‘ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਹੱਬ ਬਣਾਉਣਾ ਹੈ’, ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਖੇਤਰ ਨੂੰ ਨਵੀਂ ਦਿਸ਼ਾ ਦੇਣ ਲਈ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 42 ਤਰ੍ਹਾਂ ਦੇ ਕਲੀਨਿਕਲ ਟੈਸਟ ਬਿਲਕੁੱਲ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਤੋਂ 65 ਲੱਖ ਤੋਂ ਵੱਧ ਮਰੀਜ਼ ਸਿਹਤ ਸੇਵਾਵਾਂ ਪ੍ਰਾਪਤ ਕਰ ਚੁੱਕੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਵਿੱਚ ਮੈਡੀਕਲ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕੀਤਾ ਜਾਵੇਗਾ। ਅੰਮ੍ਰਿਤਸਰ ਦੇ ਸ਼ਤਾਬਦੀ ਸਮਾਗਮਾਂ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਪਹਿਲਾਂ ਹੀ ਕਾਫੀ ਕੰਮ ਕਰ ਰਹੀ ਹੈ। ਇੱਥੇ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇਸ ਖੇਤਰ ਵਿੱਚ ਬਹੁਤ ਸੰਭਾਵਨਾਵਾਂ ਹਨ। ਰਾਜ ਵਿੱਚ ਮੈਡੀਕਲ ਟੂਰਿਜ਼ਮ ਦਾ ਵਿਕਾਸ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੋਂ ਮੈਂ ਆਪਣਾ ਕਾਰਜਕਾਲ ਸੰਭਾਲਿਆ ਹੈ, ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣਾ ਹੈ।
ਪ੍ਰਕਾਸ਼ ਪੁਰਬ ‘ਤੇ ਘਰ- ਘਰ ਸਹੂਲਤਾਂ ਦੇਣ ਦੀ ਕਹੀ ਗੱਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ ਲੋਕਾਂ ਨੂੰ ਘਰ-ਘਰ ਸਿਵਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੀਂ ਪਹਿਲਕਦਮੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 40 ਤੋਂ 42 ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੁਹੱਈਆ ਕਰਵਾਈਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਇਨ੍ਹਾਂ ਸੇਵਾਵਾਂ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਗਰੀਬਾਂ ਲਈ ਕਣਕ ਅਤੇ ਆਟਾ ਘਰ ਘਰ ਪਹੁੰਚਾਉਣ ਦੀ ਸਕੀਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਕੀਮ ਰਾਹੀਂ ਸੂਬੇ ਦੇ ਕਰੀਬ 1.42 ਕਰੋੜ ਲਾਭਪਾਤਰੀ ਘਰ ਬੈਠੇ ਆਟਾ ਪ੍ਰਾਪਤ ਕਰ ਸਕਣਗੇ। ਸਰਕਾਰ ਇਸ ਸਕੀਮ ਤਹਿਤ ਹਰ ਮਹੀਨੇ 72500 ਮੀਟ੍ਰਿਕ ਟਨ ਰਾਸ਼ਨ ਵੰਡੇਗੀ। ਸਕੀਮ ਦੇ ਖਰੜੇ ਅਨੁਸਾਰ ਨੈਸ਼ਨਲ ਫੂਡ ਸਕਿਉਰਿਟੀ (ਸੁਰੱਖਿਆ) ਐਕਟ ਤਹਿਤ ਅਕਤੂਬਰ ਤੋਂ ਦਸੰਬਰ ਤੱਕ ਦੇ ਸਮੇਂ ਲਈ ਕਣਕ ਦੀ ਵੰਡ ਕੀਤੀ ਗਈ ਹੈ ਅਤੇ ਲਾਭਪਾਤਰੀਆਂ ਵਿੱਚ ਇਸ ਦੀ ਵੰਡ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਸਰਕਾਰੀ ਮੈਡੀਕਲ ਕਾਲਜ, ਸ੍ਰੀ ਅੰਮ੍ਰਿਤਸਰ ਸਾਹਿਬ ਦੀ 100ਵੀਂ ਵਰ੍ਹੇਗੰਢ ਮੌਕੇ ਸ਼ਿਰਕਤ ਕੀਤੀਸਰਕਾਰੀ ਮੈਡੀਕਲ ਕਾਲਜ ਦਾ ਯੋਗਦਾਨ ਪੰਜਾਬ ਤੇ ਪੰਜਾਬੀਆਂ ਲਈ ਵਡਮੁੱਲਾ ਹੈਨਾਲ ਹੀ ਕਾਲਜ ਅਧੀਨ ਕਈ ਹੋਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਇਹ ਵੀ ਪੜ੍ਹੋ
