ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਹੰਗਾਮੇਦਾਰ ਸ਼ੁਰੂਆਤ, ਸਰਕਾਰ-ਵਿਰੋਧੀ ਧਿਰ ਆਹਮੋ-ਸਾਹਮਣੇ
ਪ੍ਰਤਾਪ ਸਿੰਘ ਬਾਜਵਾ ਦੇ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਇਸ ਮੁੱਦੇ 'ਤੇ ਪੂਰੀ ਚਰਚਾ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਅਸੀਂ ਭੱਜਣ ਵਾਲਿਆਂ 'ਚੋਂ ਨਹੀਂ, ਖੜ੍ਹ ਕੇ ਜਵਾਬ ਦੇਣ ਵਾਲਿਆਂ 'ਚੋਂ ਹਾਂ। ਅਸੀਂ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਾਂ।
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ। ਪਹਿਲੇ ਹੀ ਦਿਨ ਸੈਸ਼ਨ ਦੀ ਸ਼ੁਰੂਆਤ ਹੰਗਾਮੇਦਾਰ ਰਹੀ, ਵਿਰੋਧੀ ਧਿਰ ਨੇ ਵੱਖ-ਵੱਖ ਮੁੱਦਿਆਂ ‘ਤੇ ਭਗਵੰਤ ਮਾਨ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਸਦਨ ‘ਚ ਪੰਜਾਬ ‘ਚ ਕਥਿਤ ਪੇਪਰ ਲੀਕ ਮੁੱਦੇ ਨੂੰ ਲੈ ਵਿਰੋਧੀ ਨੇ ਸਵਾਲ ਕੀਤੇ ਤੇ ਦੋਵੇਂ ਧਿਰਾਂ ਵਿਚਕਾਰ ਤਿੱਖੀ ਬਹਿਸ ਦੇਖਣ ਨੂੰ ਮਿਲੀ।
ਪ੍ਰਤਾਪ ਸਿੰਘ ਬਾਜਵਾ ਨੇ ਸਿੱਖਿਆ ਮੰਤਰੀ ਨੂੰ ਕੀਤੇ ਸਵਾਲ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਸਵਾਲ ਕੀਤਾ ਕਿ ਉਹ ਦਿੱਲੀ ਵਿੱਚ ਨੀਟ ਪੇਪਰ ਲੀਕ ਦੇ ਵਿਰੋਧ ‘ਚ ਹੋਏ ਪ੍ਰਦਰਸ਼ਨ ‘ਚ ਸ਼ਾਮਲ ਹੋਏ ਸਨ, ਪਰ ਪੰਜਾਬ ‘ਚ ਪਿਛਲੇ ਚਾਰ ਸਾਲਾਂ ਦੌਰਾਨ 6 ਪੇਪਰ ਲੀਕ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ‘ਚੋਂ 5 ਮਾਮਲੇ ਸਿੱਖਿਆ ਵਿਭਾਗ ਤੇ ਇੱਕ ਸਿਹਤ ਵਿਭਾਗ ਨਾਲ ਸਬੰਧਤ ਹੈ। ਬਾਜਵਾ ਨੇ ਇਸ ਮਾਮਲੇ ‘ਚ ਮੰਤਰੀ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ।
ਹਰਜੋਤ ਬੈਂਸ ਨੇ ਦਿੱਤਾ ਜਵਾਬ
ਬਾਜਵਾ ਦੇ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਇਸ ਮੁੱਦੇ ‘ਤੇ ਪੂਰੀ ਚਰਚਾ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਅਸੀਂ ਭੱਜਣ ਵਾਲਿਆਂ ‘ਚੋਂ ਨਹੀਂ, ਖੜ੍ਹ ਕੇ ਜਵਾਬ ਦੇਣ ਵਾਲਿਆਂ ‘ਚੋਂ ਹਾਂ। ਅਸੀਂ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਾਂ।
ਵਿਧਾਨ ਸਭਾ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਕਿਹਾ ਕਿ ਕਾਂਗਰਸ ਨੂੰ ਜ਼ਮੀਨੀ ਹਕੀਕਤ ਦਾ ਪਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਦਨ ‘ਚ ਉਨ੍ਹਾਂ ਨੇ ਹਰ ਸਵਾਲ ਦਾ ਠੋਕ ਕੇ ਜਵਾਬ ਦਿੱਤਾ, ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕ ਭੱਜ ਗਏ। ਉਨ੍ਹਾਂ ਕਿਹਾ ਕਿ ਮੈਂ ਪੂਰੀ ਤਿਆਰੀ ਨਾਲ ਆਇਆ ਹਾਂ। ਮੇਰੇ ਕੋਲ ਸਾਰੇ ਦਸਤਾਵੇਜ਼ ਤੇ ਅੰਕੜੇ ਮੌਜੂਦ ਹਨ, ਜੋ ਪੂਰੇ ਪੰਜਾਬ ਦੇ ਸਾਹਮਣੇ ਰੱਖੇ ਜਾਣੇ ਚਾਹੀਦੇ ਹਨ। ਮੈਂ ਇਨ੍ਹਾਂ ਭਗੌੜਿਆਂ ਨੂੰ ਕਹਿੰਦਾ ਹਾਂ ਕਿ ਉਹ ਵਿਧਾਨ ਸਭਾ ‘ਚ ਆ ਕੇ ਇਸ ਮੁੱਦੇ ‘ਤੇ ਚਰਚਾ ਕਰੇ।
ਹਰਪਾਲ ਸਿੰਘ ਚੀਮਾ ਦਾ ਕਾਂਗਰਸ ‘ਤੇ ਨਿਸ਼ਾਨਾ
ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ‘ਚ ਕਾਂਗਰਸ ਹੀ ਲੀਕ ਹੋ ਚੁੱਕੀ ਹੈ। ਪੰਜਾਬ ‘ਚ ਕਾਂਗਰਸ ਖ਼ਤਮ ਹੋਣ ਦੀ ਕਗਾਰ ‘ਤੇ ਹੈ ਤੇ ਹਰ ਪਾਸੇ ਕਾਂਗਰਸ ‘ਚ ਲੀਕੇਜ ਨਜ਼ਰ ਆ ਰਹੀ ਹੈ, ਜਦਕਿ ਸਾਡੀ ਸਰਕਾਰ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ
ਵਿਛੜੀਆਂ ਸ਼ਖਸੀਅਤਾਂ ਤੇ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਨਾਲ ਕਾਰਵਾਈ ਦੀ ਸ਼ੁਰੂਆਤ
ਇਸ ਤੋਂ ਪਹਿਲਾਂ ਸੈਸ਼ਨ ਦੀ ਸ਼ੁਰੂਆਤ ਵਿਛੜੇ ਆਗੂਆਂ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦੇ ਕੇ ਕੀਤੀ ਗਈ। ਇਸ ਦੌਰਾਨ ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਕਾਰਨ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਪੰਜਾਬ ਵਿਧਾਨ ਸਭਾ ‘ਚ ਸ਼ਰਧਾਂਜਲੀ ਭੇਟ ਕੀਤੀ ਗਈ।
