ਗੁਰਦਾਸਪੁਰ ਪਹੁੰਚੇ ਪਾਇਲਟ ਤੇ ਪਰਗਟ, ਗੈਂਗਸਟਰ ਪੀੜਤ ਪਰਿਵਾਰਾਂ ਨਾਲ ਮੁਲਾਕਾਤ; ਅਮਿਤ ਸ਼ਾਹ ਤੋਂ ਮੰਗੇ ਜਵਾਬ
ਗੁਰਦਾਸਪੁਰ ਪਹੁੰਚੇ ਸਚਿਨ ਪਾਇਲਟ ਨੇ ਕਿਹਾ ਕਿ ਉਹ ਗੈਂਗਸਟਰਾਂ ਦੀਆਂ ਵਾਰਦਾਤਾਂ ਤੇ ਨਸ਼ਿਆਂ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦੀ ਗੋਲੀਬਾਰੀ 'ਚ ਜਾਨ ਗੁਆਉਣ ਵਾਲੇ ਲੋਕਾਂ ਦੇ ਮਾਮਲਿਆਂ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ ਜਾ ਰਹੀ ਹੈ।
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅੱਜ ਗੁਰਦਾਸਪੁਰ ਪਹੁੰਚੇ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਪੰਜਾਬ ‘ਚ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਨਸ਼ਿਆਂ, ਗੈਂਗਸਟਰਵਾਦ, ਫਿਰੌਤੀ ਦੀਆਂ ਕਾਲਾਂ ਤੇ ਲਗਾਤਾਰ ਹੋ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੇ ਸੂਬੇ ਦੇ ਮਾਹੌਲ ਨੂੰ ਗੰਭੀਰ ਰੂਪ ‘ਚ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਲਈ ਸਾਰੀਆਂ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ।
ਗੈਂਗਸਟਰਾਂ ਤੇ ਨਸ਼ਿਆਂ ਕਾਰਨ ਹਾਲਾਤ ਚਿੰਤਾਜਨਕ: ਸਚਿਨ ਪਾਇਲਟ
ਗੁਰਦਾਸਪੁਰ ਪਹੁੰਚੇ ਸਚਿਨ ਪਾਇਲਟ ਨੇ ਕਿਹਾ ਕਿ ਉਹ ਗੈਂਗਸਟਰਾਂ ਦੀਆਂ ਵਾਰਦਾਤਾਂ ਤੇ ਨਸ਼ਿਆਂ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦੀ ਗੋਲੀਬਾਰੀ ‘ਚ ਜਾਨ ਗੁਆਉਣ ਵਾਲੇ ਲੋਕਾਂ ਦੇ ਮਾਮਲਿਆਂ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ ਜਾ ਰਹੀ ਹੈ।
ਪਾਇਲਟ ਨੇ ਦਾਅਵਾ ਕੀਤਾ ਕਿ ਗੈਂਗਸਟਰਾਂ ਵੱਲੋਂ ਮਾਮਲਿਆਂ ਦੇ ਗਵਾਹਾਂ ਨੂੰ ਵੀ ਫੋਨ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਚਿੱਟੇ ਦੇ ਨਸ਼ੇ, ਨਾਜਾਇਜ਼ ਹਥਿਆਰਾਂ, ਗੈਂਗਸਟਰਾਂ, ਫਿਰੌਤੀ ਦੀਆਂ ਕਾਲਾਂ ਤੇ ਵਸੂਲੀ ਦੇ ਗੈਰ-ਕਾਨੂੰਨੀ ਨੈੱਟਵਰਕ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਮੁਤਾਬਕ, ਇਹ ਹਾਲਾਤ ਸੂਬੇ ਨੂੰ ਗੰਭੀਰ ਸੰਕਟ ਵੱਲ ਧੱਕ ਰਹੇ ਹਨ।
ਅਮਿਤ ਸ਼ਾਹ ਪੰਜਾਬ ਆ ਕੇ ਦੱਸਣ ਕਿ ਸਰਹੱਦ ਤੋਂ ਨਸ਼ਾ ਤੇ ਹਥਿਆਰ ਰੋਕਣ ਲਈ ਕੀ ਕੀਤਾ: ਪਾਇਲਟ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਬਾਰੇ ਗੱਲ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਆਉਣਾ ਚੰਗੀ ਗੱਲ ਹੈ, ਪਰ ਉਨ੍ਹਾਂ ਨੂੰ ਲੋਕਾਂ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਆ ਰਹੇ ਨਸ਼ਿਆਂ ਤੇ ਨਾਜਾਇਜ਼ ਹਥਿਆਰਾਂ ਨੂੰ ਰੋਕਣ ਲਈ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ। ਉਨ੍ਹਾਂ ਨੇ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ 50 ਕਿਲੋਮੀਟਰ ਤੱਕ ਵਧਾਏ ਜਾਣ ਦਾ ਹਵਾਲਾ ਦਿੰਦਿਆਂ ਸਵਾਲ ਕੀਤਾ ਕਿ ਇਸ ਦੇ ਬਾਵਜੂਦ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਆਮਦ ਰੋਕਣ ਲਈ ਕੀ ਕਾਰਵਾਈ ਕੀਤੀ ਗਈ ਹੈ।
