Punjab Budget 2024: ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ, ਮੁੱਖ ਮੰਤਰੀ ਨੇ ਕੀਤੀ ਬਜਟ ਦੀ ਸ਼ਲਾਘਾ

kusum-chopra
Updated On: 

05 Mar 2024 21:56 PM

CM Mann on Punjab Budget: ਸੀਐਮ ਮਾਨ ਨੇ ਕਿਹਾ ਕਿ ਇਹ ਬਜਟ ਸੂਬੇ ਦੇ ਸਮੁੱਚੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰੇਗਾ ਅਤੇ ਸਮਾਜ ਦੇ ਸਾਰੇ ਵਰਗਾਂ ਖਾਸ ਕਰ ਕੇ ਗਰੀਬ ਤੇ ਪਛੜੇ ਵਰਗਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਏਗਾ। ਇਹ ਪਹਿਲੀ ਵਾਰ ਸੂਬੇ ਦਾ ਬਜਟ ਦੋ ਲੱਖ ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ ਕਿਉਂਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਸੀਐਮ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਖੇਤਰ ਲਈ 5264 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

Punjab Budget 2024: ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ, ਮੁੱਖ ਮੰਤਰੀ ਨੇ ਕੀਤੀ ਬਜਟ ਦੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ

Follow Us On

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ 2024-25 ਦੇ ਬਜਟ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰਪੂਰ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਦੇ ਵਿਆਪਕ ਵਿਕਾਸ ਰਾਹੀਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜ਼ੀਰੋ ਟੈਕਸ ਬਜਟ ਵਿੱਚ ਸਾਰੇ ਮੁੱਖ ਖੇਤਰਾਂ ਜਿਵੇਂ ਸਿਹਤ, ਸਿੱਖਿਆ, ਬਿਜਲੀ, ਬੁਨਿਆਦੀ ਢਾਂਚਾ, ਉਦਯੋਗ, ਖੇਡਾਂ, ਸਮਾਜਿਕ ਸੁਰੱਖਿਆ ਅਤੇ ਹੋਰ ਖੇਤਰਾਂ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ ਜੋ ਸੂਬੇ ਦੇ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 2012-17 ਦੌਰਾਨ 8 ਫ਼ੀਸਦ ਤੇ 2017-22 ਦੌਰਾਨ 6 ਫ਼ੀਸਦ ਦੀ ਮਿਸ਼ਰਤ ਸਾਲਾਨਾ ਵਿਕਾਸ ਦਰ ਦੇ ਮੁਕਾਬਲੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਟੈਕਸ ਮਾਲੀਆ 13 ਫ਼ੀਸਦ ਰਿਹਾ। ਇਸ ਵਾਧੇ ਇਹ ਨਾਲ ਸਪੱਸ਼ਟ ਹੁੰਦਾ ਹੈ ਕਿ ਵਿਚਾਰਾਂ ਦੀ ਸਪੱਸ਼ਟਤਾ ਤੇ ਉਨ੍ਹਾਂ ਵਿਚਾਰਾਂ ਨੂੰ ਅਮਲ ਵਿੱਚ ਲਿਆਉਣ ਪ੍ਰਤੀ ਦ੍ਰਿੜਤਾ ਇਸ ਸਰਕਾਰ ਵਿੱਚ ਹੈ ਜਿਸ ਦੇ ਚੱਲਦੇ ਕੰਮ ਨੇਪਰੇ ਚਾੜ੍ਹਨਾ ਨਿਰਭਰ ਕਰਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਵਾਅਦਾ ਕੀਤਾ ਸੀ। ਇਸ ਮਕਸਦ ਲਈ ਸਰਕਾਰ ਵੱਲੋਂ ਮੁੱਖ ਖੇਤਰਾਂ ਜਿਵੇਂ ਬਿਹਤਰ ਸ਼ਾਸਨ, ਸਿੱਖਿਆ ਤੇ ਸਿਹਤ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਲੇ ਵਿੱਤੀ ਸਾਲ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਕਿਸਾਨਾਂ ਨੂੰ ਕਣਕ ਝੋਨੇ ਦੇ ਚੱਕਰ ‘ਚੋਂ ਕੱਢਣ ਲਈ ਕਰ ਰਹੇ ਕੰਮ- ਸੀਐਮ

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਵੀ ਸਰਕਾਰ ਕੰਮ ਕਰ ਰਹੀ ਹੈ। ਇਸ ਲਈ ਸਰਕਰਾ ਨੇ ਵੱਖ-ਵੱਖ ਫ਼ਸਲੀ ਵਿਭਿੰਨਤਾ ਸਕੀਮਾਂ ਲਈ ਵਿੱਤੀ ਮਾਲ 2024-25 ‘ਚ 575 ਕਰੋੜ ਰੁਪਏ ਰੱਖੇ ਹਨ। ਇਸ ਦੇ ਨਾਲ ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2024-25 ‘ਚ ਖੇਤੀਬਾੜੀ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਅਲਾਟ ਕੀਤੇ ਹਨ। ਸਰਕਾਰ ਦੀ ਕੋਸ਼ੀਸ ਹੈ ਕਿ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇ।

