ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਦਾਅ, ਸ਼ੁਰੂ ਕੀਤੀ ਪੰਜਾਬ ਮੰਗਦਾ ਇਨਸਾਫ਼ ਮੁਹਿੰਮ
ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਸੱਤਾਧਾਰੀ ਧਿਰ ਸਮੇਤ ਵਿਰੋਧੀਆਂ ਨੂੰ ਘੇਰਨ ਲਈ ਪੰਜਾਬ ਕਾਂਗਰਸ ਨੇ ਜ਼ਮੀਨੀ ਪੱਧਰ 'ਤੇ ਵੱਡੀ ਸਿਆਸੀ ਸਰਗਰਮੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਪਾਰਟੀ ਵੱਲੋਂ ਅਧਿਕਾਰਤ ਤੌਰ ਤੇ ਪੰਜਾਬ ਮੰਗਦਾ ਇਨਸਾਫ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਸੱਤਾਧਾਰੀ ਧਿਰ ਸਮੇਤ ਵਿਰੋਧੀਆਂ ਨੂੰ ਘੇਰਨ ਲਈ ਪੰਜਾਬ ਕਾਂਗਰਸ ਨੇ ਜ਼ਮੀਨੀ ਪੱਧਰ ‘ਤੇ ਵੱਡੀ ਸਿਆਸੀ ਸਰਗਰਮੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਪਾਰਟੀ ਵੱਲੋਂ ਅਧਿਕਾਰਤ ਤੌਰ ਤੇ ਪੰਜਾਬ ਮੰਗਦਾ ਇਨਸਾਫ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਵਾਸਤੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਇੱਕ ਹਾਈਟੈੱਕ ਬੱਸ ਰਾਹੀਂ ਕਾਂਗਰਸ ਦੇ ਸੀਨੀਅਰ ਆਗੂ ਸੂਬੇ ਦੇ ਵੱਖ-ਵੱਖ ਹਿੱਸਿਆਂ, ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਪਹੁੰਚਣਗੇ। ਇਸ ਦੌਰਾਨ ਆਗੂ ਆਮ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੇ ਦੁੱਖ-ਦਰਦ ਅਤੇ ਮੁਸ਼ਕਲਾਂ ਸੁਣਨਗੇ ਅਤੇ ਜਿੱਥੇ ਵੀ ਆਮ ਲੋਕਾਂ ਨਾਲ ਬੇਇਨਸਾਫ਼ੀ ਹੋਈ ਹੈ, ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇ।
ਇਸ ਵਿਸ਼ੇਸ਼ ਪ੍ਰਚਾਰ ਬੱਸ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਾਂਝੇ ਤੌਰ ਤੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਉਦਘਾਟਨੀ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ। ਹਾਲਾਂਕਿ, ਇਸ ਅਹਿਮ ਮੌਕੇ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗ਼ੈਰ-ਹਾਜ਼ਰੀ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਰਹੀ।
ਇਸ ਮੁਹਿੰਮ ਦੇ ਪਹਿਲੇ ਦਿਨ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਕਾਂਗਰਸ ਲੀਡਰਸ਼ਿਪ ਵੱਲੋਂ ਅੱਜ ਸਨਅਤਕਾਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਮੋਹਾਲੀ ਵਿਖੇ ਵਰਕਰ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ। ਇਨ੍ਹਾਂ ਅਹਿਮ ਮੀਟਿੰਗਾਂ ਦੌਰਾਨ ਉਦਯੋਗਪਤੀਆਂ, ਮੁਲਾਜ਼ਮਾਂ, ਕਾਰੋਬਾਰੀਆਂ ਅਤੇ ਪਾਰਟੀ ਵਰਕਰਾਂ ਨਾਲ ਮੌਜੂਦਾ ਹਾਲਾਤਾਂ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਇਸ ਸਮੁੱਚੀ ਯਾਤਰਾ ਦਾ ਮੁੱਖ ਮਕਸਦ ਲੋਕਾਂ ਦੇ ਦਰਮਿਆਨ ਜਾ ਕੇ ਉਨ੍ਹਾਂ ਦੀਆਂ ਅਸਲ ਪਰੇਸ਼ਾਨੀਆਂ ਨੂੰ ਸਮਝਣਾ ਅਤੇ ਲੋਕ-ਮੁੱਦਿਆਂ ਨੂੰ ਸਰਕਾਰ ਦੇ ਸਾਹਮਣੇ ਜ਼ੋਰ-ਸ਼ੋਰ ਨਾਲ ਉਠਾਉਣਾ ਹੈ। ਜਿਨ੍ਹਾਂ ਲੋਕਾਂ ਨਾਲ ਵੀ ਧੱਕੇਸ਼ਾਹੀ ਜਾਂ ਅਨਿਆਂ ਹੋਇਆ ਹੈ, ਕਾਂਗਰਸ ਪਾਰਟੀ ਉਨ੍ਹਾਂ ਦੀ ਢਾਲ ਬਣ ਕੇ ਚਟਾਨ ਵਾਂਗ ਨਾਲ ਖੜ੍ਹੇਗੀ।
ਭਾਜਪਾ ਵੱਲੋਂ ਹੰਗ ਵਿਧਾਨ ਸਭਾ ਲਿਆਉਣ ਦੀ ਕੋਸ਼ਿਸ਼: ਪ੍ਰਤਾਪ ਸਿੰਘ ਬਾਜਵਾ
