Punjab Bypolls: ਨਾਇਬ ਸੈਣੀ, ਕੈਪਟਨ ਅਮਰਿੰਦਰ ਅਤੇ ਰਵਨੀਤ ਬਿੱਟੂ ਸਮੇਤ ਭਾਜਪਾ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ
BJP Star Campaigner List for Punjab Bypolls 2024 : ਪੰਜਾਬ 'ਚ ਹੋਣ ਵਾਲੀਆਂ ਉਪ ਚੋਣਾਂ ਲਈ ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਰਵਨੀਤ ਸਿੰਘ ਬਿੱਟੂ, ਅਨੁਰਾਗ ਠਾਕੁਰ ਸਮੇਤ ਕਈ ਦਿੱਗਜਾਂ ਦੇ ਨਾਂ ਸ਼ਾਮਲ ਹਨ।
ਨਾਇਬ ਸੈਣੀ, ਕੈਪਟਨ ਤੇ ਬਿੱਟੂ ਸਮੇਤ BJP ਦੀ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਪ੍ਰਚਾਰ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਲਈ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ 40 ਨੇਤਾਵਾਂ ਦੇ ਨਾਂ ਹਨ। ਸਟਾਰ ਪ੍ਰਚਾਰਕਾਂ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਰਵਨੀਤ ਸਿੰਘ ਬਿੱਟੂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਉਪ ਚੋਣਾਂ ਵਿੱਚ ਭਾਜਪਾ ਲਈ ਪ੍ਰਚਾਰ ਕਰਨਗੇ।
ਇਨ੍ਹਾਂ ਤੋਂ ਇਲਾਵਾ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਇਕਾਈ ਦੇ ਮੁਖੀ ਸੁਨੀਲ ਜਾਖੜ, ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸਮ੍ਰਿਤੀ ਇਰਾਨੀ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੇ ਨਾਂ ਵੀ ਪਾਰਟੀ ਦੀ ਸੂਚੀ ਵਿੱਚ ਸ਼ਾਮਲ ਹਨ। ਸੰਸਦ ਮੈਂਬਰ ਮਨੋਜ ਤਿਵਾੜੀ ਅਤੇ ਰਵੀ ਕਿਸ਼ਨ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਵੀ ਪਾਰਟੀ ਲਈ ਪ੍ਰਚਾਰ ਕਰਨਗੇ।
ਭਾਜਪਾ ਨੇ ਤਿੰਨ ਸੀਟਾਂ ਲਈ ਕੀਤਾ ਹੈ ਉਮੀਦਵਾਰਾਂ ਦਾ ਐਲਾਨ
ਭਾਜਪਾ ਨੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਨੇ ਅਜੇ ਤੱਕ ਚੱਬੇਵਾਲ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
ਗਿੱਦੜਬਾਹਾ ਸੀਟ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਸੀ। ਬਰਨਾਲਾ ਸੀਟ ਸੰਗਰੂਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਗੁਰਮੀਤ ਸਿੰਘ ਸਿੰਘ ਹੇਅਰ ਦੇ ਜਿੱਤਣ ਤੋਂ ਬਾਅਦ ਖਾਲੀ ਹੋ ਗਈ ਸੀ। ਉਹ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਰਨਾਲਾ ਸੀਟ ਤੋਂ ਜਿੱਤੇ ਸਨ। ਡੇਰਾ ਬਾਬਾ ਨਾਨਕ ਸੀਟ ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਦੇ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਖਾਲੀ ਹੋ ਗਈ ਸੀ। ਜਦਕਿ ਚੱਬੇਵਾਲ ਸੀਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਾਜ ਕੁਮਾਰ ਚੱਬੇਵਾਲ, ਜੋ ਬਾਅਦ ਵਿੱਚ ਆਪ ਵਿੱਚ ਸ਼ਾਮਲ ਹੋਏ, ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਬਣੇ ਹਨ।
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਜਿਮਨੀ ਚੋਣਾਂ ਲਈ ਉਤਾਰੇ ਗਏ ਉਮੀਦਵਾਰਾਂ ਨੂੰ ਬਹੁਤ ਬਹੁਤ ਸ਼ੁੱਭਕਾਮਨਾਵਾਂ ਸ.ਮਨਪ੍ਰੀਤ ਸਿੰਘ ਬਾਦਲ, ਉਮੀਦਵਾਰ, ਗਿੱਦੜਬਾਹਾ ਸ.ਕੇਵਲ ਸਿੰਘ ਢਿੱਲੋਂ, ਉਮੀਦਵਾਰ, ਬਰਨਾਲਾ ਸ.ਰਵੀਕਰਨ ਸਿੰਘ ਕਾਹਲੋਂ, ਉਮੀਦਵਾਰ, ਡੇਰਾ ਬਾਬਾ ਨਾਨਕ ਭਾਜਪਾ ਨੂੰ ਜਿਤਾਉ, ਪੰਜਾਬ ਖੁਸ਼ਹਾਲ ਬਣਾਉ pic.twitter.com/8mK4KXM35i
— BJP PUNJAB (@BJP4Punjab) October 22, 2024ਇਹ ਵੀ ਪੜ੍ਹੋ
ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਵਿੱਚ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 25 ਅਕਤੂਬਰ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ। ਉਮੀਦਵਾਰ 30 ਅਕਤੂਬਰ ਤੱਕ ਨਾਮਜ਼ਦਗੀ ਵਾਪਸ ਲੈ ਸਕਦੇ ਹਨ।
