CM ਮਾਨ ਨੇ ਮੰਗੀ ਪਾਕਿਸਤਾਨ ਜਾਣ ਦੀ ਇਜਾਜ਼ਤ, ਕਰਤਾਰਪੁਰ ਸਾਹਿਬ ਨਤਮਸਤਕ ਹੋਣ ਲਈ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਜਾਣ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਮੰਗੀ ਹੈ। ਉਨ੍ਹਾਂ ਨੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਨਤਮਸਤਕ ਹੋਣ ਲਈ ਭਾਰਤੀ ਵਿਦੇਸ਼ ਮੰਤਰਾਲੇ ਨੂੰ ਅਧਿਕਾਰਤ ਤੌਰ 'ਤੇ ਚਿੱਠੀ ਲਿਖ ਕੇ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਜਾਣ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਮੰਗੀ ਹੈ। ਉਨ੍ਹਾਂ ਨੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਨਤਮਸਤਕ ਹੋਣ ਲਈ ਭਾਰਤੀ ਵਿਦੇਸ਼ ਮੰਤਰਾਲੇ ਨੂੰ ਅਧਿਕਾਰਤ ਤੌਰ ‘ਤੇ ਚਿੱਠੀ ਲਿਖ ਕੇ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦੇਸ਼ ਦੌਰਿਆਂ ਦੀ ਮਨਜ਼ੂਰੀ ਨਾ ਮਿਲਣ ‘ਤੇ ਤੰਜ਼ ਕੱਸਦਿਆਂ ਕਿਹਾ ਸੀ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਜਾਪਾਨ ਜਾਂ ਫ਼ਰਾਂਸ ਵਰਗੇ ਦੇਸ਼ਾਂ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ, ਤਾਂ ਫਿਰ ਪਾਕਿਸਤਾਨ ਜਾਣ ਦੀ ਮਨਜ਼ੂਰੀ ਕਿਵੇਂ ਮਿਲੇਗੀ।
ਵਿਧਾਨ ਸਭਾ ‘ਚ ਵੀ ਚੁੱਕਿਆ ਸੀ ਪਾਕਿਸਤਾਨ ਜਾਣ ਦਾ ਮੁੱਦਾ
ਇਸ ਤੋਂ ਪਹਿਲਾਂ ਬੀਤੀ 23 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮਾਮਲਾ ਸਦਨ ਵਿੱਚ ਰੱਖਿਆ ਸੀ। ਉਨ੍ਹਾਂ ਦੱਸਿਆ ਸੀ ਕਿ ਉਨ੍ਹਾਂ ਨੂੰ ਪਾਕਿਸਤਾਨ ਦੇ ਲਾਹੌਰ ਵਿਖੇ ਕਰਵਾਏ ਜਾਣ ਵਾਲੇ ‘ਵਿਸ਼ਵ ਪੰਜਾਬੀ ਸੰਮੇਲਨ’ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਸੱਦਾ ਪੱਤਰ ਮਿਲਿਆ ਹੈ।
ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਬੋਲੀ, ਸੱਭਿਆਚਾਰ, ਵਿਰਸਾ ਅਤੇ ਜੜ੍ਹਾਂ ਇੱਕੋ ਹੀ ਹਨ। ਇਸ ਦੌਰਾਨ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਆਖਿਆ ਸੀ ਕਿ ਜਦੋਂ ਉਨ੍ਹਾਂ ਨੂੰ ਫ਼ਰਾਂਸ ਅਤੇ ਜਾਪਾਨ ਜਾਣ ਦੀ ਪ੍ਰਵਾਨਗੀ ਨਹੀਂ ਮਿਲਦੀ, ਤਾਂ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲਣ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਸੀ ਕਿ ਜੇਕਰ ਮੁੱਖ ਮੰਤਰੀ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲਦੀ ਹੈ, ਤਾਂ ਉਹ ਪੂਰੇ ਸਦਨ ਨੂੰ ਆਪਣੇ ਨਾਲ ਲੈ ਕੇ ਜਾਣ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ, ਖ਼ਾਸ ਕਰਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ-ਦੀਦਾਰੇ ਕਰਨ ਦੀ ਡੂੰਘੀ ਇੱਛਾ ਪ੍ਰਗਟਾਈ ਸੀ।
