CM ਰਿਹਾਇਸ਼ ‘ਤੇ ਪੰਜਾਬ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਅੱਜ ਬੈਠਕ, 3 ਕੈਬਨਿਟ ਮੰਤਰੀ ਵੀ ਰਹਿਣਗੇ ਮੌਜੂਦ
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਦੇ ਨਿਪਟਾਰੇ ਲਈ ਅੱਜ ਰਾਜਧਾਨੀ ਚੰਡੀਗੜ੍ਹ ਵਿਖੇ ਇੱਕ ਬੇਹੱਦ ਅਹਿਮ ਅਤੇ ਉੱਚ-ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਇਸ ਮਹੱਤਵਪੂਰਨ ਮੀਟਿੰਗ ਦੀ ਅਗਵਾਈ ਕਰਨਗੇ।
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਦੇ ਨਿਪਟਾਰੇ ਲਈ ਅੱਜ ਰਾਜਧਾਨੀ ਚੰਡੀਗੜ੍ਹ ਵਿਖੇ ਇੱਕ ਬੇਹੱਦ ਅਹਿਮ ਅਤੇ ਉੱਚ-ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਇਸ ਮਹੱਤਵਪੂਰਨ ਮੀਟਿੰਗ ਦੀ ਅਗਵਾਈ ਕਰਨਗੇ। ਇਹ ਉੱਚ-ਪੱਧਰੀ ਮੰਥਨ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਸਰਕਾਰ ਅਤੇ ਮੁਲਾਜ਼ਮ ਨੁਮਾਇੰਦਿਆਂ ਵਿਚਾਲੇ ਸਿੱਧੀ ਗੱਲਬਾਤ ਹੋਵੇਗੀ।
3 ਕੈਬਨਿਟ ਮੰਤਰੀ, ਮੁੱਖ ਸਕੱਤਰ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਰਹਿਣਗੇ ਹਾਜ਼ਰ
ਪੰਜਾਬ ਸਰਕਾਰ ਨੇ ਇਸ ਮੀਟਿੰਗ ਨੂੰ ਲੈ ਕੇ ਪੂਰੀ ਸੰਜੀਦਗੀ ਵਿਖਾਈ ਹੈ। ਮੁੱਖ ਮੰਤਰੀ ਦੇ ਨਾਲ-ਨਾਲ ਸਰਕਾਰ ਦੇ ਸੀਨੀਅਰ ਵਜ਼ੀਰਾਂ ਅਤੇ ਉੱਚ ਅਫ਼ਸਰਸ਼ਾਹੀ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੀਟਿੰਗ ਵਿੱਚ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਉਚੇਚੇ ਤੌਰ ‘ਤੇ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ ਅਤੇ ਵੱਖ-ਵੱਖ ਪ੍ਰਮੁੱਖ ਵਿਭਾਗਾਂ ਦੇ ਵਧੀਕ ਮੁੱਖ ਸਕੱਤਰਾਂ ਤੇ ਪ੍ਰਮੁੱਖ ਸਕੱਤਰਾਂ ਨੂੰ ਵੀ ਮੀਟਿੰਗ ਵਿੱਚ ਮੌਜੂਦ ਰਹਿਣ ਲਈ ਸੱਦਿਆ ਗਿਆ ਹੈ।
ਮੁਲਾਜ਼ਮ ਤੇ ਪੈਨਸ਼ਨਰ ਯੂਨੀਅਨਾਂ ਦੇ 12 ਆਗੂ ਪੁੱਜੇ ਚੰਡੀਗੜ੍ਹ
