Poonch Terror Attack: ਪੰਜਾਬ ਦੇ ਸੀਐੱਮ ਦਾ ਵੱਡਾ ਐਲ਼ਾਨ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਤੇ ਮਿਲੇਗੀ ਸਰਕਾਰੀ ਨੌਕਰੀ
ਸੀਐੱਮ ਮਾਨ ਨੇ ਕਿਹਾ ਕਿ ਦੇਸ਼ ਦੀ ਖਾਤਿਰ ਜਾਨ ਗੁਆਉਣ ਵਾਲੇ ਸ਼ਹੀਦਾਂ ਸੈਨਿਕਾਂ ਦੇ ਪਰਿਵਾਰ ਨਾਲ ਪੰਜਾਬ ਸਰਕਾਰ ਖੜ੍ਹੀ ਹੈ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਜੰਮੂ-ਕਸ਼ਮੀਰ ਦੇ ਪੁੰਛ 'ਚ ਵੀਰਵਾਰ ਨੂੰ ਹੋਏ ਅੱਤਵਾਦੀ ਹਮਲੇ 'ਚ ਪੰਜ ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ਵਿੱਚ ਚਾਰ ਪੰਜਾਬ ਦੇ ਸਨ ਤੇ ਹੁਣ ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀ ਅਤੇ ਇੱਕ-ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਨਿਊਜ। ਜੰਮੂ-ਕਸ਼ਮੀਰ ਦੇ ਪੁੰਛ (Poonch) ‘ਚ ਵੀਰਵਾਰ ਨੂੰ ਵੱਡਾ ਅੱਤਵਾਦੀ ਹਮਲਾ ਹੋਇਆ। ਇਸ ਹਮਲੇ ‘ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ। ਸ਼ਹੀਦ ਹੋਣ ਵਾਲੇ ਪੰਜ ਜਵਾਨਾਂ ਵਿੱਚੋਂ ਚਾਰ ਪੰਜਾਬ ਦੇ ਹਨ। ਇਸ ਸਭ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪੁੰਛ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਫੌਜ ਦੇ ਚਾਰ ਜਵਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਇੱਕ-ਇੱਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕਰਦੇ ਹਨ।
‘ਅੱਤਵਾਦੀਆਂ ਖਿਲਾਫ ਸਖਤ ਕਾਰਵਾਈ ਕਰੇ ਕੇਂਦਰ’
ਸੀਐੱਮ ਮਾਨ (CM Maan) ਨੇ ਕਿਹਾ ਕਿ ਇਸਤੋਂ ਪਹਿਲਾਂ ਵੀ ਪਿਛਲੇ ਕਈ ਸਮਿਆਂ ਵਿੱਚ ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਵਿੱਚ ਕਈ ਜਵਾਨ ਸ਼ਹੀਦ ਹੋ ਚੁੱਕੇ ਹਨ ਤੇ ਹੁਣ ਫੇਰ ਅੱਤਵਾਦੀਆਂ ਨੇ ਪੰਜ ਫੌਜੀ ਜਵਾਨਾਂ ਨੂੰ ਸ਼ਹੀਦ ਕਰ ਦਿੱਤਾ। ਸੀਐੱਮ ਨੇ ਕੇਂਦਰ ਸਰਕਾਰ ਤੋਂ ਅੱਤਵਾਦੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਮਾਨ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਸ਼ਹੀਦ ਸੈਨਿਕਾਂ ਦੇ ਪਰਿਵਾਰ ਨਾਲ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੁੰਛ ਵਿੱਚ ਸ਼ਹੀਦ ਹੋਏ ਸੈਨਿਕਾਂ ਦੀ ਪਛਾਣ ਹਵਲਦਾਰ ਮਨਦੀਪ ਸਿੰਘ, ਪਿੰਡ ਚਣਕੋਈਆਂ ਕਾਕਨ (ਲੁਧਿਆਣਾ), ਲਾਂਸ ਨਾਇਕ ਕੁਲਵੰਤ ਸਿੰਘ, ਪਿੰਡ ਚੜਿੱਕ (ਮੋਗਾ), ਸਿਪਾਹੀ ਹਰਕ੍ਰਿਸ਼ਨ ਸਿੰਘ, ਪਿੰਡ ਤਲਵੰਡੀ ਭਰਥ (ਗੁਰਦਾਸਪੁਰ) ਅਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ (ਬਠਿੰਡਾ) ਵਜੋਂ ਹੋਈ ਹੈ। ਮਾਨ ਨੇ ਕਿਹਾ ਕਿ ਫੌਜੀਆਂ ਦੇ ਕਾਰਨ ਹੀ ਦੇਸ਼ ਵਾਸੀ ਚੈਨ ਦੀ ਨੀਂਦ ਸੌਂਦੇ ਹਨ। ਮਾਨ ਨੇ ਕਿਹਾ ਕਿ ਫੌਜੀ ਦੇਸ਼ ਲਈ ਹਰ ਸਮੇਂ ਆਪਣਾ ਜੀਵਣ ਕੁਰਬਾਨ ਕਰਨ ਦੇ ਲਈ ਤਿਆਰ ਰਹਿੰਦੇ ਹਨ।
ਵੀਰਵਾਰ ਨੂੰ ਹੋਇਆ ਸੀ ਅੱਤਵਾਦੀ ਹਮਲਾ
ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ‘ਚ ਵੀਰਵਾਰ ਨੂੰ ਹੋਏ ਅੱਤਵਾਦੀ ਹਮਲੇ ‘ਚ ਪੰਜ ਜਵਾਨਾਂ ਦੇ ਮਾਰੇ ਜਾਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਾਟਾ-ਡੋਰੀਆ ਖੇਤਰ ਦੇ ਸੰਘਣੇ ਜੰਗਲੀ ਖੇਤਰ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਡਰੋਨ ਅਤੇ ਸਨਿਫਰ ਕੁੱਤਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਰਾਜੌਰੀ ਅਤੇ ਪੁੰਛ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਕੰਟਰੋਲ ਰੇਖਾ ‘ਤੇ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਹਮਲੇ ਤੋਂ ਬਾਅਦ ਭਿੰਬਰ ਗਲੀ-ਪੁੰਛ ਸੜਕ ‘ਤੇ ਆਵਾਜਾਈ ਰੋਕ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਮੇਂਢਰ ਰਾਹੀਂ ਪੁਣਛ ਜਾਣ ਦੀ ਸਲਾਹ ਦਿੱਤੀ ਗਈ ਹੈ।