ਪਾਇਲਟ ਨੇ ਇਹ ਵੀ ਇਲਜ਼ਾਮ ਲਾਇਆ ਕਿ ਗੈਂਗਸਟਰ ਜੇਲ੍ਹਾਂ ‘ਚ ਬੈਠ ਕੇ ਆਪਣਾ ਨੈੱਟਵਰਕ ਚਲਾ ਰਹੇ ਹਨ ਤੇ ਲੋਕਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਕਾਲਾਂ ਤੇ ਸੁਨੇਹੇ ਭੇਜ ਕੇ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣ ਦੀ ਲੋੜ ਹੈ।
ਇਹ ਵੀ ਪੜ੍ਹੋ
ਗੁਰਦਾਸਪੁਰ ਗ੍ਰਨੇਡ ਮਾਮਲੇ ‘ਤੇ ਵੀ ਚੁੱਕੇ ਸਵਾਲ
ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡਿਪਟੀ ਕਮਿਸ਼ਨਰ ਦਫ਼ਤਰ ‘ਤੇ ਗ੍ਰਨੇਡ ਸੁੱਟੇ ਜਾਣ ਦੇ ਦਾਅਵੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ‘ਚ ਪਹਿਲਾਂ ਵੀ ਕਈ ਥਾਵਾਂ ‘ਤੇ ਗ੍ਰਨੇਡ ਹਮਲਿਆਂ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਵੀ ਗੈਂਗਸਟਰ ਨਿਸ਼ਾਨ ਜੌੜੀਆਂ ਵੱਲੋਂ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ।
ਰੰਧਾਵਾ ਨੇ ਕਿਹਾ ਕਿ ਸੂਬੇ ‘ਚ ਲੋਕਾਂ ਨੂੰ ਲਗਾਤਾਰ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ ਤੇ ਗੈਂਗਸਟਰਵਾਦ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਉਨ੍ਹਾਂ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ ਤੇ ਕਿਹਾ ਕਿ ਪੰਜਾਬ ‘ਚ ਗੈਂਗਸਟਰਾਂ ਵੱਲੋਂ ਚੋਣਾਂ ਲੜਨ ਦੀਆਂ ਤਿਆਰੀਆਂ ਕੀਤੇ ਜਾਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ, ਜੋ ਸੂਬੇ ਲਈ ਚਿੰਤਾ ਦਾ ਵਿਸ਼ਾ ਹੈ।
ਟਾਈਗਰ ਸ਼ਰਾਫ਼ ‘ਤੇ ਫਾਇਰਿੰਗ ਦੀ ਨਿੰਦਾ, ਅਮਿਤ ਸ਼ਾਹ ਨੂੰ ਘੇਰਿਆ
ਸੁਖਜਿੰਦਰ ਸਿੰਘ ਰੰਧਾਵਾ ਨੇ ਮੁੰਬਈ ਵਿੱਚ ਅਦਾਕਾਰ ਟਾਈਗਰ ਸ਼ਰਾਫ਼ ਦੀ ਕਾਰ ‘ਤੇ ਹੋਈ ਫਾਇਰਿੰਗ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ, ਉਸੇ ਸਮੇਂ ਗੈਂਗਸਟਰਾਂ ਵੱਲੋਂ ਫਿਲਮੀ ਹਸਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਵੀ ਚਿੰਤਾ ਵਧਾਉਂਦੀਆਂ ਹਨ।
ਰੰਧਾਵਾ ਨੇ ਅਮਿਤ ਸ਼ਾਹ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀ ਕਾਨੂੰਨ-ਵਿਵਸਥਾ ਬਾਰੇ ਗੱਲ ਕਰਨ ਦੇ ਨਾਲ-ਨਾਲ ਆਪਣੇ ਸੂਬੇ ਤੇ ਦੇਸ਼ ‘ਚ ਗੈਂਗਸਟਰਾਂ ਦੀਆਂ ਗਤੀਵਿਧੀਆਂ ‘ਤੇ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਸਰਕਾਰਾਂ ਨੂੰ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ‘ਚ ਨਸ਼ਿਆਂ, ਗੈਂਗਸਟਰਵਾਦ, ਨਾਜਾਇਜ਼ ਹਥਿਆਰਾਂ ਤੇ ਫਿਰੌਤੀ ਦੇ ਨੈੱਟਵਰਕ ਨੂੰ ਰੋਕਣ ਲਈ ਠੋਸ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਹਾਲ ਹੋ ਸਕੇ ਤੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।


