ਸੁਪਰੀਮ ਕੋਰਟ ਦਾ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦਾ ਹੁਕਮ, HC ਦੇ ਹੁਕਮ ਨੂੰ SC ‘ਚ ਚੁਣੌਤੀ ਦੇਣ ਦੇ ਮਾਮਲੇ ‘ਤੇ ਸੁਣਵਾਈ
Punjab Government Hearing in SC: ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਭੇਜੇ ਗਏ ਪੱਤਰਾਂ ਨਾਲ ਜੁੜਿਆ ਹੈ। ਈਡੀ ਨੇ ਇਨ੍ਹਾਂ ਪੱਤਰਾਂ ਰਾਹੀਂ ਕਥਿਤ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਸਬੰਧੀ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ। ਪੰਜਾਬ ਪੁਲਿਸ ਵੱਲੋਂ ਐਫਆਈਆਰ ਦਰਜ ਨਾ ਕੀਤੇ ਜਾਣ ਤੋਂ ਬਾਅਦ ਮਾਮਲਾ ਹਾਈਕੋਰਟ ਤੱਕ ਪਹੁੰਚਿਆ। ਹਾਲਾਂਕਿ ਸਰਕਾਰ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਿਜ ਕਰ ਰਹੀ ਹੈ।
ਸੀਐਮਓ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹਾਈਕੋਰਟ ਦੇ ਹੁਕਮ ਨੂੰ ਪੰਜਾਬ ਸਰਕਾਰ ਵੱਲੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ। ਇਸ ਮਾਮਲੇ ਦੀ ਸੋਮਵਾਰ ਨੂੰ, ਸਰਬਉੱਚ ਅਦਾਲਤ ਵਿੱਚ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਕੋਰਟ ਨੇ ਮੁਲਜ਼ਮਾਂ ਖਿਲਾਫ ਜਬਰਨ ਕਾਰਵਾਈ ਨਾ ਕਰਨ ਦਾ ਹੁਕਮ ਦਿੱਤਾ ਹੈ ਅਤੇ ਨਾਲ ਹੀ ਸੀਬੀਆਈ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਸੀਬੀਆਈ ਵੱਲੋਂ ਦਰਜ ਐਫਆਈਆਰ ‘ਤੇ ਰੋਕ ਲਗਾਉਣ ਤੋਂ ਇਨਕਾਰ ਵੀ ਕਰ ਦਿੱਤਾ।
ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਇਲਜਾਮਾਂ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ। ਇਸ ਮਾਮਲੇ ਵਿੱਚ ਸੀਐਮ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅਤੇ ਹੋਰਾਂ ‘ਤੇ ਮੁੱਖ ਮੰਤਰੀ ਦਫ਼ਤਰ ਵਿੱਚ ਟ੍ਰਾਂਸਫਰ-ਪੋਸਟਿੰਗ ਅਤੇ ਨੀਤੀਗਤ ਮਾਮਲਿਆਂ ਵਿੱਚ ਦਖਲ ਦੇ ਕੇ ਕਥਿਤ ਭ੍ਰਿਸ਼ਟਾਚਾਰ ਦੇ ਆਰੋਪ ਲਗਾਏ ਗਏ ਹਨ।
ਸੀਬੀਆਈ ਨੇ ਇਸ ਮਾਮਲੇ ਵਿੱਚ ਘੁੰਮਣ ਅਤੇ ਹੋਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਅਤੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ ਕਈ ਥਾਵਾਂ ‘ਤੇ ਤਲਾਸ਼ੀ ਲਈ। ਹਾਈ ਕੋਰਟ ਨੇ ਏਜੰਸੀ ਨੂੰ ਦੋ ਮਹੀਨਿਆਂ ਦੇ ਅੰਦਰ ਸਟੇਟਸ ਰਿਪੋਰਟ ਦਾਇਰ ਕਰਨ ਦੇ ਵੀ ਨਿਰਦੇਸ਼ ਵੀ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਕਾਨੂੰਨੀ ਮਾਹਿਰਾਂ ਅਨੁਸਾਰ, ਰਾਜਬੀਰ ਸਿੰਘ ਘੁੰਮਣ ਨੂੰ ਹੁਣ ਗ੍ਰਿਫਤਾਰ ਨਹੀਂ ਕੀਤਾ ਜਾ ਸਕੇਗਾ ਅਤੇ ਉਹ ਜਾਂਚ ਵਿੱਚ ਸ਼ਾਮਲ ਹੋ ਸਕਦੇ ਹਨ। ਸੀਬੀਆਈ ਹੁਣ ਇਸ ਮਾਮਲੇ ਨਾਲ ਜੁੜੇ ਕਿਸੇ ਵੀ ਵਿਅਕਤੀ ਖਿਲਾਫ ਕੋਈ ਕਾਰਵਾਈ ਨਹੀਂ ਕਰ ਸਕੇਗੀ।
ਕੀ ਹੈ ਮਾਮਲਾ?