ਬੱਸ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਹੋਰ ਵਿਰੋਧੀ ਧਿਰਾਂ ਤੇ ਤਿੱਖੇ ਸਿਆਸੀ ਹਮਲੇ ਕੀਤੇ। ਬਾਜਵਾ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਮੌਜੂਦਾ ਸਿਆਸੀ ਸਮੀਕਰਨਾਂ ਨੂੰ ਵੇਖਦਿਆਂ ਭਾਜਪਾ ਅਤੇ ਹੋਰ ਵਿਰੋਧੀ ਧਿਰਾਂ ਨੂੰ ਚੰਗੀ ਤਰ੍ਹਾਂ ਅਹਿਸਾਸ ਹੋ ਚੁੱਕਾ ਹੈ ਕਿ ਉਨ੍ਹਾਂ ਨੂੰ ਆਪਣੇ ਬਲਬੂਤੇ ਪੰਜਾਬ ਵਿੱਚ ਬਹੁਮਤ ਹਾਸਲ ਨਹੀਂ ਹੋਣ ਵਾਲਾ।
ਬਾਜਵਾ ਨੇ ਦੋਸ਼ ਲਗਾਇਆ ਕਿ ਪਿਛਲੇ ਕਈ ਦਿਨਾਂ ਤੋਂ ਅਜਿਹਾ ਮਾਹੌਲ ਸਿਰਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਸੂਬੇ ਵਿੱਚ ਕਿਸੇ ਵੀ ਇੱਕ ਧਿਰ ਨੂੰ ਸਪੱਸ਼ਟ ਬਹੁਮਤ ਨਾ ਮਿਲੇ ਅਤੇ ਤ੍ਰਿਸ਼ੰਕੂ (ਹੰਗ) ਵਿਧਾਨ ਸਭਾ ਬਣੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੀ ਸਥਿਤੀ ਪੈਦਾ ਕਰਕੇ ਭਾਜਪਾ ਆਪਣੀ ਸੱਤਾ ਦੀ ਤਾਕਤ, ਕੇਂਦਰੀ ਏਜੰਸੀਆਂ ਅਤੇ ਪੈਸੇ ਦੇ ਜ਼ੋਰ ਨਾਲ ਪੰਜਾਬ ਨੂੰ ਸਿਆਸੀ ਤੌਰ ਤੇ ਅਸਥਿਰ ਕਰਨਾ ਚਾਹੁੰਦੀ ਹੈ, ਤਾਂ ਜੋ ਪਿਛਲੇ ਦਰਵਾਜ਼ਿਓਂ ਸੂਬੇ ਤੇ ਆਪਣਾ ਅਸਿੱਧਾ ਰਾਜ ਕਾਇਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ
ਨਸ਼ੇ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਘੇਰਾਬੰਦੀ
ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਗੰਭੀਰ ਮੁੱਦੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੇ ਸਵਾਲਾਂ ਦੇ ਘੇਰੇ ਵਿੱਚ ਲਿਆ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਪਹਿਲਾਂ ਜਨਤਕ ਤੌਰ ਤੇ ਦਾਅਵਾ ਕੀਤਾ ਸੀ ਕਿ ਭਾਜਪਾ ਨੂੰ ਵੋਟ ਦਿੱਤੀ ਜਾਵੇ ਤਾਂ ਅਗਲੇ ਤਿੰਨ ਸਾਲਾਂ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਕਰ ਦਿੱਤਾ ਜਾਵੇਗਾ। ਬਾਜਵਾ ਨੇ ਸਵਾਲ ਉਠਾਇਆ ਕਿ ਪਿਛਲੇ 13 ਸਾਲਾਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ, ਕੀ ਪੰਜਾਬ ਦੇਸ਼ ਦਾ ਅਨਿੱਖੜਵਾਂ ਅੰਗ ਨਹੀਂ ਹੈ?
ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਪਠਾਨਕੋਟ ਤੋਂ ਲੈ ਕੇ ਫ਼ਾਜ਼ਿਲਕਾ ਤੱਕ ਲਗਭਗ 550 ਕਿਲੋਮੀਟਰ ਲੰਮੀ ਕੌਮਾਂਤਰੀ ਸਰਹੱਦ ਫੈਲੀ ਹੋਈ ਹੈ, ਜਿੱਥੇ ਬੀ.ਐੱਸ.ਐੱਫ. (ਸੀਮਾ ਸੁਰੱਖਿਆ ਬਲ) ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਗਸ਼ਤ ਕੀਤੀ ਜਾਂਦੀ ਹੈ। ਦੇਸ਼ ਦੀਆਂ ਸਾਰੀਆਂ ਕੇਂਦਰੀ ਸੁਰੱਖਿਆ ਅਤੇ ਜਾਂਚ ਏਜੰਸੀਆਂ ਕੇਂਦਰ ਸਰਕਾਰ ਦੇ ਅਧੀਨ ਹਨ। ਅਜਿਹੇ ਵਿੱਚ ਇਹ ਵੱਡਾ ਸਵਾਲ ਹੈ ਕਿ ਸਰਹੱਦ ਪਾਰੋਂ ਅਤੇ ਅੰਦਰੂਨੀ ਤੌਰ ਤੇ ਹੋ ਰਹੀ ਨਸ਼ਾ ਤਸਕਰੀ ‘ਤੇ ਕਾਬੂ ਕਿਉਂ ਨਹੀਂ ਪਾਇਆ ਜਾ ਰਿਹਾ? ਬਾਜਵਾ ਨੇ ਦੋ-ਟੂਕ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਅਤੇ ਅਮਨ-ਕਾਨੂੰਨ ਦੀ ਖ਼ਰਾਬ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਜਿੰਨੇ ਕਸੂਰਵਾਰ ਹਨ, ਬਰਾਬਰ ਦੀ ਜ਼ਿੰਮੇਵਾਰੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੀ ਵੀ ਬਣਦੀ ਹੈ।


