ਤਰਨਤਾਰਨ ‘ਚ ਪ੍ਰੇਮ ਵਿਆਹ ਤੋਂ ਖ਼ਫ਼ਾ ਸਹੁਰਿਆਂ ਨੇ ਘਰ ‘ਚ ਵੜ ਕੇ ਨੌਜਵਾਨ ਨੂੰ ਮਾਰੀਆਂ ਗੋਲੀਆਂ, ਪਿਤਾ ਦੀ ਹਾਲਤ ਨਾਜ਼ੁਕ
ਤਰਨਤਾਰਨ ਦੇ ਥਾਣਾ ਝਬਾਲ ਦੇ ਅਧੀਨ ਪੈਂਦੇ ਪਿੰਡ ਪੰਜਵੜ ਵਿਖੇ ਐਤਵਾਰ ਦੀ ਰਾਤ ਖ਼ੂਨੀ ਖੇਡ ਖੇਡੀ ਗਈ, ਜਿੱਥੇ ਕੁਝ ਹਥਿਆਰਬੰਦ ਵਿਅਕਤੀਆਂ ਨੇ ਘਰ ਅੰਦਰ ਦਾਖ਼ਲ ਹੋ ਕੇ ਨੌਜਵਾਨ ਅੰਮ੍ਰਿਤਪਾਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਹਮਲੇ ਦੌਰਾਨ ਉਸ ਦੇ ਪਿਤਾ ਕਸ਼ਮੀਰ ਸਿੰਘ ਨੂੰ ਵੀ ਗੋਲੀ ਮਾਰ ਦਿੱਤੀ ਗਈ, ਜਿਨ੍ਹਾਂ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ।
ਤਰਨਤਾਰਨ ਦੇ ਥਾਣਾ ਝਬਾਲ ਦੇ ਅਧੀਨ ਪੈਂਦੇ ਪਿੰਡ ਪੰਜਵੜ ਵਿਖੇ ਐਤਵਾਰ ਦੀ ਰਾਤ ਖ਼ੂਨੀ ਖੇਡ ਖੇਡੀ ਗਈ, ਜਿੱਥੇ ਕੁਝ ਹਥਿਆਰਬੰਦ ਵਿਅਕਤੀਆਂ ਨੇ ਘਰ ਅੰਦਰ ਦਾਖ਼ਲ ਹੋ ਕੇ ਨੌਜਵਾਨ ਅੰਮ੍ਰਿਤਪਾਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਹਮਲੇ ਦੌਰਾਨ ਉਸ ਦੇ ਪਿਤਾ ਕਸ਼ਮੀਰ ਸਿੰਘ ਨੂੰ ਵੀ ਗੋਲੀ ਮਾਰ ਦਿੱਤੀ ਗਈ, ਜਿਨ੍ਹਾਂ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ। ਮੁੱਢਲੀ ਜਾਂਚ ਮੁਤਾਬਕ ਵਾਰਦਾਤ ਦਾ ਮੁੱਖ ਕਾਰਨ ਪ੍ਰੇਮ ਵਿਆਹ ਤੋਂ ਪੈਦਾ ਹੋਈ ਰੰਜਿਸ਼ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾਇਆ ਸੀ ਪ੍ਰੇਮ ਵਿਆਹ
ਸਬ-ਡਿਵੀਜ਼ਨ ਤਰਨਤਾਰਨ ਦੇ ਡੀਐੱਸਪੀ ਸੁਖਬੀਰ ਸਿੰਘ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨ ਦਰਜ ਕਰਕੇ ਹਮਲਾਵਰਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਿਹਨਤ-ਮਜ਼ਦੂਰੀ ਕਰਕੇ ਗੁਜ਼ਾਰਾ ਕਰਨ ਵਾਲੇ ਕਸ਼ਮੀਰ ਸਿੰਘ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਨੇ ਤਕਰੀਬਨ ਢਾਈ ਮਹੀਨੇ ਪਹਿਲਾਂ ਪਰਿਵਾਰ ਦੀ ਮਰਜ਼ੀ ਦੇ ਉਲਟ ਜਾ ਕੇ ਰਿਸ਼ਤੇਦਾਰੀ ਵਿੱਚ ਲੱਗਦੇ ਆਪਣੇ ਮਾਮੇ ਦੀ ਲੜਕੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਲੜਕੀ ਦੇ ਪਰਿਵਾਰਕ ਮੈਂਬਰ ਇਸ ਰਿਸ਼ਤੇ ਦੇ ਪੂਰੀ ਤਰ੍ਹਾਂ ਖ਼ਿਲਾਫ਼ ਸਨ। ਦੋਵਾਂ ਨੇ ਘਰੋਂ ਭੱਜ ਕੇ ਵਿਆਹ ਕਰਵਾ ਲਿਆ ਸੀ, ਜਿਸ ਕਾਰਨ ਲੜਕੀ ਵਾਲੇ ਅੰਮ੍ਰਿਤਪਾਲ ਨਾਲ ਗੰਭੀਰ ਖ਼ਾਰ ਖਾਂਦੇ ਸਨ।
ਬਚਾਅ ਲਈ ਅੱਗੇ ਆਏ ਪਿਤਾ ਨੂੰ ਵੀ ਮਾਰੀ ਗੋਲੀ
ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਮਹਿਜ਼ ਤਿੰਨ ਦਿਨ ਪਹਿਲਾਂ ਹੀ ਸਹੁਰਾ ਪਰਿਵਾਰ ਵੱਲੋਂ ਗੰਭੀਰ ਸਿੱਟੇ ਭੁਗਤਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਐਤਵਾਰ ਦੀ ਰਾਤ ਨੂੰ ਅੰਮ੍ਰਿਤਪਾਲ ਦੇ ਸਹੁਰਾ ਪਰਿਵਾਰ ਨਾਲ ਸਬੰਧਤ ਚਾਰ ਹਥਿਆਰਬੰਦ ਵਿਅਕਤੀ ਅਚਾਨਕ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋਏ ਅਤੇ ਆਉਂਦਿਆਂ ਹੀ ਪਿਸਤੌਲਾਂ ਨਾਲ ਅੰਨ੍ਹੇਵਾਹ ਫ਼ਾਇਰਿੰਗ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਇੱਕ ਗੋਲੀ ਅੰਮ੍ਰਿਤਪਾਲ ਸਿੰਘ ਦੀ ਛਾਤੀ ਵਿੱਚ ਲੱਗੀ। ਜਦੋਂ ਉਸ ਦਾ ਪਿਤਾ ਕਸ਼ਮੀਰ ਸਿੰਘ ਆਪਣੇ ਪੁੱਤਰ ਨੂੰ ਬਚਾਉਣ ਲਈ ਅੱਗੇ ਵਧਿਆ ਤਾਂ ਹਮਲਾਵਰਾਂ ਨੇ ਉਸ ਨੂੰ ਵੀ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਵਾਰਦਾਤ ਤੋਂ ਬਾਅਦ ਦੋਵਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਸੋਮਵਾਰ ਤੜਕਸਾਰ ਅੰਮ੍ਰਿਤਪਾਲ ਸਿੰਘ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ, ਜਦਕਿ ਉਸ ਦੇ ਪਿਤਾ ਦਾ ਇਲਾਜ ਚੱਲ ਰਿਹਾ ਹੈ।
CCTV ਕੈਮਰਿਆਂ ਰਾਹੀਂ ਕਾਤਲਾਂ ਦੀ ਪਛਾਣ ਜਾਰੀ: SSP
ਜ਼ਿਲ੍ਹਾ ਤਰਨਤਾਰਨ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਇਸ ਘਟਨਾ ਬਾਰੇ ਪੁਸ਼ਟੀ ਕਰਦਿਆਂ ਦੱਸਿਆ ਕਿ ਇਲਾਕੇ ਵਿੱਚ ਲੱਗੇ ਵੱਖ-ਵੱਖ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪੁਖ਼ਤਾ ਪਛਾਣ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਦੀਆਂ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਦੋਸ਼ੀਆਂ ਨੂੰ ਬਹੁਤ ਜਲਦ ਗ੍ਰਿਫ਼ਤਾਰ ਕਰਕੇ ਸਲਾਖ਼ਾਂ ਪਿੱਛੇ ਭੇਜਿਆ ਜਾਵੇਗਾ।
