ਇੰਚਾਰਜ ਜਨਰਲ ਸਕੱਤਰ, ਪੰਜਾਬ ਨਾਲ ਜੁੜੇ ਏਆਈਸੀਸੀ ਸਕੱਤਰਾਂ ਤੇ ਪਾਰਟੀ ਦੇ ਵੱਖ-ਵੱਖ ਫਰੰਟਲ ਸੰਗਠਨਾਂ ਦੇ ਸੂਬਾ ਮੁਖੀਆਂ ਨੂੰ ਅਹੁਦੇ ਦੇ ਆਧਾਰ ‘ਤੇ (Ex-Officio) ਮੈਂਬਰ ਬਣਾਇਆ ਗਿਆ ਹੈ।

ਉਮੀਦਵਾਰਾਂ ਦੀ ਚੋਣ ਤੇ ਚੋਣ ਰਣਨੀਤੀ ਤੈਅ ਕਰੇਗੀ ਕਮੇਟੀ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਕਮੇਟੀ ਦਾ ਗਠਨ ਕਾਂਗਰਸ ਦੀਆਂ ਚੋਣ ਤਿਆਰੀਆਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਕਮੇਟੀ ਵੱਲੋਂ ਸੰਭਾਵੀ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ-ਵਟਾਂਦਰਾ ਕਰਕੇ ਸਿਫ਼ਾਰਸ਼ਾਂ ਕੇਂਦਰੀ ਚੋਣ ਕਮੇਟੀ ਨੂੰ ਭੇਜੀਆਂ ਜਾਣਗੀਆਂ। ਇਸ ਤੋਂ ਇਲਾਵਾ ਸੂਬੇ ‘ਚ ਪਾਰਟੀ ਦੀ ਚੋਣ ਰਣਨੀਤੀ, ਚੋਣ ਮੁੱਦਿਆਂ, ਪ੍ਰਚਾਰ ਮੁਹਿੰਮ ਤੇ ਸੰਗਠਨ ਸਰਗਰਮੀਆਂ ਨੂੰ ਲੈ ਕੇ ਵੀ ਵਿਚਾਰ ਕੀਤਾ ਜਾਵੇਗਾ।

Loading...
Unable to load recommendations.
Follow Us