ਪੰਜਾਬ ‘ਚ 2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ, ਰਾਘਵ ਚੱਢਾ ਤੇ ਹਰਭਜਨ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਕੇਵਲ ਸਿੰਘ ਢਿੱਲੋਂ ਵੱਲੋਂ ਦੋ ਅਹਿਮ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ 'ਚ ਸੂਬਾ ਮੈਨੀਫੈਸਟੋ ਕਮੇਟੀ ਤੇ ਸੂਬਾ ਚਾਰਜਸ਼ੀਟ ਕਮੇਟੀ ਸ਼ਾਮਲ ਹਨ। ਇਨ੍ਹਾਂ ਕਮੇਟੀਆਂ 'ਚ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਖਾਸ ਗੱਲ ਇਹ ਹੈ ਕਿ ਰਾਘਵ ਚੱਢਾ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਵੀ ਮੈਨੀਫੈਸਟੋ ਕਮੇਟੀ 'ਚ ਸ਼ਾਮਲ ਕੀਤਾ ਗਿਆ ਹੈ।
ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (BJP) ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਦੋ ਅਹਿਮ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ‘ਚ ਸੂਬਾ ਮੈਨੀਫੈਸਟੋ ਕਮੇਟੀ ਤੇ ਸੂਬਾ ਚਾਰਜਸ਼ੀਟ ਕਮੇਟੀ ਸ਼ਾਮਲ ਹਨ। ਇਨ੍ਹਾਂ ਕਮੇਟੀਆਂ ‘ਚ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਖਾਸ ਗੱਲ ਇਹ ਹੈ ਕਿ ਰਾਘਵ ਚੱਢਾ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਵੀ ਮੈਨੀਫੈਸਟੋ ਕਮੇਟੀ ‘ਚ ਸ਼ਾਮਲ ਕੀਤਾ ਗਿਆ ਹੈ।
ਜਾਰੀ ਕੀਤੇ ਗਏ ਅਧਿਕਾਰਤ ਪੱਤਰ ਅਨੁਸਾਰ, ਸੂਬਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਸੌਂਪੀ ਗਈ ਹੈ। ਇਸ 13 ਮੈਂਬਰੀ ਕਮੇਟੀ ਵਿੱਚ ਮਨਪ੍ਰੀਤ ਸਿੰਘ ਬਾਦਲ, ਅਸ਼ਵਨੀ ਸ਼ਰਮਾ, ਮਨੋਰੰਜਨ ਕਾਲੀਆ, ਸੋਮ ਪ੍ਰਕਾਸ਼, ਰਾਣਾ ਗੁਰਮੀਤ ਸਿੰਘ ਸੋਢੀ, ਅਸ਼ਵਨੀ ਸੇਖੜੀ, ਸਤਨਾਮ ਸਿੰਘ ਸੰਧੂ, ਰਾਘਵ ਚੱਢਾ, ਰਾਜਿੰਦਰ ਗੁਪਤਾ, ਹਰਭਜਨ ਸਿੰਘ, ਪਰਮਪਾਲ ਕੌਰ ਤੇ ਐਡਵੋਕੇਟ ਐਚ.ਐਸ. ਫੂਲਕਾ ਨੂੰ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਦੀ ਜ਼ਿੰਮੇਵਾਰੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਤੇ ਵਿਜ਼ਨ ਡਾਕੂਮੈਂਟ ਤਿਆਰ ਕਰਨਾ ਹੋਵੇਗਾ।
ਸੁਨੀਲ ਜਾਖੜ ਨੂੰ ਚਾਰਜਸ਼ੀਟ ਕਮੇਟੀ ਦੀ ਕਮਾਨ
ਇਸ ਦੇ ਨਾਲ ਹੀ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਸੂਬਾ ਚਾਰਜਸ਼ੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ 14 ਮੈਂਬਰੀ ਕਮੇਟੀ ‘ਚ ਇਕਬਾਲ ਸਿੰਘ ਲਾਲਪੁਰਾ, ਵਿਜੇ ਸਾਂਪਲਾ, ਸ਼ਵੇਤ ਮਲਿਕ, ਪ੍ਰਨੀਤ ਕੌਰ, ਰਵਨੀਤ ਸਿੰਘ ਬਿੱਟੂ, ਦਿਨੇਸ਼ ਬੱਬੂ, ਸੁਸ਼ੀਲ ਰਿੰਕੂ, ਗੇਜਾ ਰਾਮ, ਵਿਕਰਮਜੀਤ ਸਿੰਘ ਸਾਹਨੀ, ਅਸ਼ੋਕ ਮਿੱਤਲ, ਸੰਦੀਪ ਪਾਠਕ, ਐਸ.ਐਸ. ਚੰਨੀ ਤੇ ਜਗਮੀਤ ਸਿੰਘ ਬਰਾੜ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।
ਇਸ ਕਮੇਟੀ ਵੱਲੋਂ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਕਾਜ ਤੇ ਸਰਕਾਰ ਖ਼ਿਲਾਫ਼ ਉਠਾਏ ਜਾਣ ਵਾਲੇ ਮੁੱਦਿਆਂ ਨੂੰ ਇਕੱਠਾ ਕਰਕੇ ਚਾਰਜਸ਼ੀਟ ਤਿਆਰ ਕੀਤੀ ਜਾਵੇਗੀ।
ਚੋਣ ਮਨੋਰਥ ਪੱਤਰ ਤਿਆਰ ਕਰਨ ਦੀਆਂ ਤਿਆਰੀਆਂ ਸ਼ੁਰੂ
ਦੋਵਾਂ ਕਮੇਟੀਆਂ ਦਾ ਗਠਨ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਭਾਜਪਾ ਦੀਆਂ ਤਿਆਰੀਆਂ ਦੇ ਅਹਿਮ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ। ਮੈਨੀਫੈਸਟੋ ਕਮੇਟੀ ‘ਚ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੇ ਤਜਰਬੇ ਤੇ ਵੱਖ-ਵੱਖ ਖੇਤਰਾਂ ਦੀ ਨੁਮਾਇੰਦਗੀ ਨੂੰ ਇੱਕ ਮੰਚ ‘ਤੇ ਲਿਆਂਦਾ ਗਿਆ ਹੈ, ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਚਾਰਜਸ਼ੀਟ ਕਮੇਟੀ ‘ਚ ਵੀ ਤਜਰਬੇਕਾਰ ਆਗੂਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਨੂੰ ਵੱਖਰੀ ਜ਼ਿੰਮੇਵਾਰੀ ਸੌਂਪੀ ਗਈ ਹੈ।