ਇਸ ਮਾਮਲੇ ਦੀ ਸ਼ੁਰੂਆਤ ਈਡੀ ਦੀ ਉਸ ਜਾਂਚ ਤੋਂ ਹੋਈ, ਜਿਸ ‘ਚ ਏਜੰਸੀ ਨੇ ਕਥਿਤ ਤੌਰ ‘ਤੇ ਸਰਕਾਰੀ ਅਧਿਕਾਰੀਆਂ ਦੀਆਂ ਟ੍ਰਾਂਸਫਰ-ਪੋਸਟਿੰਗ, ਸਰਕਾਰੀ ਟੈਂਡਰਾਂ, ਨੀਤੀਗਤ ਫ਼ੈਸਲਿਆਂ, ਲਾਇਸੈਂਸਾਂ ਤੇ ਸਰਕਾਰੀ ਮਨਜ਼ੂਰੀਆਂ ਨੂੰ ਪ੍ਰਭਾਵਿਤ ਕਰਨ ਸਬੰਧੀ ਇਲਜ਼ਾਮਾਂ ਦੀ ਜਾਂਚ ਕੀਤੀ। ਈਡੀ ਨੇ ਮੁੱਖ ਮੰਤਰੀ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਤੇ ਉਨ੍ਹਾਂ ਨਾਲ ਕਥਿਤ ਤੌਰ ‘ਤੇ ਜੁੜੇ ਲੋਕਾਂ ਦਾ ਵੀ ਜ਼ਿਕਰ ਕੀਤਾ। ਜਾਂਚ ‘ਚ ਨਿਤਿਨ ਗੋਹਿਲ, ਰੀਅਲ ਅਸਟੇਟ ਕਾਰੋਬਾਰੀ ਅਜੈ ਸਹਿਗਲ ਤੇ ਸੁਰੇਸ਼ ਕੁਮਾਰ ਬਜਾਜ ਸਮੇਤ ਹੋਰ ਨਾਵਾਂ ਦਾ ਹਵਾਲਾ ਦਿੱਤਾ ਗਿਆ। ਈਡੀ ਨੇ ਇਲਜ਼ਾਮ ਲਗਾਇਆ ਕਿ ਕਥਿਤ ਨੈੱਟਵਰਕ ਦਾ ਸਬੰਧ ਸਰਕਾਰੀ ਫ਼ੈਸਲਿਆਂ ਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਪ੍ਰਭਾਵਿਤ ਕਰਨ ਨਾਲ ਸੀ।
ਇਹ ਵੀ ਪੜ੍ਹੋ
ਸਰਕਾਰ ਵੱਲੋਂ ਸਿਆਸੀ ਇਲਜ਼ਾਮਾਂ ਦਾ ਜਵਾਬ
ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਈਡੀ ਵੱਲੋਂ ਲਗਾਏ ਇਲਜ਼ਾਮਾਂ ਨੂੰ ਬੇਬੁਨਿਆਦ ਦੱਸ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਤੋਂ ਇਮਾਨਦਾਰੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਤੇ ਇਲਜ਼ਾਮ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਲਗਾਏ ਜਾ ਰਹੇ ਹਨ। ਰਾਜਬੀਰ ਸਿੰਘ ਘੁੰਮਣ ਨੇ ਵੀ ਆਪਣੇ ਖ਼ਿਲਾਫ਼ ਲਗਾਏ ਇਲਜ਼ਾਮਾਂ ਤੇ ਸਬੂਤ ਜਨਤਕ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਉਨ੍ਹਾਂ ਖ਼ਿਲਾਫ਼ ਕੋਈ ਠੋਸ ਸਬੂਤ ਹੈ ਤਾਂ ਉਹ ਜਨਤਕ ਕੀਤਾ ਜਾਵੇ, ਨਹੀਂ ਤਾਂ ਇਲਜ਼ਾਮ ਲਗਾਉਣ ਵਾਲਿਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


