ਪੰਜਾਬ ‘ਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ… TV9 ਦੇ ਸਵਾਲ ‘ਤੇ ਅਮਿਤ ਸ਼ਾਹ ਨੇ ਕੀਤਾ ਵੱਡਾ ਐਲਾਨ
ਅਮਿਤ ਸ਼ਾਹ ਨੇ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰ ਚੁੱਕੀਆਂ ਹਨ। ਉਨ੍ਹਾਂ ਮੁਤਾਬਕ ਗਠਜੋੜ ਦੀ ਸਭ ਤੋਂ ਵੱਡੀ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੋਵੇਗੀ। TV9 ਵੱਲੋਂ ਮੁੱਖ ਮੰਤਰੀ ਦੇ ਅਹੁਦੇ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ 'ਚ ਰਹੇਗਾ।
ਪੰਜਾਬ 'ਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... ਅਮਿਤ ਸ਼ਾਹ ਨੇ ਕੀਤਾ ਵੱਡਾ ਐਲਾਨ
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗਠਜੋੜ ਹੋ ਗਿਆ ਹੈ। ਦੋਵਾਂ ਪਾਰਟੀਆਂ ਨੇ ਇਕੱਠੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਗਠਜੋੜ ਦੇ ਐਲਾਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਐਨਡੀਏ ਪੰਜਾਬ ‘ਚ ਚੋਣ ਜਿੱਤਦਾ ਹੈ ਤਾਂ ਮੁੱਖ ਮੰਤਰੀ ਅਕਾਲੀ ਦਲ ਦਾ ਹੀ ਬਣੇਗਾ।
ਅਮਿਤ ਸ਼ਾਹ ਨੇ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਦੇ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰ ਚੁੱਕੀਆਂ ਹਨ। ਉਨ੍ਹਾਂ ਮੁਤਾਬਕ ਗਠਜੋੜ ਦੀ ਸਭ ਤੋਂ ਵੱਡੀ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੋਵੇਗੀ। TV9 ਵੱਲੋਂ ਮੁੱਖ ਮੰਤਰੀ ਦੇ ਅਹੁਦੇ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ‘ਚ ਰਹੇਗਾ।
ਅਕਾਲੀ ਦਲ ਦਾ ਬਣੇਗਾ ਮੁੱਖ ਮੰਤਰੀ, ਸਾਰੀਆਂ 117 ਸੀਟਾਂ ‘ਤੇ ਲੜਨਗੇ ਚੋਣ
ਅਮਿਤ ਸ਼ਾਹ ਨੇ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਮਿਲ ਕੇ ਚੋਣ ਲੜਨਗੀਆਂ। ਉਨ੍ਹਾਂ ਮੁੱਖ ਮੰਤਰੀ ਦੇ ਅਹੁਦੇ ਬਾਰੇ ਗੱਲ ਕਰਦਿਆਂ ਕਿਹਾ ਕਿ ਵੱਡਾ ਭਰਾ ਹੀ ਮੁੱਖ ਮੰਤਰੀ ਹੁੰਦਾ ਹੈ। ਇਸ ਤਰ੍ਹਾਂ ਉਨ੍ਹਾਂ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਗਠਜੋੜ ਦੀ ਸਰਕਾਰ ਬਣਨ ਦੀ ਸੂਰਤ ‘ਚ ਮੁੱਖ ਮੰਤਰੀ ਦਾ ਅਹੁਦਾ ਅਕਾਲੀ ਦਲ ਕੋਲ ਰਹੇਗਾ। ਸ਼ਾਹ ਨੇ ਇਹ ਵੀ ਕਿਹਾ ਕਿ 31 ਦਸੰਬਰ 2029 ਤੱਕ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ।
ਕਿਸਾਨਾਂ ਤੇ ਨੌਜਵਾਨਾਂ ਲਈ ਤਿਆਰ ਕੀਤਾ ਰੋਡਮੈਪ
ਅਮਿਤ ਸ਼ਾਹ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਸੂਬੇ ਦੇ ਆਰਥਿਕ ਵਿਕਾਸ ਤੇ ਨੌਜਵਾਨਾਂ ਦੇ ਰੁਜ਼ਗਾਰ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਿਚਕਾਰ ਕਰੀਬ ਤਿੰਨ ਮਹੀਨਿਆਂ ਤੱਕ ਵਿਚਾਰ-ਵਟਾਂਦਰਾ ਹੋਇਆ ਹੈ। ਇਸ ਚਰਚਾ ਤੋਂ ਬਾਅਦ ਇੱਕ ਰੋਡਮੈਪ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਐਨਡੀਏ ਦੀ ਸਰਕਾਰ ਬਣਨ ‘ਤੇ ਇਸੇ ਰੋਡਮੈਪ ਦੇ ਆਧਾਰ ‘ਤੇ ਕੰਮ ਕੀਤਾ ਜਾਵੇਗਾ ਤੇ ਕਿਸਾਨਾਂ, ਨੌਜਵਾਨਾਂ ਤੇ ਸੂਬੇ ਦੇ ਆਰਥਿਕ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦਿੱਤੀ ਜਾਵੇਗੀ।
ਸੀਟਾਂ ਦੀ ਵੰਡ ਦਾ ਐਲਾਨ ਕਦੋਂ ਹੋਵੇਗਾ?
ਗਠਜੋੜ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਦੋਵੇਂ ਪਾਰਟੀਆਂ ਪੂਰੀ ਤਾਕਤ ਨਾਲ ਚੋਣ ਮੈਦਾਨ ‘ਚ ਉਤਰਨਗੀਆਂ। ਉਨ੍ਹਾਂ ਕਿਹਾ ਕਿ ਸੀਟਾਂ ਦੀ ਗਿਣਤੀ ਤੇ ਵੰਡ ਬਾਰੇ ਫੈਸਲਾ ਸਹੀ ਸਮੇਂ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਅਮਿਤ ਸ਼ਾਹ ਨੇ ਅਕਾਲੀ ਦਲ ਨੂੰ ਵੱਡੇ ਭਰਾ ਦੀ ਭੂਮਿਕਾ ‘ਚ ਰੱਖਣ ਦੀ ਗੱਲ ਕਹੀ ਹੈ ਤਾਂ ਇਹ ਗਠਜੋੜ ਕੁਦਰਤੀ ਤੌਰ ‘ਤੇ ਅੱਗੇ ਵਧੇਗਾ।
ਇਹ ਵੀ ਪੜ੍ਹੋ
ਕਰਤਾਰਪੁਰ ਸਾਹਿਬ ਲਾਂਘੇ ਬਾਰੇ ਕੀ ਬੋਲੇ ਅਮਿਤ ਸ਼ਾਹ?
ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪੁੱਛੇ ਗਏ ਸਵਾਲ ‘ਤੇ ਅਮਿਤ ਸ਼ਾਹ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਇਹ ਲਾਂਘਾ ਆਰਜ਼ੀ ਤੌਰ ‘ਤੇ ਬੰਦ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦੀ ਸ਼ੁਰੂਆਤ ਮੋਦੀ ਸਰਕਾਰ ਵੱਲੋਂ ਹੀ ਕੀਤੀ ਗਈ ਸੀ ਤੇ ਜਿਵੇਂ ਹੀ ਹਾਲਾਤ ਅਨੁਕੂਲ ਹੋਣਗੇ, ਇਸ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।
ਲੰਬੇ ਸਮੇਂ ਦਾ ਗਠਜੋੜ ਬਣਾਉਣ ਲਈ ਹੋਈ ਦੇਰੀ: ਅਮਿਤ ਸ਼ਾਹ
ਅਕਾਲੀ ਦਲ ਤੇ ਭਾਜਪਾ ਵਿਚਕਾਰ ਗਠਜੋੜ ਦੇ ਐਲਾਨ ‘ਚ ਹੋਈ ਦੇਰੀ ਬਾਰੇ ਅਮਿਤ ਸ਼ਾਹ ਨੇ ਕਿਹਾ ਕਿ ਦੋਵੇਂ ਪਾਰਟੀਆਂ ਲੰਬੇ ਸਮੇਂ ਲਈ ਸਿਆਸੀ ਸਾਂਝ ਬਣਾਉਣਾ ਚਾਹੁੰਦੀਆਂ ਸਨ। ਕਈ ਮੁੱਦਿਆਂ ‘ਤੇ ਦੋਵਾਂ ਦੇ ਵਿਚਾਰ ਵੱਖਰੇ ਸਨ, ਪਰ ਗੱਲਬਾਤ ਰਾਹੀਂ ਸਾਂਝੀ ਸਹਿਮਤੀ ਬਣਾਈ ਗਈ ਤਾਂ ਜੋ ਇਹ ਗਠਜੋੜ ਲੰਬੇ ਸਮੇਂ ਤੱਕ ਚੱਲ ਸਕੇ।
ਦੂਜੇ ਪਾਸੇ, ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਦੇ ਆਗੂਆਂ ਨਾਲ ਕਿਸਾਨਾਂ ਦੇ ਹਰ ਮੁੱਦੇ ‘ਤੇ ਚਰਚਾ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਦੋਵੇਂ ਪਾਰਟੀਆਂ ਮਿਲ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੰਮ ਕਰਨਗੀਆਂ।
