ਪੰਜਾਬ ਦੇ ਮੁੱਖ ਸਕੱਤਰ KAP ਸਿਨਹਾ ਅੱਜ ED ਸਾਹਮਣੇ ਹੋ ਸਕਦੇ ਹਨ ਪੇਸ਼, ਜਲੰਧਰ ਦਫ਼ਤਰ ‘ਚ ਪੁੱਛਗਿੱਛ ਲਈ ਬੁਲਾਇਆ
ਇਹ ਜਾਂਚ ਮਈ 2026 'ਚ ਮੋਹਾਲੀ ਦੇ ਰੀਅਲ ਅਸਟੇਟ ਪ੍ਰੋਜੈਕਟਾਂ 'ਚ ਕਥਿਤ ਬੇਨਿਯਮੀਆਂ ਦੀ ਪੜਤਾਲ ਨਾਲ ਸ਼ੁਰੂ ਹੋਈ ਸੀ। ਸ਼ੁਰੂਆਤ 'ਚ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਅਧਿਕਾਰੀਆਂ ਤੇ ਸਬੰਧਤ ਪ੍ਰੋਜੈਕਟਾਂ ਨਾਲ ਜੁੜੇ ਲੋਕਾਂ ਨੂੰ ਜਾਂਚ ਦੇ ਘੇਰੇ 'ਚ ਲਿਆਂਦਾ ਗਿਆ।
ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਅੱਜ 26 ਨਵੰਬਰ ਨੂੰ ਜਲੰਧਰ ਸਥਿਤ ਈਡੀ ਦਫ਼ਤਰ ‘ਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਉਨ੍ਹਾਂ ਤੋਂ ਵਿੱਤ ਵਿਭਾਗ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਸਵਾਲ ਕੀਤੇ ਜਾ ਸਕਦੇ ਹਨ। ਜਾਂਚ ਏਜੰਸੀ ਵੱਲੋਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੁੱਛਗਿੱਛ ‘ਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
ਰੀਅਲ ਅਸਟੇਟ ਪ੍ਰੋਜੈਕਟਾਂ ਤੋਂ ਸ਼ੁਰੂ ਹੋਈ ਜਾਂਚ
ਇਹ ਜਾਂਚ ਮਈ 2026 ‘ਚ ਮੋਹਾਲੀ ਦੇ ਰੀਅਲ ਅਸਟੇਟ ਪ੍ਰੋਜੈਕਟਾਂ ‘ਚ ਕਥਿਤ ਬੇਨਿਯਮੀਆਂ ਦੀ ਪੜਤਾਲ ਨਾਲ ਸ਼ੁਰੂ ਹੋਈ ਸੀ। ਸ਼ੁਰੂਆਤ ‘ਚ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਅਧਿਕਾਰੀਆਂ ਤੇ ਸਬੰਧਤ ਪ੍ਰੋਜੈਕਟਾਂ ਨਾਲ ਜੁੜੇ ਲੋਕਾਂ ਨੂੰ ਜਾਂਚ ਦੇ ਘੇਰੇ ‘ਚ ਲਿਆਂਦਾ ਗਿਆ।
ਇਸ ਤੋਂ ਬਾਅਦ ਅਗਸਤ ਮਹੀਨੇ ‘ਚ IAS ਅਧਿਕਾਰੀ ਕੰਵਲਪ੍ਰੀਤ ਬਰਾੜ ਤੋਂ ਦੋ ਵਾਰ ਪੁੱਛਗਿੱਛ ਕੀਤੀ ਗਈ। ਜਾਂਚ ਦਾ ਦਾਇਰਾ ਲਗਾਤਾਰ ਵਧਦਾ ਗਿਆ ਤੇ ਕਈ ਸੀਨੀਅਰ ਅਧਿਕਾਰੀਆਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਗਈ।
26 ਟਿਕਾਣਿਆਂ ‘ਤੇ ਕੀਤੀ ਗਈ ਸੀ ਛਾਪੇਮਾਰੀ
31 ਅਗਸਤ ਨੂੰ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਵੀ ਈਡੀ ਵੱਲੋਂ ਸੰਮਨ ਜਾਰੀ ਕੀਤੇ ਗਏ ਸਨ। ਉਹ 9 ਸਤੰਬਰ ਨੂੰ ਜਲੰਧਰ ਸਥਿਤ ਈਡੀ ਦਫ਼ਤਰ ‘ਚ ਪੇਸ਼ ਹੋਏ ਸਨ, ਜਿੱਥੇ ਉਨ੍ਹਾਂ ਤੋਂ 8 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਸਤੰਬਰ ਮਹੀਨੇ ‘ਚ ਈਡੀ ਵੱਲੋਂ GMADA ਦੇ ਮੁੱਖ ਦਫ਼ਤਰ ਤੇ ਹਾਊਸਿੰਗ ਵਿਭਾਗ ਨਾਲ ਸਬੰਧਤ 26 ਟਿਕਾਣਿਆਂ ‘ਤੇ ਛਾਪੇਮਾਰੀ ਵੀ ਕੀਤੀ ਗਈ ਸੀ।
GMADA ਦੇ ਅਧਿਕਾਰੀਆਂ ਨੂੰ ਵੀ ਜਾਰੀ ਹੋਏ ਸਨ ਸੰਮਨ
ਨਵੰਬਰ ਮਹੀਨੇ ਵਿੱਚ GMADA ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ ਤੇ ਹਾਊਸਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੂੰ ਵੀ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਗਏ ਸਨ।ਇਸ ਮਾਮਲੇ ‘ਚ ਜ਼ਮੀਨ ਐਕਵਾਇਰ ਕਰਨ, ਨਿਲਾਮੀ, ਅਲਾਟਮੈਂਟ, ਕਲੋਨੀਆਂ ਨੂੰ ਮਨਜ਼ੂਰੀ ਦੇਣ ਤੇ ਬਿਲਡਰਾਂ ਨੂੰ ਕਥਿਤ ਤੌਰ ‘ਤੇ ਦਿੱਤੀਆਂ ਗਈਆਂ ਰਿਆਇਤਾਂ ਵਰਗੇ ਫੈਸਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਈਡੀ ਵੱਲੋਂ ਮੌਜੂਦਾ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਸੰਮਨ ਜਾਰੀ ਕੀਤੇ ਗਏ ਹਨ। ਇਸ ਨਾਲ ਮਾਮਲੇ ਦੀ ਜਾਂਚ ਸੂਬੇ ਦੇ ਉੱਚ ਪ੍ਰਸ਼ਾਸਨਿਕ ਤੇ ਵਿੱਤੀ ਵਿਭਾਗਾਂ ਤੱਕ ਪਹੁੰਚ ਗਈ ਹੈ।