ਪੰਜਾਬ ਨੂੰ ਸਿਹਤ ਪੱਖੋਂ ਮਿਆਰੀ ਸਹੂਲਤਾਂ ਪ੍ਰਦਾਨ ਕਰਵਾਉਣੀਆਂ ਸਾਡੀ ਜ਼ਿੰਮੇਵਾਰੀ ਹੈਸਿਹਤ ਪੱਖੋਂ pic.twitter.com/8NRAimv2ia
— Bhagwant Mann (@BhagwantMann) November 17, 2023
’26 ਜਨਵਰੀ 2024 ਤੋਂ ਪੰਜਾਬ ‘ਚ ਹੋਵੇਗੀ ਨਵੀਂ ਸ਼ੁਰੂਆਤ’
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ 26 ਜਨਵਰੀ, 2024 ਤੋਂ ਪੰਜਾਬ ਦੇ ਸਾਰੇ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਹਸਪਤਾਲਾਂ ਨੂੰ ਐਕਸਰੇ ਮਸ਼ੀਨਾਂ ਨਾਲ ਲੈਸ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਗਣਤੰਤਰ ਦਿਵਸ ਤੋਂ ਸਾਰੇ ਹਸਪਤਾਲਾਂ ਵਿੱਚ ਇਹ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਅਤੇ ਇਨ੍ਹਾਂ ਮਸ਼ੀਨਾਂ ਨੂੰ ਚਲਾਉਣ ਲਈ ਆਪਰੇਟਰ ਵੀ ਤਾਇਨਾਤ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਹੁਣ ਹਸਪਤਾਲਾਂ ਦੇ ਅੰਦਰ ਹੀ ਉਪਲਬਧ ਹੋਣਗੀਆਂ। ਜਿਸ ਨਾਲ ਲੋਕਾਂ ਨਾਲ ਹੋਣ ਵਾਲੀ ਲੁੱਟ ਵੀ ਰੁਕੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਨੌਜਵਾਨਾਂ ਲਈ ਮੈਡੀਕਲ ਖੇਤਰ ਵਿੱਚ ਕੰਮ ਕਰਨ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਟੈਸਟਿੰਗ ਦੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿੱਚ ਫੈਲ ਰਹੀਆਂ ਵੱਖ-ਵੱਖ ਬਿਮਾਰੀਆਂ ਨੂੰ ਰੋਕਣ ਲਈ ਇੱਕ ਡਾਟਾਬੇਸ ਤਿਆਰ ਕਰਨ ਵਿੱਚ ਵੀ ਸਰਕਾਰ ਦੀ ਮਦਦ ਕਰ ਰਹੇ ਹਨ।
‘ਹੁਣ ਡਾਕਟਰੀ ਦੀ ਪੜ੍ਹਾਈ ਲਈ ਵਿਦੇਸ਼ ਜਾਣ ਦੀ ਲੋੜ ਨਹੀਂ’
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਪੰਜਾਬ ਵਿੱਚ ਖੋਲੇ ਜਾਣਗੇ। ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਦੀ ਸੇਵਾ ਬਹਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਹੁਸ਼ਿਆਰਪੁਰ ਵਿੱਚ ਅਜਿਹਾ ਹੀ ਇੱਕ ਮੈਡੀਕਲ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਇਹ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਕਾਰਜ ਸਮਾਜ ਦੇ ਹਰ ਵਰਗ ਦੇ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ।