ਚੰਡੀਗੜ੍ਹ ‘ਚ ਅੱਜ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਨਜ਼ਰ ਆਉਣਗੇ ਦੋ ਧੜੇ!
ਕਾਂਗਰਸ ਦੇ ਆਗੂ ਤੇ ਵਰਕਰ ਅੱਜ ਸਵੇਰੇ 11 ਵਜੇ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ 'ਚ ਇਕੱਠੇ ਹੋਣਗੇ। ਇਸ ਤੋਂ ਬਾਅਦ ਵਿਰੋਧ ਮਾਰਚ ਕੱਢਿਆ ਜਾਵੇਗਾ, ਜੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਰਕਾਰੀ ਰਿਹਾਇਸ਼ ਵੱਲ ਜਾਵੇਗਾ। ਪੰਜਾਬ ਕਾਂਗਰਸ ਦੇ ਸਾਰੇ ਧੜਿਆਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਕਾਂਗਰਸ ਵਰਕਰਾਂ ਨੂੰ ਵੱਡੀ ਗਿਣਤੀ 'ਚ ਇਸ ਵਿਰੋਧ ਮਾਰਚ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ 'ਚ ਅੱਜ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ 'ਤੇ ਨਜ਼ਰ ਆਉਣਗੇ ਦੋ ਧੜੇ!
ਪੰਜਾਬ ਕਾਂਗਰਸ ‘ਚ ਪਿਛਲੇ ਕਈ ਮਹੀਨਿਆਂ ਤੋਂ ਜਾਰੀ ਅੰਦਰੂਨੀ ਕਲੇਸ਼ ਦੇ ਵਿਚਕਾਰ ਅੱਜ ਚੰਡੀਗੜ੍ਹ ‘ਚ ਪਾਰਟੀ ਵੱਲੋਂ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ‘ਚ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਸ਼ਾਮਲ ਹੋਣਗੇ। ਇਸ ਦੌਰਾਨ ਕਾਂਗਰਸ ਦੇ ਸਾਰੇ ਆਗੂ ਇੱਕੋ ਮੰਚ ‘ਤੇ ਨਜ਼ਰ ਆ ਸਕਦੇ ਹਨ। ਇਸ ਪ੍ਰਦਰਸ਼ਨ ‘ਚ ਖੁਦਕੁਸ਼ੀ ਕਰਨ ਵਾਲੇ ਗੁਲਜ਼ਾਰ ਸਿੰਘ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਜਾਵੇਗੀ।
ਸਵੇਰੇ 11 ਵਜੇ ਕਾਂਗਰਸ ਭਵਨ ਤੋਂ ਨਿਕਲੇਗਾ ਮਾਰਚ
ਕਾਂਗਰਸ ਦੇ ਆਗੂ ਤੇ ਵਰਕਰ ਅੱਜ ਸਵੇਰੇ 11 ਵਜੇ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ‘ਚ ਇਕੱਠੇ ਹੋਣਗੇ। ਇਸ ਤੋਂ ਬਾਅਦ ਵਿਰੋਧ ਮਾਰਚ ਕੱਢਿਆ ਜਾਵੇਗਾ, ਜੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਰਕਾਰੀ ਰਿਹਾਇਸ਼ ਵੱਲ ਜਾਵੇਗਾ। ਪੰਜਾਬ ਕਾਂਗਰਸ ਦੇ ਸਾਰੇ ਧੜਿਆਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਕਾਂਗਰਸ ਵਰਕਰਾਂ ਨੂੰ ਵੱਡੀ ਗਿਣਤੀ ‘ਚ ਇਸ ਵਿਰੋਧ ਮਾਰਚ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
3 ਮਹੀਨੇ ਬਾਅਦ ਇੱਕ ਮੰਚ ਤੇ ਚੰਨੀ ਤੇ ਰਾਜਾ ਵੜਿੰਗ!
ਇਸ ਪ੍ਰਦਰਸ਼ਨ ਦੀ ਸਭ ਤੋਂ ਵੱਡੀ ਸਿਆਸੀ ਖਾਸੀਅਤ ਇਹ ਹੋਵੇਗੀ ਕਿ ਕਰੀਬ 3 ਮਹੀਨਿਆਂ ਬਾਅਦ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕੋ ਮੰਚ ‘ਤੇ ਨਜ਼ਰ ਆ ਸਕਦੇ ਹਨ।
ਇਸ ਤੋਂ ਪਹਿਲਾਂ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਸਪੱਸ਼ਟ ਕੀਤਾ ਸੀ ਕਿ ਉਹ ਪਾਰਟੀ ਦੇ ਕਿਸੇ ਵੀ ਪ੍ਰੋਗਰਾਮ ‘ਚ ਰਾਜਾ ਵੜਿੰਗ ਨਾਲ ਮੰਚ ਸਾਂਝਾ ਨਹੀਂ ਕਰਨਗੇ। ਹਾਲਾਂਕਿ, ਹੁਣ ਸਚਿਨ ਪਾਇਲਟ ਦੀ ਅਗਵਾਈ ਹੇਠ ਹੋਣ ਵਾਲੇ ਇਸ ਪ੍ਰਦਰਸ਼ਨ ‘ਚ ਸਾਰੇ ਆਗੂਆਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ।
ਰਾਜਾ ਵੜਿੰਗ ਦੀ ਕੁਰਸੀ ‘ਤੇ ਵੀ ਨਜ਼ਰ!
ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਦੀਆਂ ਚਰਚਾਵਾਂ ਵੀ ਅਜੇ ਖ਼ਤਮ ਨਹੀਂ ਹੋਈਆਂ। ਸਚਿਨ ਪਾਇਲਟ ਨੇ ਇੱਕ ਇੰਟਰਵਿਊ ਦੌਰਾਨ ਵੜਿੰਗ ਨੂੰ ਬਦਲਣ ਦੀ ਸੰਭਾਵਨਾ ਬਾਰੇ ਸਿੱਧੇ ਤੌਰ ‘ਤੇ ਹਾਂ ਜਾਂ ਨਾਂਹ ਨਹੀਂ ਕੀਤੀ ਸੀ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਪਹੁੰਚਣ ਤੋਂ ਬਾਅਦ ਸਚਿਨ ਪਾਇਲਟ ਜ਼ਮੀਨੀ ਪੱਧਰ ਤੇ ਪਾਰਟੀ ਦੀ ਸਥਿਤੀ ਤੇ ਆਗੂਆਂ ਨਾਲ ਤਾਲਮੇਲ ਨੂੰ ਸਮਝਣ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਤੋਂ ਬਾਅਦ ਹੀ ਪੰਜਾਬ ਕਾਂਗਰਸ ਦੀ ਅਗਵਾਈ ‘ਚ ਕਿਸੇ ਤਬਦੀਲੀ ਬਾਰੇ ਫ਼ੈਸਲਾ ਹੋਣ ਦੀ ਸੰਭਾਵਨਾ ਹੈ।
