ਪੰਜਾਬ ਦੇ 36 ਪ੍ਰਿੰਸੀਪਲ ਸਿੰਗਾਪੁਰ ਲਈ ਹੋਏ ਰਵਾਨਾ, ਮੁੱਖ ਮੰਤਰੀ ਨੇ ਵਿਖਾਈ ਹਰੀ ਝੰਡੀ
ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਸਮੇਂ ਦਿੱਤੀ ਗਾਰੰਟੀ ਮੁਤਾਬਕ ਅੱਜ ਸਾਡੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਜਾ ਰਹੇ ਨੇ। ਉਹਨਾਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਦੌਰੇ ਨੂੰ ਸਫ਼ਲ ਬਣਾਉਣ ਲਈ ਸ਼ੁੱਭਕਾਮਨਾਵਾਂ।
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ 36 ਪ੍ਰਿੰਸੀਪਲਾਂ ਨੂੰ ਸਿੰਗਾਪੁਰ ਲਈ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਲਈ ਇਹ ਕ੍ਰਾਂਤੀਕਾਰੀ ਦਿਨ ਹੈ। ਸਾਰੇ ਪ੍ਰਿੰਸੀਪਲਾਂ ਨੂੰ ਅਤਿ ਆਧੁਨਿਕ ਟ੍ਰੇਨਿੰਗ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਵਿਖਾਈ ਹਰੀ ਝੰਡੀ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਜਾਣਕਾਰੀ ਟਵਿੱਟਰ ‘ਤੇ ਸਾਂਝੀ ਕੀਤੀ। ਉਨ੍ਹਾਂ ਟਵੀਟ ਕੀਤਾ ਕਿ, ”ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਚੋਣਾਂ ਸਮੇਂ ਦਿੱਤੀ ਗਾਰੰਟੀ ਮੁਤਾਬਕ ਅੱਜ ਸਾਡੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਜਾ ਰਹੇ । ਉਹਨਾਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਦੌਰੇ ਨੂੰ ਸਫ਼ਲ ਬਣਾਉਣ ਲਈ ਸ਼ੁੱਭਕਾਮਨਾਵਾਂ। ਆਉਣ ਵਾਲੇ ਸਮੇਂ ਚ ਹੋਰ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਵੀ ਬਾਹਰ ਭੇਜਾਂਗੇ।”
6 ਫਰਵਰੀ ਤੋਂ 10 ਫਰਵਰੀ ਤੱਕ ਪ੍ਰੋਫੈਸ਼ਨਲ ਟੀਚਰ ਟ੍ਰੇਨਿੰਗ ਸੈਮੀਨਾਰ
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਿੰਸੀਪਲ 6 ਫਰਵਰੀ ਤੋਂ 10 ਫਰਵਰੀ ਤੱਕ ਹੋ ਰਹੇ ਪ੍ਰੋਫੈਸ਼ਨਲ ਟੀਚਰ ਟ੍ਰੇਨਿੰਗ ਸੈਮੀਨਾਰ ਵਿਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਬੈਚ ਸੈਮੀਨਾਰ ਵਿਚ ਹਿੱਸਾ ਲੈਣ ਤੋਂ ਬਾਅਦ 11 ਫਰਵਰੀ ਨੂੰ ਵਾਪਸ ਪਰਤੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਇਨਕਲਾਬੀ ਕਦਮ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਕਿਉਂ ਜੋ ਸਿੰਗਾਪੁਰ ਤੋਂ ਹੋਰ ਮੁਹਾਰਤ ਹਾਸਲ ਕਰਨ ਨਾਲ ਸੂਬੇ ਵਿਚ ਸਿੱਖਿਆ ਦਾ ਮਿਆਰ ਹੋਰ ਸੁਧਰੇਗਾ।
ਸਿੱਖਿਆ ਵਿਵਸਥਾ ਨੂੰ ਸੁਧਾਰਨ ਲਈ ਮੀਲ ਪੱਥਰ
ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਯਕੀਨਨ ਤੌਰ ਉਤੇ ਇਹ ਕਦਮ ਸੂਬੇ ਦੀ ਸਿੱਖਿਆ ਵਿਵਸਥਾ ਨੂੰ ਸੁਧਾਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿਚ ਸਹਾਈ ਸਿੱਧ ਹੋਣਗੇ।
ਕੇਜਰੀਵਾਲ ਨੇ ਦਿੱਤੀਆਂ ਸ਼ੁੱਭਕਾਮਨਾਵਾਂ
ਉੱਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਖੁਸ਼ੀ ਜਾਹਿਰ ਕੀਤੀ ਹੈ। ਉਨ੍ਹਾਂ ਨੇ ਲਿੱਖਿਆ, ਪੰਜਾਬ ਤੋਂ 36 ਪ੍ਰਿੰਸੀਪਲਾਂ ਦਾ ਪਹਿਲਾ ਜੱਥਾ ਸਿਖਲਾਈ ਲਈ ਅੱਜ ਸਿੰਗਾਪੁਰ ਲਈ ਰਵਾਨਾ ਹੋ ਗਿਆ ਹੈ। ਇਹ ਪੰਜਾਬ ਦੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਹੈ। ਮੈਂ ਐਲਜੀ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਦਿੱਲੀ ਦੇ ਅਧਿਆਪਕਾਂ ਨੂੰ ਵੀ ਟ੍ਰੇਨਿੰਗ ਲਈ ਫਿਨਲੈਂਡ ਜਾਣ ਦੀ ਆਗਿਆ ਦਿੱਤੀ ਜਾਵੇ। ਤੁਸੀਂ ਦਿੱਲੀ ਦੇ ਅਧਿਆਪਕਾਂ ਅਤੇ ਬੱਚਿਆਂ ਨਾਲ ਇੰਨੀ ਨਫ਼ਰਤ ਕਿਉਂ ਕਰਦੇ ਹੋ?