ਝੋਟਾ ਕਤਲ ਮਾਮਲਾ: ਮਾਨਸਾ ‘ਚ ਤਣਾਅਪੂਰਨ ਮਾਹੌਲ, ਇਨਸਾਫ਼ ਕਮੇਟੀ ਨੇ ਮੀਟਿੰਗ ਤੋਂ ਕੀਤਾ ਇਨਕਾਰ
ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਤੇ ਇਨਸਾਫ਼ ਕਮੇਟੀ ਵੱਲੋਂ ਫ਼ਿਲਹਾਲ ਪੁਲਿਸ ਨਾਲ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਕਮੇਟੀ ਦਾ ਕਹਿਣਾ ਹੈ ਕਿ ਉਹ ਪਹਿਲਾਂ ਆਪਸ 'ਚ ਵਿਚਾਰ-ਵਟਾਂਦਰਾ ਕਰਕੇ ਫ਼ੈਸਲਾ ਲੈਣਗੇ, ਜਿਸ ਤੋਂ ਬਾਅਦ ਮੀਟਿੰਗ ਬਾਰੇ ਅਗਲਾ ਕਦਮ ਚੁੱਕਿਆ ਜਾਵੇਗਾ।
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮਾਨਸਾ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪਰਿਵਾਰ ਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਇਨਸਾਫ਼ ਦਿਵਾਉਣ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।
ਦੂਜੇ ਪਾਸੇ, ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਿਵਾਰ ਤੇ ਕਮੇਟੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਸਵੇਰੇ ਡੀਆਈਜੀ ਹਰਜੀਤ ਸਿੰਘ, ਐਸਐਸਪੀ ਵੈਭਵ ਚੌਧਰੀ ਤੇ ਡਿਪਟੀ ਕਮਿਸ਼ਨਰ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਧਰਨੇ ਵਾਲੀ ਥਾਂ ਤੇ ਪਹੁੰਚੇ ਤੇ ਕਮੇਟੀ ਨੂੰ ਮੀਟਿੰਗ ਕਰਨ ਦਾ ਸੱਦਾ ਦਿੱਤਾ।
ਹਾਲਾਂਕਿ, ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਤੇ ਇਨਸਾਫ਼ ਕਮੇਟੀ ਵੱਲੋਂ ਫ਼ਿਲਹਾਲ ਪੁਲਿਸ ਨਾਲ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਕਮੇਟੀ ਦਾ ਕਹਿਣਾ ਹੈ ਕਿ ਉਹ ਪਹਿਲਾਂ ਆਪਸ ‘ਚ ਵਿਚਾਰ-ਵਟਾਂਦਰਾ ਕਰਕੇ ਫ਼ੈਸਲਾ ਲੈਣਗੇ, ਜਿਸ ਤੋਂ ਬਾਅਦ ਮੀਟਿੰਗ ਬਾਰੇ ਅਗਲਾ ਕਦਮ ਚੁੱਕਿਆ ਜਾਵੇਗਾ।
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਲੋਕਾਂ ਨੂੰ ਕੀਤੀ ਅਪੀਲ
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਪੰਜਾਬ ਵਾਸੀਆਂ ਨੂੰ ਆਪਣੇ-ਆਪਣੇ ਪੱਧਰ ਤੇ ਬੰਦ ਦੇ ਸੱਦੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪੁੱਤਰ ਲਈ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।
ਇਸ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਤੇ ਕਈ ਇਲਾਕਿਆਂ ‘ਚ ਬਾਰਿਸ਼ ਹੋ ਰਹੀ ਹੈ। ਝੋਟਾ ਦੇ ਪਿਤਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੌਸਮ ਦੀ ਪਰਵਾਹ ਕੀਤੇ ਬਿਨਾਂ ਸ਼ਾਂਤੀਪੂਰਵਕ ਤਰੀਕੇ ਨਾਲ ਇਸ ਮੁਹਿੰਮ ਦਾ ਸਮਰਥਨ ਕਰਨ ਤੇ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਚੁੱਕਣ।
ਇਹ ਵੀ ਪੜ੍ਹੋ
ਮੁਲਜ਼ਮ ਕਾਬੂ, ਘਰ ਤੇ ਦੁਕਾਨ ਤੇ ਬੁਲਡੋਜ਼ਰ ਐਕਸ਼ਨ
ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮੁਲਜ਼ਮ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਇਸ ਤੋਂ ਪਹਿਲਾਂ ਉਸ ਦੇ ਸਾਥੀ ਦੀ ਵੀ ਗ੍ਰਿਫ਼ਤਾਰੀ ਹੋਈ ਸੀ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਮੁਲਜ਼ਮ ਅਸ਼ਵਨੀ ਕੁਮਾਰ ਦੀ ਜਾਇਦਾਦ ਤੇ ਕਾਰਵਾਈ ਕਰਦਿਆਂ ਉਸ ਦੇ ਘਰ ਤੇ ਦੁਕਾਨ ਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਉੱਧਰ ਭੜਕੇ ਸਮਰਥਕਾਂ ਨੇ ਦੁਕਾਨ ਦੀ ਭੰਨਤੋੜ ਕਰਨ ਤੋਂ ਬਾਅਦ ਅੱਗ ਲਗਾ ਦਿੱਤੀ। ਮਾਨਸਾ ਦੇ ਬਾਜਾਰ 13 ਅਕਤੂਬਰ ਤੋਂ ਹੀ ਬੰਦ ਰੱਖੇ ਗਏ ਹਨ। ਪਰਿਵਾਰ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਤੇ ਅੜਿਆ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਨਸਾਫ਼ ਮਿਲਣ ਤੱਕ ਪਰਵਿੰਦਰ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
