ਪੰਜਾਬ ‘ਚ ਇਸ ਮਹੀਨੇ ਦੇ ਅਖੀਰ ਤੱਕ ਹੋਵੇਗਾ ਸਰਦ ਰੁੱਤ ਇਜਲਾਸ, SC ਦੇ ਹੁਕਮਾਂ ਤੋਂ ਬਾਅਦ ਲਿਆ ਫੈਸਲਾ
ਸੁਪਰੀਮ ਕੋਰਟ ਨੇ ਪੰਜਾਬ ਵਿਧਾਨ ਸਭਾ ਦੇ 19 ਅਤੇ 20 ਜੂਨ ਨੂੰ ਹੋਣ ਵਾਲੇ ਸੈਸ਼ਨ ਨੂੰ ਸੰਵਿਧਾਨਕ ਤੌਰ 'ਤੇ ਜਾਇਜ਼ ਕਰਾਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਸੈਸ਼ਨ ਦੀ ਵੈਧਤਾ 'ਤੇ ਸਵਾਲ ਉਠਾਉਣਾ ਸਹੀ ਨਹੀਂ ਹੈ। ਰਾਜਪਾਲ ਨੂੰ ਇਸ ਸੈਸ਼ਨ ਨੂੰ ਜਾਇਜ਼ ਮੰਨਣਾ ਚਾਹੀਦਾ ਹੈ ਅਤੇ ਆਪਣੇ ਕੋਲ ਪੈਂਡਿੰਗ ਬਿੱਲ 'ਤੇ ਫੈਸਲਾ ਲੈਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਸਖਤ ਲਹਿਜੇ 'ਚ ਕਿਹਾ ਕਿ ਸੂਬੇ 'ਚ ਜੋ ਹੋ ਰਿਹਾ ਹੈ, ਉਸ ਤੋਂ ਉਹ ਖੁਸ਼ ਨਹੀਂ ਹਨ।

ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਲਈ ਨਵੰਬਰ ਦੇ ਅੰਤ ਤੱਕ ਸੱਦਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸੁਪਰੀਮ ਕੋਰਟ ਵੱਲੋਂ 10 ਨਵੰਬਰ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਆਇਆ ਹੈ। ਰਾਜਪਾਲ ਵੱਲੋਂ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਤੋਂ ਬਾਅਦ ਹੀ ਪੰਜਾਬ ਸਰਕਾਰ ਨੇ ਇਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਪੰਜਾਬ ਸਰਕਾਰ ਜਲਦੀ ਹੀ ਸੈਸ਼ਨ ਲਈ ਰਾਜਪਾਲ ਤੋਂ ਮਨਜ਼ੂਰੀ ਮੰਗੇਗੀ।
ਸੈਸ਼ਨ ਗੈਰ-ਕਾਨੂੰਨੀ ਕਰਾਰ ਦੇਣ ਤੋਂ ਬਾਅਦ ਸਦਨ ਮੁਲਤਵੀ
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਮੌਜੂਦਾ ਵਿਧਾਨ ਸਭਾ ਦੇ ਚੌਥੇ ਸੈਸ਼ਨ (ਬਜਟ ਸੈਸ਼ਨ) ਨੂੰ ਪੱਕੇ ਤੌਰ ‘ਤੇ ਵਧਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ 20-21 ਅਕਤੂਬਰ ਨੂੰ ਸੱਦੀ ਗਈ ਚੌਥੇ ਸੈਸ਼ਨ ਦੀ ਮੀਟਿੰਗ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸਪੀਕਰ ਨੂੰ ਰਾਜਪਾਲ ‘ਤੇ ਬਿੱਲਾਂ ਨੂੰ ਰੋਕਣ ਦਾ ਦੋਸ਼ ਲਗਾਉਂਦੇ ਹੋਏ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਲਈ ਕਿਹਾ ਸੀ।
ਰਾਜਪਾਲ ਪੁਰੋਹਿਤ ਤੋਂ ਮਨਜ਼ੂਰੀ ਮੰਗੀ ਜਾਵੇਗੀ
ਸੂਬਾ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਨਵੰਬਰ ਦੇ ਅਖੀਰ ਤੱਕ ਸੱਦਣ ਦਾ ਫੈਸਲਾ ਕੀਤਾ ਹੈ। ਸਮਾਂ ਤੈਅ ਹੋਣ ਅਤੇ ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਵਿਧਾਨ ਸਭਾ ਸਕੱਤਰੇਤ ਨੂੰ ਇਜਲਾਸ ਸਥਾਈ ਤੌਰ ‘ਤੇ ਕਰਵਾਉਣ ਲਈ ਪੱਤਰ ਲਿਖੇਗੀ। ਜਿਸ ਤੋਂ ਬਾਅਦ ਇਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸਕੱਤਰੇਤ ਨੂੰ ਭੇਜਿਆ ਜਾਵੇਗਾ ਤਾਂ ਜੋ ਇਸ ਦੀ ਮਨਜ਼ੂਰੀ ਲਈ ਜਾ ਸਕੇ।
ਸੈਸ਼ਨ ਨੂੰ ਸੰਵਿਧਾਨਕ ਤੌਰ ‘ਤੇ ਜਾਇਜ਼ ਕਰਾਰ ਦਿੱਤਾ
ਸੁਪਰੀਮ ਕੋਰਟ ਨੇ ਪੰਜਾਬ ਵਿਧਾਨ ਸਭਾ ਦੇ 19 ਅਤੇ 20 ਜੂਨ ਨੂੰ ਹੋਣ ਵਾਲੇ ਸੈਸ਼ਨ ਨੂੰ ਸੰਵਿਧਾਨਕ ਤੌਰ ‘ਤੇ ਜਾਇਜ਼ ਕਰਾਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਸੈਸ਼ਨ ਦੀ ਵੈਧਤਾ ‘ਤੇ ਸਵਾਲ ਉਠਾਉਣਾ ਸਹੀ ਨਹੀਂ ਹੈ। ਰਾਜਪਾਲ ਨੂੰ ਇਸ ਸੈਸ਼ਨ ਨੂੰ ਜਾਇਜ਼ ਮੰਨਣਾ ਚਾਹੀਦਾ ਹੈ ਅਤੇ ਆਪਣੇ ਕੋਲ ਪੈਂਡਿੰਗ ਬਿੱਲ ‘ਤੇ ਫੈਸਲਾ ਲੈਣਾ ਚਾਹੀਦਾ ਹੈ।
ਸੁਪਰੀਮ ਕੋਰਟ ਨੇ ਸਖਤ ਲਹਿਜੇ ‘ਚ ਕਿਹਾ ਕਿ ਸੂਬੇ ‘ਚ ਜੋ ਹੋ ਰਿਹਾ ਹੈ, ਉਸ ਤੋਂ ਉਹ ਖੁਸ਼ ਨਹੀਂ ਹਨ। ਵਿਧਾਨ ਸਭਾ ਵਿੱਚ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੁੰਦੇ ਹਨ, ਇਸ ਲਈ ਰਾਜਪਾਲ ਵੱਲੋਂ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣਾ ਸੰਵਿਧਾਨਕ ਤੌਰ ‘ਤੇ ਸਹੀ ਨਹੀਂ ਹੈ। ਬੈਂਚ ਨੇ ਵਿਧਾਨ ਸਭਾ ਸੈਸ਼ਨ ਨੂੰ ਅਸੰਵਿਧਾਨਕ ਘੋਸ਼ਿਤ ਕਰਨ ਦੀ ਕਾਰਵਾਈ ‘ਤੇ ਵੀ ਸਵਾਲ ਉਠਾਏ ਹਨ।