ਮੋਗਾ ‘ਚ AAP ਦੀ ਮਹਾ ਰੈਲੀ ਨਾਲ 2027 ਦੀਆਂ ਚੋਣਾਂ ਦਾ ਆਗਾਜ਼, 116 ਏਕੜ ‘ਚ ਕੀਤੇ ਵੱਡੇ ਪ੍ਰਬੰਧ
ਇਸ ਵੱਡੇ ਸਿਆਸੀ ਸਮਾਗਮ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪੰਜਾਬ ਭਰ ਤੋਂ ਪਾਰਟੀ ਵਰਕਰਾਂ ਤੇ ਸਮਰਥਕਾਂ ਦੇ ਮੋਗਾ ਪਹੁੰਚਣ ਦਾ ਪ੍ਰੋਗਰਾਮ ਹੈ।
ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ (AAP) ਵੱਲੋਂ ਅੱਜ 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਕੀਤੀ ਜਾ ਰਹੀ ਹੈ। ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਇਸ ਰੈਲੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ।
ਰੈਲੀ ‘ਚ ਕੇਜਰੀਵਾਲ ਤੇ ਸੀਐਮ ਮਾਨ ਸਮੇਤ ਪੂਰੀ ਲੀਡਰਸ਼ਿਪ ਹੋਵੇਗੀ ਸ਼ਾਮਲ
ਇਸ ਵੱਡੇ ਸਿਆਸੀ ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪੰਜਾਬ ਭਰ ਤੋਂ ਪਾਰਟੀ ਵਰਕਰਾਂ ਤੇ ਸਮਰਥਕਾਂ ਦੇ ਮੋਗਾ ਪਹੁੰਚਣ ਦਾ ਪ੍ਰੋਗਰਾਮ ਹੈ।
116 ਏਕੜ ਜ਼ਮੀਨ ‘ਚ ਤਿਆਰ ਕੀਤਾ ਗਿਆ ਰੈਲੀ ਵਾਲਾ ਪੰਡਾਲ
ਰੈਲੀ ਨੂੰ ਲੈ ਕੇ ਪਿੰਡ ਮਟਵਾਣੀ ‘ਚ ਕਰੀਬ 116 ਏਕੜ ਜ਼ਮੀਨ ‘ਤੇ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਹਨ। ਪਾਰਟੀ ਆਗੂਆਂ ਮੁਤਾਬਕ ਸਮਾਗਮ ‘ਚ ਇੱਕ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ, ਜਦਕਿ ਕੁਝ ਆਗੂਆਂ ਵੱਲੋਂ ਇਹ ਗਿਣਤੀ ਡੇਢ ਲੱਖ ਤੋਂ ਵੀ ਵੱਧ ਦੱਸੀ ਜਾ ਰਹੀ ਹੈ। ਇੰਨੀ ਵੱਡੀ ਗਿਣਤੀ ‘ਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਬੈਠਣ, ਪੀਣ ਵਾਲੇ ਪਾਣੀ, ਖਾਣੇ ਤੇ ਪਖਾਨਿਆਂ ਸਮੇਤ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।
71 ਉਮੀਦਵਾਰਾਂ ਦੇ ਨਾਲ ਚੋਣ ਮੁਹਿੰਮ ਨੂੰ ਮਿਲੇਗੀ ਰਫ਼ਤਾਰ
ਇਸ ਰੈਲੀ ਨੂੰ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਵੀ ਅਹਿਮ ਮੰਨਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ‘ਚੋਂ 71 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਰਿਪੋਰਟਾਂ ਮੁਤਾਬਕ ਐਲਾਨੇ ਗਏ ਉਮੀਦਵਾਰਾਂ ਦੇ ਵੀ ਇਸ ਸਮਾਗਮ ‘ਚ ਸ਼ਾਮਲ ਹੋਣ ਦੀ ਉਮੀਦ ਹੈ।
ਰੈਲੀ ਦੌਰਾਨ ਪਾਰਟੀ ਵੱਲੋਂ ਆਪਣੀ ਸਰਕਾਰ ਦੇ ਹੁਣ ਤੱਕ ਦੇ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਦਾ ਵੇਰਵਾ ਲੋਕਾਂ ਸਾਹਮਣੇ ਰੱਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਆਉਣ ਵਾਲੇ ਵਿਕਾਸ ਲਈ ਪਾਰਟੀ ਦਾ ਰੋਡਮੈਪ ਵੀ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਆਗੂ ਵਿਰੋਧੀ ਪਾਰਟੀਆਂ ਨੂੰ ਵੀ ਨਿਸ਼ਾਨੇ ‘ਤੇ ਲੈ ਸਕਦੇ ਹਨ।
ਇਹ ਵੀ ਪੜ੍ਹੋ
ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਵੀ ਹੋਵੇਗੀ ਸ਼ੁਰੂਆਤ
ਇਸ ਸਮਾਗਮ ਦਾ ਇੱਕ ਹੋਰ ਅਹਿਮ ਪਹਿਲੂ ਪੰਜਾਬ ਸਰਕਾਰ ਦੀ ਸਮਾਰਟ ਰਾਸ਼ਨ ਕਾਰਡ ਯੋਜਨਾ ਹੈ। ਸਰਕਾਰ ਵੱਲੋਂ ਇਸ ਮੌਕੇ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਦੀ ਤਿਆਰੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਪ੍ਰੋਗਰਾਮ ਸਰਕਾਰੀ ਯੋਜਨਾ ਨਾਲ ਸਬੰਧਤ ਹੈ ਤੇ ਇਸ ਦਾ ਮੁੱਖ ਮਕਸਦ ਲਾਭਪਾਤਰੀਆਂ ਤੱਕ ਸਮਾਰਟ ਕਾਰਡ ਪਹੁੰਚਾਉਣਾ ਹੈ।
ਸੁਰੱਖਿਆ ਦੇ ਸਖ਼ਤ ਪ੍ਰਬੰਧ, ਆਵਾਜਾਈ ਲਈ ਬਦਲਵੇਂ ਰਸਤੇ
ਵੱਡੇ ਇਕੱਠ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਸੁਰੱਖਿਆ ਤੇ ਆਵਾਜਾਈ ਦੇ ਖਾਸ ਪ੍ਰਬੰਧ ਕੀਤੇ ਗਏ ਹਨ। ਮੁੱਖ ਸਕੱਤਰ ਕੇਏਪੀ ਸਿਨਹਾ ਤੇ ਡੀਜੀਪੀ ਗੌਰਵ ਯਾਦਵ ਨੇ ਮੋਗਾ ਪਹੁੰਚ ਕੇ ਰੈਲੀ ਵਾਲੀ ਥਾਂ ‘ਤੇ ਸੁਰੱਖਿਆ, ਪਾਰਕਿੰਗ ਤੇ ਭੀੜ ਨੂੰ ਸੰਭਾਲਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਤੋਂ ਇਲਾਵਾ ਮੋਗਾ ਪੁਲਿਸ ਵੱਲੋਂ ਰੈਲੀ ਵਾਲੇ ਦਿਨ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਬਦਲਵੇਂ ਰਸਤੇ ਵੀ ਨਿਰਧਾਰਤ ਕੀਤੇ ਗਏ ਹਨ। ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਟ੍ਰੈਫਿਕ ਪ੍ਰਬੰਧਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।