ਸੀਐਮ ਮਾਨ ਨੇ ਕਿਹਾ ਕਿ ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਮੁਕਤਸਰ ਜ਼ਿਲ੍ਹਿਆਂ ਨੂੰ ਲਾਭ ਪਹੁੰਚਾਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਨੇ ਲਗਭਗ 1.78 ਲੱਖ ਏਕੜ ਰਕਬੇ ਨੂੰ ਕਵਰ ਕਰਨ ਦੇ ਉਦੇਸ਼ ਨਾਲ ਨਵਾਂ ਮਾਲਵਾ ਨਹਿਰੀ ਪ੍ਰਾਜੈਕਟ ਬਣਾਉਣ ਦੀ ਤਜਵੀਜ਼ ਰੱਖੀ ਹੈ। ਇਸ ਨਾਲ ਜ਼ਮੀਨ ਹੇਠਲੇ ਪਾਣੀ ‘ਤੇ ਨਿਰਭਰਤਾ ਘਟੇਗੀ। ਇਸ ਤੋਂ ਇਲਾਵਾ ਹਾੜ੍ਹੀ ਸੀਜ਼ਨ ਦੌਰਾਨ ਸਤਲੁਜ-ਬਿਆਸ ਦਰਿਆ ਦੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਸੁਚੱਜੀ ਵਰਤੋਂ ਕੀਤੀ ਜਾ ਸਕੇਗੀ।

ਸਿੱਖਿਆ ਨੂੰ ਲੈ ਕੇ ਸਰਕਾਰ ਨੇ ਚੁੱਕੇ ਵੱਡੇ ਕਦਮ – ਸੀਐਮ

ਸਿੱਖਿਆ ਨੂੰ ਲੈ ਕੇ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਤੋਂ ਵੀ ਸੀਐਮ ਮਾਨ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਜਦੋਂ ਸਿੱਖਿਆ ਖੇਤਰ ਲਈ ਵਿੱਤੀ ਸਾਲ 2024-25 ਵਿੱਚ 16,987 ਕਰੋੜ ਰੁਪਏ ਦਾ ਬਜਟ ਤੈਅ ਕੀਤਾ ਗਿਆ। ਇਹ ਕੁੱਲ ਖਰਚੇ ਦਾ ਲਗਭਗ 11.5 ਫੀਸਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 100 ਕਰੋੜ ਰੁਪਏ ਸਕੂਲ ਆਫ਼ ਐਮੀਨੈਂਸ ਲਈ ਰੱਖੇ ਹਨ। ਇਸ ਦੇ ਨਾਲ ਹੀ ਸਰਕਾਰ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਸਕੂਲ ਆਫ਼ ਬ੍ਰਿਲੀਅਨਜ਼ ਤੇ ਸਕਿੱਲ ਐਜੂਕੇਸ਼ਨ ਦੇਣ ਲਈ ਸਕੂਲ ਆਫ਼ ਅਪਲਾਈਡ ਲਰਨਿੰਗ ਅਤੇ ਵਿਦਿਆਰਥੀਆਂ ਦੀ ਸਮੁੱਚੇ ਵਿਕਾਸ ਲਈ ਸਕੂਲ ਆਫ਼ ਹੈਪੀਨੈੱਸ ਵਾਸਤੇ 10-10 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਦਾ ਬਜਟ ਆਰਥਿਕ ਸੂਝਬੂਝ ਨਾਲ ਤਿਆਰ ਕੀਤਾ ਗਿਆ। ਕਈ ਸਰੋਤ ਜੁਟਾ ਕੇ ਮਾਲੀਆ ਵਧਾਉਣ ‘ਤੇ ਧਿਆਨ ਕੇਂਦਰਿਤ ਕਰਦਿਆਂ ਵਿੱਤੀ ਘਾਟੇ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਨਾਲ ਸਾਡਾ ਸੂਬਾ ਹੁਣ ਵਿਕਾਸ ਤੇ ਖ਼ੁਸ਼ਹਾਲੀ ਦੀਆਂ ਸਿਖਰਾਂ ਛੋਹਵੇਗਾ। ਮਾਨ ਨੇ ਇਸ ਦੀ ਉਮੀਦ ਜਤਾਈ ਕਿ ਮੌਜੂਦਾ ਬਜਟ ਉਦਯੋਗਿਕ ਖੇਤਰ ਨੂੰ ਸੁਰਜੀਤੀ ਕਰਨ ਦੇ ਨਾਲ-ਨਾਲ ਸੂਬੇ ਦੀ ਖੇਤੀ ਆਰਥਿਕਤਾ ਨੂੰ ਹੁਲਾਰਾ ਦੇਣ ‘ਚ ਅਹਿਮ ਯੋਗਦਾਨ ਪਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਜਟ ਮੀਲ ਦਾ ਪੱਥਰ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਨੇੜਲੇ ਭਵਿੱਖ ‘ਚ ਇਹ ਬਜਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਿਕਾਸ ਤੇ ਪ੍ਰਗਤੀ ਦੇ ਨਵੇਂ ਟੀਚੇ ਸਥਾਪਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬਾ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੂੰ ਦਰਸਾਉਂਦਾ ਹੈ। ਇਸ ਦਾ ਮਕਸਦ ਸਮਾਜ ਦੇ ਸਭ ਤੋਂ ਗਰੀਬ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਸਹੀ ਮਾਅਨਿਆਂ ‘ਚ ਸੇਵਾ ਕਰਨਾ ਹੈ।