ਮੁੱਖ ਮੰਤਰੀ ਦਫ਼ਤਰ (ਸੀਐੱਮਓ) ਵੱਲੋਂ ਵੱਖ-ਵੱਖ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਮੁੱਖ ਨੁਮਾਇੰਦਿਆਂ ਨੂੰ ਸਿੱਧੀ ਗੱਲਬਾਤ ਲਈ ਰਸਮੀ ਸੱਦਾ ਪੱਤਰ ਭੇਜਿਆ ਗਿਆ ਹੈ, ਤਾਂ ਜੋ ਉਨ੍ਹਾਂ ਦੀਆਂ ਚਿਰੋਕਣੀਆਂ ਮੰਗਾਂ ‘ਤੇ ਨੁਕਤਾਵਾਰ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਇਸ ਬੈਠਕ ਲਈ ਸਾਂਝਾ ਫਰੰਟ ਆਫ਼ ਪੈਨਸ਼ਨਰਜ਼, ਸੰਯੁਕਤ ਮੁਲਾਜ਼ਮ ਮੰਚ, ਪੰਜਾਬ ਸਿਵਲ ਸਕੱਤਰੇਤ ਐਸੋਸੀਏਸ਼ਨ, ਅਤੇ ਪੰਜਾਬ ਸਿਵਲ ਸਕੱਤਰੇਤ ਆਫ਼ੀਸਰਜ਼ ਐਸੋਸੀਏਸ਼ਨ ਸਮੇਤ ਵੱਖ-ਵੱਖ ਯੂਨੀਅਨਾਂ ਦੇ 12 ਚੋਣਵੇਂ ਆਗੂਆਂ ਨੂੰ ਸੱਦਿਆ ਗਿਆ ਹੈ। ਕਰਮਚਾਰੀ ਆਗੂ ਮੀਟਿੰਗ ਲਈ ਚੰਡੀਗੜ੍ਹ ਪਹੁੰਚ ਚੁੱਕੇ ਹਨ ਅਤੇ ਉਹ ਤੈਅ ਸਮੇਂ ਅਨੁਸਾਰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਦਾਖ਼ਲ ਹੋਣਗੇ। ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਅੱਜ ਮੁੱਖ ਮੰਤਰੀ ਖ਼ੁਦ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਨਗੇ ਅਤੇ ਹੱਲ ਵੱਲ ਕਦਮ ਪੁੱਟਣਗੇ।
ਇਨ੍ਹਾਂ 10 ਮੁੱਖ ਮੰਗਾਂ ‘ਤੇ ਕੇਂਦਰਿਤ ਰਹੇਗੀ ਗੱਲਬਾਤ
ਮੁਲਾਜ਼ਮ ਅਤੇ ਪੈਨਸ਼ਨਰ ਯੂਨੀਅਨਾਂ ਦੀਆਂ ਸਰਕਾਰ ਅੱਗੇ 10 ਪ੍ਰਮੁੱਖ ਮੰਗਾਂ ਹਨ। ਇਨ੍ਹਾਂ ਵਿੱਚ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਦੂਰ ਕਰਨਾ, ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਨੂੰ ਹਕੀਕੀ ਰੂਪ ਵਿੱਚ ਲਾਗੂ ਕਰਨਾ, ਮਹਿੰਗਾਈ ਭੱਤੇ (ਡੀਏ) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ ਅਤੇ ਠੇਕੇ ‘ਤੇ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੇ ਅਹਿਮ ਮਸਲੇ ਸ਼ਾਮਲ ਹਨ। ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਪਹਿਲਾਂ ਵੀ ਕਈ ਮੰਗ-ਪੱਤਰਾਂ ਰਾਹੀਂ ਮੁੱਖ ਮੰਤਰੀ ਤੱਕ ਆਪਣੀਆਂ ਮੰਗਾਂ ਪਹੁੰਚਾ ਚੁੱਕੇ ਹਨ। ਹੁਣ ਸਮੂਹ ਮੁਲਾਜ਼ਮ ਵਰਗ ਨੂੰ ਵੱਡੀ ਉਮੀਦ ਹੈ ਕਿ ਸਰਕਾਰ ਇਸ ਮੀਟਿੰਗ ਦੌਰਾਨ ਠੋਸ ਫ਼ੈਸਲੇ ਲੈ ਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰੇਗੀ।