ਰਾਜਪਾਲ ਤੋਂ ਆਇਆ ਚਾਹ ਲਈ ਸੱਦਾ, ਅੱਜ ਸ਼ਾਮ ਨੂੰ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
CM Mann Meets Governor Kataria Today: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਬਜਟ ਸੈਸ਼ਨ ਦੌਰਾਨ ਹੋ ਰਹੀ ਹੈ ਅਤੇ ਸੂਬੇ ਦੇ ਮੁੱਖ ਮੁੱਦਿਆਂ, ਵਿਧਾਨ ਸਭਾ ਵਿੱਚ ਪਾਸ ਹੋਏ ਬਿੱਲਾਂ, ਅਤੇ ਨਸ਼ਿਆਂ ਵਿਰੁੱਧ ਮੁਹਿੰਮ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਚਾਹ ਲਈ ਸੱਦਾ ਦਿੱਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ (24 ਮਾਰਚ) ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ ਚਾਰ ਵਜੇ ਹੋਵੇਗੀ। ਇਹ ਮੀਟਿੰਗ ਬਜਟ ਸੈਸ਼ਨ ਦੇ ਵਿਚਕਾਰ ਹੋਣ ਜਾ ਰਹੀ ਹੈ। ਰਾਜਪਾਲ ਨੇ ਖੁਦ ਮੁੱਖ ਮੰਤਰੀ ਨੂੰ ਚਾਹ ਲਈ ਸੱਦਾ ਦਿੱਤਾ ਹੈ। ਇਸ ਦੌਰਾਨ ਸੂਬੇ ਦੇ ਮੁੱਖ ਮੁੱਦਿਆਂ ਅਤੇ ਵਿਧਾਨ ਸਭਾ ਵਿੱਚ ਪਾਸ ਹੋਏ ਸਾਰੇ ਬਿੱਲਾਂ ‘ਤੇ ਚਰਚਾ ਕੀਤੀ ਜਾਵੇਗੀ।
ਦਰਅਸਲ, ਵਿਧਾਨ ਸਭਾ ਸੈਸ਼ਨ ਸ਼ੁੱਕਰਵਾਰ ਨੂੰ ਹੀ ਸ਼ੁਰੂ ਹੋ ਗਿਆ ਸੀ। ਮੁੱਖ ਮੰਤਰੀ ਨੂੰ ਉਸੇ ਦਿਨ ਰਾਜਪਾਲ ਨੇ ਸੱਦਾ ਦਿੱਤਾ ਸੀ। ਭਾਵੇਂ ਸੋਸ਼ਲ ਮੀਡੀਆ ‘ਤੇ ਚਰਚਾ ਸੀ ਕਿ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਹੋ ਸਕਦਾ ਹੈ, ਪਰ ਮੁੱਖ ਮੰਤਰੀ ਦਫ਼ਤਰ (ਸੀਐਮਓ) ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀ ਕੋਈ ਯੋਜਨਾ ਨਹੀਂ ਹੈ। ਇਸ ਦੇ ਨਾਲ ਹੀ, ਇਹ ਉਮੀਦ ਕੀਤੀ ਜਾਂਦੀ ਹੈ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ‘ਤੇ ਚਰਚਾ ਹੋ ਸਕਦੀ ਹੈ ਕਿਉਂਕਿ ਰਾਜਪਾਲ ਖੁਦ ਸਰਹੱਦੀ ਇਲਾਕਿਆਂ ਦਾ ਦੌਰਾ ਕਰਦੇ ਰਹਿੰਦੇ ਹਨ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਵਿਚਕਾਰ ਸਬੰਧ ਬਹੁਤ ਚੰਗੇ ਰਹੇ ਹਨ। ਜਦੋਂ ਤੋਂ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਰਾਜਪਾਲ ਵਜੋਂ ਅਹੁਦਾ ਸੰਭਾਲਿਆ ਹੈ, ਉਨ੍ਹਾਂ ਨੇ ਪੰਜਾਬ ਸਰਕਾਰ ਦੁਆਰਾ ਪਾਸ ਕੀਤੇ ਗਏ ਜ਼ਿਆਦਾਤਰ ਬਜਟਾਂ ਨੂੰ ਪਹਿਲ ਦੇ ਆਧਾਰ ‘ਤੇ ਮਨਜ਼ੂਰੀ ਦਿੱਤੀ ਹੈ।
ਅੱਜ ਹੋਵੇਗੀ ਰਾਜਪਾਲ ਦੇ ਭਾਸ਼ਣ ਤੇ ਚਰਚਾ
ਬਜਟ ਇਜਲਾਸ ਦੀ ਸ਼ੁਰੂਆਤ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਈ। ਜਿਸ ਵਿੱਚ ਵਿਰੋਧੀ ਧਿਰਾਂ ਵੱਲੋਂ ਵਾਕ ਆਉਟ ਕੀਤਾ ਗਿਆ। ਅੱਜ ਸਦਨ ਵਿੱਚ ਉਸ ਭਾਸ਼ਣ ਤੇ ਚਰਚਾ ਹੋਵੇਗੀ। ਵਿਰੋਧੀ ਧਿਰਾਂ ਸਰਕਾਰ ਤੇ ਆਮ ਮੁੱਦਿਆਂ ਤੋਂ ਧਿਆਨ ਭਟਕਾਉਣ ਦਾ ਇਲਜ਼ਾਮ ਲਗਾ ਰਹੀਆਂ ਹਨ।
ਵਿਰੋਧੀਧਿਰਾਂ ਨੇ ਕਿਸਾਨਾਂ ਅਤੇ ਕਰਨਲ ਨਾਲ ਕੁੱਟਮਾਰ ਦਾ ਮੁੱਦਾ ਵੀ ਚੁੱਕਿਆ ਸੀ। ਹਾਲਾਂਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੋੜਾ ਮਾਜਰਾ ਨੇ ਕਿਹਾ ਕਿ ਪਟਿਆਲਾ ਵਿੱਚ ਜੇਕਰ ਪੁਲਿਸ ਵਾਲਿਆਂ ਤੋਂ ਕੋਈ ਗਲਤੀ ਹੋਈ ਹੈ ਤਾਂ ਉਹਨਾ ਨੂੰ ਮੁਆਫ਼ ਕਰ ਦੇਣਾ ਚਾਹੀਦਾ ਹੈ। ਕਿਉਂਕਿ ਉਹ ਚੰਗੇ ਅਫ਼ਸਰ ਹਨ ਉਹਨਾਂ ਨੇ ਬਹੁਤ ਅਜਿਹੇ ਕੇਸ ਵੀ ਸੁਲਝਾਏ ਹਨ ਜਿਨਾਂ ਦਾ ਕੋਈ ਸਿਰਾ ਵੀ ਨਹੀਂ ਸੀ।