ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ

Updated On: 

12 Feb 2023 16:10 PM

ਜ਼ਿਲ੍ਹਾ ਸਿੱਖਿਆ ਅਫਸਰ (ਐ:ਸਿ:) ਸ਼ਿਵਰਾਜ ਕਪੂਰ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਕਈ ਸਾਲਾਂ ਤੋਂ ਤਾਇਨਾਤ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਜੰਗੀ ਪੱਧਰ ਤੇ ਕੰਮ ਸ਼ੁਰੂ ਹੋ ਚੁੱਕਿਆ ਹੈ।

ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ
Follow Us On

ਸੰਗਰੂਰ। ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਈ ਸਾਲਾਂ ਤੋਂ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਪ੍ਰਕਿਰਿਆ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਕੱਚੇ ਅਧਿਆਪਕਾਂ ਦੇ ਸਰਟੀਫਿਕੇਟ ਵੈਰੀਫਿਕੇਸ਼ਨ ਦਾ ਕੈਂਪ ਲਗਾਇਆ। ਜ਼ਿਲ੍ਹਾ ਸਿੱਖਿਆ ਅਫਸਰ (ਐ:ਸਿ:) ਸ਼ਿਵਰਾਜ ਕਪੂਰ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਕਈ ਸਾਲਾਂ ਤੋਂ ਤਾਇਨਾਤ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਜੰਗੀ ਪੱਧਰ ਤੇ ਕੰਮ ਸ਼ੁਰੂ ਹੋ ਚੁੱਕਿਆ ਹੈ। ਜ਼ਿਲ੍ਹਾ ਸਿੱਖਿਆ ਅਫਸਰ ਸ਼ਿਵਰਾਜ ਕਪੂਰ ਦੇ ਹੁਕਮਾਂ ਅਨੁਸਾਰ ਬਲਾਕ ਸੰਗਰੂਰ-1 ਵਿੱਚ ਅੱਜ ਛੁੱਟੀ ਵਾਲੇ ਦਿਨ ਵੀ ਕੱਚੇ ਅਧਿਆਪਕਾਂ ਦੇ ਸਰਟੀਫਿਕੇਟ ਦੀ ਵੈਰੀਫਿਕੇਸ਼ਨ ਦੇ ਕੰਮ ਦੀ ਤਿਆਰੀ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ 80 ਦੇ ਕਰੀਬ ਪੱਕੇ ਹੋਣ ਵਾਲੇ ਅਧਿਆਪਕਾਂ ਨੇ ਹਿੱਸਾ ਲਿਆ। ਬੀਪੀਈਓ ਦਫਤਰ ਵੱਲੋਂ ਸਾਰੇ ਅਧਿਆਪਕਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ 6 ਵੱਖ ਵੱਖ ਟੇਬਲਾਂ ਰਾਹੀ ਸਮੁੱਚੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਗਈ।

ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਫੈਸਲਾ ਸ਼ਲਾਘਾਯੋਗ

ਇਸ ਮੌਕੇ ਗੁਰਮੀਤ ਸਿੰਘ ਈਸਾਪੁਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨੇ ਪੰਜਾਬ ਸਰਕਾਰ ਵੱਲੋਂ ਸਾਲਾਂ ਤੋਂ ਲਟਕਦੇ ਆ ਰਹੇ ਸਿੱਖਿਆ ਵਿਭਾਗ ਵਿੱਚ ਤਾਇਨਾਤ ਕੱਚੇ ਕਾਮਿਆਂ ਜਿਨ੍ਹਾਂ ਵਿੱਚ ਸਿੱਖਿਆ ਪ੍ਰੋਵਾਇਡਰ, ਈਜੀਐੱਸ ਵਾਲੰਟੀਅਰ, ਐੱਸਟੀਆਰ ਵਾਲੰਟੀਅਰ ਅਤੇ ਦਫ਼ਤਰੀ ਸਟਾਫ ਸ਼ਾਮਲ ਹੈ, ਦੇ ਮਸਲੇ ਨੂੰ ਹੱਲ ਕਰਦਿਆਂ ਇਨ੍ਹਾਂ ਨੂੰ ਪੱਕੇ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ ਮੁਤਾਬਿਕ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕ੍ਰਿਆ ਬਹੁਤ ਤੇਜ਼ੀ ਨਾਲ ਸ਼ੁਰੂ ਕੀਤੀ ਗਈ ਹੈ ਅਤੇ ਛੁੱਟੀ ਵਾਲੇ ਦਿਨ ਵਿੱਚ ਵੀ ਸਰਟੀਫਿਕੇਟ ਦੀ ਵੈਰੀਫਿਕੇਸ਼ਨ ਦੀ ਤਿਆਰੀ ਦਾ ਕੰਮ ਕੀਤਾ ਜਾ ਰਿਹਾ ਹੈ।

ਮਾਮੂਲੀ ਤਨਖਾਹਾਂ ਤੇ ਕੰਮ ਕਰ ਰਹੇ ਸਨ ਕੱਚੇ ਅਧਿਆਪਕ

ਕੱਚੇ ਅਧਿਆਪਕ ਆਗੂਆਂ ਮੱਖਣ ਸਿੰਘ ਤੋਲੇਵਾਲ, ਜੁਝਾਰ ਸਿੰਘ ਮੰਗਵਾਲ, ਕੰਤ ਸਿੰਘ ਬੱਗੂਆਣਾ, ਗੁਰਦੀਪ ਕੌਰ ਅਨਾਜ ਮੰਡੀ, ਜਗਜੀਤ ਕੌਰ ਬਡਰੁੱਖਾਂ ਵੱਲੋਂ ਮਾਨ ਸਰਕਾਰ ਵੱਲੋ ਪੱਕੇ ਕੀਤੇ ਜਾਣ ਦੇ ਫੈਸਲੇ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਿਛਲੇ 15-20 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਸਨ, ਜਿਸ ਨਾਲ ਘਰ ਦਾ ਗੁਜ਼ਾਰਾ ਵੀ ਨਹੀਂ ਹੁੰਦਾ ਸੀ ਪਰ ਭਗਵੰਤ ਮਾਨ ਸਰਕਾਰ ਨੇ ਆਪਣੇ ਵਾਅਦੇ ਮੁਤਾਬਿਕ ਉਹਨ੍ਹਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਕਰਕੇ ਵੱਡਾ ਤੋਹਫ਼ਾ ਦਿੱਤਾ ਹੈ।