CM ਮਾਨ ਵੱਲੋਂ 154 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ, 1,244 ਹੋਈ ਕੁੱਲ ਗਿਣਤੀ

Published: 

14 Oct 2026 15:17 PM IST

ਕਲੀਨਿਕਾਂ ਦੇ ਉਦਘਾਟਨ ਤੋਂ ਬਾਅਦ ਚੱਬੇਵਾਲ ਵਿਖੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਅੰਕੜਿਆਂ ਮੁਤਾਬਕ ਹੁਣ ਤੱਕ ਇਨ੍ਹਾਂ ਕਲੀਨਿਕਾਂ 'ਚ ਸਾਢੇ 6 ਕਰੋੜ ਤੋਂ ਵੱਧ ਓਪੀਡੀ ਦਰਜ ਕੀਤੀ ਜਾ ਚੁੱਕੀ ਹੈ, ਜਦਕਿ ਕਰੀਬ 2 ਕਰੋੜ ਲੋਕ ਇੱਥੋਂ ਦਵਾਈਆਂ ਲੈ ਚੁੱਕੇ ਹਨ।

CM ਮਾਨ ਵੱਲੋਂ 154 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ, 1,244 ਹੋਈ ਕੁੱਲ ਗਿਣਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਦੇ ਪਿੰਡ ਹਰਖੋਵਾਲ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 154 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਵਧ ਕੇ 1,244 ਹੋ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਤੇ ਵੱਖ-ਵੱਖ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਸਮਾਗਮ ਵਾਲੀ ਥਾਂ ਤੇ ਵੱਡੀ ਗਿਣਤੀ ‘ਚ ਲੋਕ ਪਹੁੰਚੇ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਸਮੇਤ ਕਈ ਵਿਧਾਇਕ ਤੇ ਹੋਰ ਆਗੂ ਵੀ ਮੌਜੂਦ ਰਹੇ।

ਹੁਣ ਤੱਕ ਸਾਢੇ 6 ਕਰੋੜ ਤੋਂ ਵੱਧ ਓਪੀਡੀ ਦਾ ਦਾਅਵਾ

ਕਲੀਨਿਕਾਂ ਦੇ ਉਦਘਾਟਨ ਤੋਂ ਬਾਅਦ ਚੱਬੇਵਾਲ ਵਿਖੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਅੰਕੜਿਆਂ ਮੁਤਾਬਕ ਹੁਣ ਤੱਕ ਇਨ੍ਹਾਂ ਕਲੀਨਿਕਾਂ ‘ਚ ਸਾਢੇ 6 ਕਰੋੜ ਤੋਂ ਵੱਧ ਓਪੀਡੀ ਦਰਜ ਕੀਤੀ ਜਾ ਚੁੱਕੀ ਹੈ, ਜਦਕਿ ਕਰੀਬ 2 ਕਰੋੜ ਲੋਕ ਇੱਥੋਂ ਦਵਾਈਆਂ ਲੈ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਪੜ੍ਹਾਈ, ਦਵਾਈ ਤੇ ਰੁਜ਼ਗਾਰ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਮੁਤਾਬਕ, ਸਿਹਤ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ‘ਚ ਸ਼ਾਮਲ ਹੈ।

ਦੁਆਬੇ ਦੇ ਵਿਕਾਸ ਤੇ ਜ਼ੋਰ, ਚੱਬੇਵਾਲ ਚ ਕਮਿਊਨਿਟੀ ਹਾਲ ਲਈ 2 ਕਰੋੜ ਰੁਪਏ ਮਨਜ਼ੂਰ

ਮੁੱਖ ਮੰਤਰੀ ਨੇ ਕਿਹਾ ਕਿ ਦੁਆਬਾ ਖੇਤਰ ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿਕਾਸ ਲਈ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਰੁਜ਼ਗਾਰ ਦੇ ਮੁੱਦੇ ਤੇ ਕਿਹਾ ਕਿ ਸਰਕਾਰ ਦੀ ਰੁਜ਼ਗਾਰ ਕ੍ਰਾਂਤੀ ਤਹਿਤ ਹੁਣ ਤੱਕ 70,685 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਹਲਕੇ ‘ਚ ਕਮਿਊਨਿਟੀ ਹਾਲ ਦੀ ਉਸਾਰੀ ਲਈ 2 ਕਰੋੜ ਰੁਪਏ ਮਨਜ਼ੂਰ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਵਿਰੋਧੀ ਪਾਰਟੀਆਂ ਤੇ ਵੀ ਸਾਧੇ ਨਿਸ਼ਾਨੇ

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਇਲਾਵਾ ਲਾਇਆ ਕਿ ਵਿਰੋਧੀਆਂ ਕੋਲ ਸਰਕਾਰ ਦੀ ਆਲੋਚਨਾ ਕਰਨ ਤੋਂ ਇਲਾਵਾ ਕੋਈ ਠੋਸ ਮੁੱਦਾ ਨਹੀਂ ਹੈ ਤੇ ਉਹ ਈਡੀ ਤੇ ਸੀਬੀਆਈ ਵਰਗੀਆਂ ਜਾਂਚ ਏਜੰਸੀਆਂ ਰਾਹੀਂ ਸਰਕਾਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਇਸ ਮੌਕੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਇਸ਼ਾਂਕ ਕੁਮਾਰ, ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜ਼ਿੰਪਾ, ਟਾਂਡਾ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਦਸੂਹਾ ਤੋਂ ਵਿਧਾਇਕ ਕਰਮਬੀਰ ਸਿੰਘ ਘੁੰਮਣ, ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਅਤੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਸਮੇਤ ਹੋਰ ਆਗੂ ਮੌਜੂਦ ਰਹੇ।

Loading...
Unable to load recommendations.
Follow Us