ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ-2026 ਨੂੰ ਹਰੀ ਝੰਡੀ, ਪੰਜਾਬ ਕੈਬਨਿਟ ਚ ਲਏ ਕਈ ਵੱਡੇ ਫ਼ੈਸਲੇ

Published: 

05 Oct 2026 21:35 PM IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਵਜ਼ਾਰਤ ਦੀ ਅਹਿਮ ਬੈਠਕ ਦੌਰਾਨ ਸੂਬੇ ਦੇ ਵਿਕਾਸ ਅਤੇ ਪ੍ਰਸ਼ਾਸਕੀ ਸੁਧਾਰਾਂ ਨਾਲ ਸਬੰਧਤ ਕਈ ਵੱਡੇ ਫ਼ੈਸਲਿਆਂ ਨੂੰ ਹਰੀ ਝੰਡੀ ਦਿੱਤੀ ਗਈ। ਇਸ ਮੀਟਿੰਗ ਵਿੱਚ ਸਭ ਤੋਂ ਅਹਿਮ ਫ਼ੈਸਲਾ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026' ਨੂੰ ਮਨਜ਼ੂਰੀ ਦੇਣਾ ਰਿਹਾ।

ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ-2026 ਨੂੰ ਹਰੀ ਝੰਡੀ, ਪੰਜਾਬ ਕੈਬਨਿਟ ਚ ਲਏ ਕਈ ਵੱਡੇ ਫ਼ੈਸਲੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਵਜ਼ਾਰਤ ਦੀ ਅਹਿਮ ਬੈਠਕ ਦੌਰਾਨ ਸੂਬੇ ਦੇ ਵਿਕਾਸ ਅਤੇ ਪ੍ਰਸ਼ਾਸਕੀ ਸੁਧਾਰਾਂ ਨਾਲ ਸਬੰਧਤ ਕਈ ਵੱਡੇ ਫ਼ੈਸਲਿਆਂ ਨੂੰ ਹਰੀ ਝੰਡੀ ਦਿੱਤੀ ਗਈ। ਇਸ ਮੀਟਿੰਗ ਵਿੱਚ ਸਭ ਤੋਂ ਅਹਿਮ ਫ਼ੈਸਲਾ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਮਨਜ਼ੂਰੀ ਦੇਣਾ ਰਿਹਾ। ਮੁੱਖ ਮੰਤਰੀ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਇਹ ਬਿੱਲ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਯੋਜਨਾਬੱਧ, ਵਿਆਪਕ ਅਤੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (RDA) ਦੀ ਸਥਾਪਨਾ ਦਾ ਰਾਹ ਪੱਧਰਾ ਕਰੇਗਾ।

ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਦੀ ਸਥਾਪਨਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕੀ ਨਿਯੰਤਰਣ ਹੇਠ ਇੱਕ ਕਾਨੂੰਨੀ (ਸਟੈਚੂਟਰੀ) ਸੰਸਥਾ ਵਜੋਂ ਕੀਤੀ ਜਾਵੇਗੀ। ਇਸ ਸੰਸਥਾ ਨੂੰ ਖੇਤਰ ਦੇ ਏਕੀਕ੍ਰਿਤ ਵਿਕਾਸ, ਜ਼ਮੀਨ ਪ੍ਰਬੰਧਨ, ਵਿਕਾਸ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਸੈਰ-ਸਪਾਟਾ ਕੇਂਦਰਾਂ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਪ੍ਰਦਾਨ ਕੀਤੀਆਂ ਜਾਣਗੀਆਂ।

ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਲਈ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਦਫ਼ਤਰ ਦੇ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ, ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਮੰਤਰੀ ਮੰਡਲ ਨੇ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਅਸਾਮੀਆਂ ਪਹਿਲਾਂ ਤੋਂ ਮੌਜੂਦ 19 ਪੱਕੀਆਂ ਅਸਾਮੀਆਂ ਵਿੱਚੋਂ ਸੇਵਾਦਾਰਾਂ ਦੀਆਂ ਅਸਾਮੀਆਂ ਅਤੇ ਮੁਹਰਰ ਦੀ ਇੱਕ ਪੱਕੀ ਅਸਾਮੀ ਨੂੰ ਸਮਰਪਿਤ (ਸਰੈਂਡਰ) ਕਰਕੇ ਬਣਾਈਆਂ ਗਈਆਂ ਹਨ, ਜਿਸ ਨਾਲ ਸਰਕਾਰੀ ਖ਼ਜ਼ਾਨੇ ‘ਤੇ ਕੋਈ ਵਾਧੂ ਬੋਝ ਪਾਏ ਬਿਨਾਂ ਦਫ਼ਤਰ ਦੀ ਪ੍ਰਸ਼ਾਸਕੀ ਸਮਰੱਥਾ ਵਿੱਚ ਸੁਧਾਰ ਹੋਵੇਗਾ।

ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ) 2016 ਵਿੱਚ ਸੋਧ

ਸਿਹਤ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਨੂੰ ਮਜ਼ਬੂਤ ਕਰਦਿਆਂ ਮੰਤਰੀ ਮੰਡਲ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਸਰਕਾਰੀ ਨਰਸਿੰਗ ਕਾਲਜ, ਪਟਿਆਲਾ ਅਤੇ ਸਰਕਾਰੀ ਨਰਸਿੰਗ ਕਾਲਜ, ਅੰਮ੍ਰਿਤਸਰ ਵਿਖੇ ਟਿਊਟਰਾਂ ਦੀਆਂ ਅਸਾਮੀਆਂ ਨੂੰ ਤਰੱਕੀ (ਪ੍ਰਮੋਸ਼ਨ) ਰਾਹੀਂ ਭਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ। ਇਸ ਮੰਤਵ ਲਈ ‘ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016’ ਦੇ ਅੰਤਿਕਾ-ਬੀ (Appendix-B) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇਨ੍ਹਾਂ ਨਿਯਮਾਂ ਤਹਿਤ, ਡਾਇਰੈਕਟਰ ਖੋਜ ਅਤੇ ਮੈਡੀਕਲ ਸਿੱਖਿਆ, ਪੰਜਾਬ ਦੇ ਨਿਯੰਤਰਣ ਅਧੀਨ ਨਿਯਮਤ (ਰੈਗੂਲਰ) ਆਧਾਰ ‘ਤੇ ਤਾਇਨਾਤ ਸਟਾਫ਼ ਨਰਸਾਂ ਅਤੇ ਨਰਸਿੰਗ ਸਿਸਟਰਾਂ ਵਿੱਚੋਂ ਇਹ ਅਸਾਮੀਆਂ ਭਰੀਆਂ ਜਾਣਗੀਆਂ, ਜਿਨ੍ਹਾਂ ਕੋਲ ਸਬੰਧਤ ਖੇਤਰ ਵਿੱਚ ਐੱਮ.ਐੱਸ.ਸੀ. (ਨਰਸਿੰਗ) ਦੀ ਡਿਗਰੀ ਹੋਵੇਗੀ। ਇਸ ਤੋਂ ਇਲਾਵਾ, ਨਰਸਿੰਗ ਸਿੱਖਿਆ ਵਿੱਚ ਇੱਕ ਸਾਲ ਦਾ ਅਧਿਆਪਨ ਅਨੁਭਵ ਰੱਖਣ ਵਾਲੇ ਉਮੀਦਵਾਰਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ।

ਪਿਕਟਸ (PICTES) ਦੇ ਗ਼ੈਰ-ਅਧਿਆਪਨ ਅਮਲੇ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਫ਼ੈਸਲਾ

ਮੁਲਾਜ਼ਮਾਂ ਦੇ ਹਿੱਤ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਕੈਬਨਿਟ ਨੇ ਪੰਜਾਬ ਇਨਫਾਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੁਸਾਇਟੀ (ਪਿਕਟਸ) ਅਧੀਨ ਠੇਕੇ (ਕੰਟਰੈਕਟ) ‘ਤੇ ਕੰਮ ਕਰ ਰਹੇ ਗ਼ੈਰ-ਅਧਿਆਪਨ ਅਮਲੇ (ਨਾਨ-ਟੀਚਿੰਗ ਸਟਾਫ਼) ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਨਿਯਮਤ ਕੀਤੇ ਜਾਣ ਵਾਲੇ ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਪਿਕਟਸ ਅਧੀਨ ਨਿਰਧਾਰਿਤ ਪੇਅ-ਸਕੇਲ (ਤਨਖ਼ਾਹ ਸਕੇਲ) ਅਨੁਸਾਰ ਸੇਵਾਵਾਂ ਪੱਕੀਆਂ ਕਰਨ ਦਾ ਪੂਰਾ ਲਾਭ ਮਿਲੇਗਾ, ਜਿਸ ਨਾਲ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੇਗੀ।

Loading...
Unable to load recommendations.
Follow Us