BJP ਦੀ ‘ਨਸ਼ਾ ਮੁਕਤ ਯਾਤਰਾ’ 18 ਤੋਂ, DGP ਗੌਰਵ ਯਾਦਵ ਨਾਲ ਮੀਟਿੰਗ ਮਗਰੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦੀ ਮੰਗ
ਪੰਜਾਬ ਭਾਜਪਾ ਵੱਲੋਂ 18 ਸਤੰਬਰ ਤੋਂ ਆਰੰਭ ਕੀਤੀ ਜਾ ਰਹੀ ਸੂਬਾ ਵਿਆਪੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨਾਲ ਅਹਿਮ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਭਾਜਪਾ ਆਗੂਆਂ ਨੇ ਡੀਜੀਪੀ ਨੂੰ ਜਾਣੂ ਕਰਵਾਇਆ ਕਿ 13 ਦਿਨਾਂ ਤੱਕ ਨਿਰੰਤਰ ਚੱਲਣ ਵਾਲੀ ਇਹ ਮੁਹਿੰਮ ਪੰਜਾਬ ਦੇ ਹਰੇਕ ਜ਼ਿਲ੍ਹੇ ਅਤੇ ਵਿਧਾਨ ਸਭਾ ਹਲਕੇ ਨੂੰ ਕਵਰ ਕਰੇਗੀ।
ਪੰਜਾਬ ਭਾਜਪਾ ਵੱਲੋਂ 18 ਸਤੰਬਰ ਤੋਂ ਆਰੰਭ ਕੀਤੀ ਜਾ ਰਹੀ ਸੂਬਾ ਵਿਆਪੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨਾਲ ਅਹਿਮ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਭਾਜਪਾ ਆਗੂਆਂ ਨੇ ਡੀਜੀਪੀ ਨੂੰ ਜਾਣੂ ਕਰਵਾਇਆ ਕਿ 13 ਦਿਨਾਂ ਤੱਕ ਨਿਰੰਤਰ ਚੱਲਣ ਵਾਲੀ ਇਹ ਮੁਹਿੰਮ ਪੰਜਾਬ ਦੇ ਹਰੇਕ ਜ਼ਿਲ੍ਹੇ ਅਤੇ ਵਿਧਾਨ ਸਭਾ ਹਲਕੇ ਨੂੰ ਕਵਰ ਕਰੇਗੀ।
ਇਸ ਯਾਤਰਾ ਦੌਰਾਨ ਕੇਂਦਰੀ ਲੀਡਰਸ਼ਿਪ ਦੀ ਵੀ ਵੱਡੀ ਸ਼ਮੂਲੀਅਤ ਰਹੇਗੀ। ਅਜਿਹੇ ਸੰਵੇਦਨਸ਼ੀਲ ਹਾਲਾਤਾਂ ਵਿੱਚ ਭਾਜਪਾ ਦੀ ਸਮੁੱਚੀ ਯਾਤਰਾ ਅਤੇ ਰੈਲੀਆਂ ਦੌਰਾਨ ਪੁਖ਼ਤਾ ਸੁਰੱਖਿਆ ਪ੍ਰਬੰਧ ਮੁਹੱਈਆ ਕਰਵਾਏ ਜਾਣੇ ਬੇਹੱਦ ਲਾਜ਼ਮੀ ਹਨ। ਇਸ ਮੌਕੇ ਪਾਰਟੀ ਆਗੂ ਕੇਵਲ ਸਿੰਘ ਢਿੱਲੋਂ ਨੇ ਕਿਹਾ ਉਹ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਆਪਣੇ ਪੱਧਰ ‘ਤੇ ਹਰ ਸੰਭਵ ਯਤਨ ਕਰ ਰਹੇ ਹਨ।
ਚਾਰ ਵੱਖ-ਵੱਖ ਥਾਵਾਂ ਤੋਂ ਆਰੰਭ ਹੋਵੇਗੀ ਯਾਤਰਾ
ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠਲੇ ਵਫ਼ਦ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ “ਭਾਜਪਾ ਦਾ ਨਾਅਰਾ, ਨਸ਼ਾ ਮੁਕਤ ਸਾਰਾ” ਦੇ ਮੁੱਖ ਸੰਕਲਪ ਤਹਿਤ ਚਾਰ ਰਾਜ-ਪੱਧਰੀ “ਨਸ਼ਾ ਮੁਕਤ ਪੰਜਾਬ ਯਾਤਰਾਵਾਂ” ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਰੈਲੀਆਂ ਅਤੇ ਜਨਤਕ ਇਕੱਠਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਮਜ਼ਬੂਤ ਸੁਰੱਖਿਆ ਘੇਰਾ ਯਕੀਨੀ ਬਣਾਇਆ ਜਾਵੇ। ਇਹ ਵਿਸ਼ੇਸ਼ ਮੁਹਿੰਮ ਸੂਬੇ ਦੇ ਚਾਰ ਵੱਖ-ਵੱਖ ਕੋਨਿਆਂ ਤੋਂ ਇੱਕੋ ਸਮੇਂ ਸ਼ੁਰੂ ਕੀਤੀ ਜਾਵੇਗੀ।
ਇਸ ਰੂਪ-ਰੇਖਾ ਮੁਤਾਬਕ ਪਹਿਲੀ ਯਾਤਰਾ ਪਠਾਨਕੋਟ ਦੇ ਮਾਧੋਪੁਰ ਤੋਂ ਆਰੰਭ ਹੋਵੇਗੀ, ਦੂਜੀ ਯਾਤਰਾ ਇਤਿਹਾਸਕ ਧਰਤੀ ਫ਼ਤਿਹਗੜ੍ਹ ਸਾਹਿਬ ਤੋਂ, ਤੀਜੀ ਸਰਹੱਦੀ ਜ਼ਿਲ੍ਹੇ ਫ਼ਾਜ਼ਿਲਕਾ ਤੋਂ ਅਤੇ ਚੌਥੀ ਪਵਿੱਤਰ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਚਾਰੇ ਯਾਤਰਾਵਾਂ ਲਗਾਤਾਰ 13 ਦਿਨਾਂ ਤੱਕ ਵੱਖ-ਵੱਖ ਪੜਾਵਾਂ ਵਿੱਚੋਂ ਲੰਘਦੀਆਂ ਹੋਈਆਂ ਅੰਤ ਵਿੱਚ ਜਲੰਧਰ ਵਿਖੇ ਸੰਪੰਨ ਹੋਣਗੀਆਂ। ਇਸ ਵਿਸ਼ਾਲ ਮੁਹਿੰਮ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਹੋਰ ਪ੍ਰਮੁੱਖ ਕੇਂਦਰੀ ਨੇਤਾ ਉਚੇਚੇ ਤੌਰ ‘ਤੇ ਹਾਜ਼ਰੀ ਭਰਨਗੇ।
