ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ: ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗਾ 10 ਲੱਖ ਤੱਕ ਦਾ ਬਿਲਕੁਲ ਮੁਫ਼ਤ ਇਲਾਜ

Updated On: 

07 Feb 2026 17:35 PM IST

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਨੂੰ ਇਤਿਹਾਸਕ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸੋਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸਹੂਲਤ ਦਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ।

ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ: ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗਾ 10 ਲੱਖ ਤੱਕ ਦਾ ਬਿਲਕੁਲ ਮੁਫ਼ਤ ਇਲਾਜ

ਕੁਲਦੀਪ ਧਾਲੀਵਾਲ ਦਾ ਦਾਅਵਾ, 65 ਲੱਖ ਪਰਿਵਾਰਾਂ ਨੂੰ 10 ਲੱਖ ਤੱਕ ਮੁਫ਼ਤ ਇਲਾਜ

Follow Us On

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਨੂੰ ਇਤਿਹਾਸਕ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸੋਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸਹੂਲਤ ਦਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ। ਧਾਲੀਵਾਲ ਅਨੁਸਾਰ ਇਹ ਯੋਜਨਾ ਹੁਣ ਪੂਰੇ ਪੰਜਾਬ ਵਿੱਚ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਸੂਚੀਬੱਧ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਸਿਹਤ ਕਾਰਡ ਨੇ ਬਚਾਈ ਗਰੀਬ ਮਜ਼ਦੂਰ ਦੀ ਜਾਨ

ਇਸ ਮੌਕੇ ਧਾਲੀਵਾਲ ਨੇ ਯੋਜਨਾ ਦੀ ਸਫ਼ਲਤਾ ਨੂੰ ਸਾਬਤ ਕਰਨ ਲਈ ਇੱਕ ਜ਼ਿੰਦਾ ਮਿਸਾਲ ਪੇਸ਼ ਕੀਤੀ। ਉਨ੍ਹਾਂ ਦੇ ਨਾਲ ਸੁਲਖਣ ਸਿੰਘ ਨਾਮਕ ਇੱਕ ਗਰੀਬ ਮਜ਼ਦੂਰ ਮੌਜੂਦ ਸਨ, ਜਿਨ੍ਹਾਂ ਨੇ ਹਾਲ ਹੀ ਵਿੱਚ ਇਸੇ ਯੋਜਨਾ ਤਹਿਤ ਆਪਣੇ ਦਿਲ ਦਾ ਗੰਭੀਰ ਆਪ੍ਰੇਸ਼ਨ ਕਰਵਾਇਆ ਹੈ। ਧਾਲੀਵਾਲ ਨੇ ਦੱਸਿਆ ਕਿ ਸੁਲਖਣ ਸਿੰਘ ਨੂੰ ਦਿਲ ਦੀ ਤਕਲੀਫ਼ ਹੋਣ ‘ਤੇ ਅੰਮ੍ਰਿਤਸਰ ਦੇ ਰੰਧਾਵਾ ਹਸਪਤਾਲ ਰੈਫਰ ਕੀਤਾ ਗਿਆ ਸੀ, ਜਿੱਥੇ ਇਲਾਜ ਦਾ ਖਰਚਾ ਕਰੀਬ 3 ਲੱਖ ਰੁਪਏ ਦੱਸਿਆ ਗਿਆ।

ਇੱਕ ਮਜ਼ਦੂਰ ਪਰਿਵਾਰ ਲਈ ਇਹ ਰਕਮ ਜੁਟਾਉਣੀ ਨਾਮੁਮਕਿਨ ਸੀ। ਪਰ ਪਰਿਵਾਰ ਨੇ ਵੀਰਵਾਰ ਨੂੰ ਆਪਣਾ ਸਿਹਤ ਕਾਰਡ ਬਣਵਾਇਆ ਅਤੇ ਸ਼ੁੱਕਰਵਾਰ ਨੂੰ ਹੀ ਉਨ੍ਹਾਂ ਦਾ ਮੁਫ਼ਤ ਇਲਾਜ ਸ਼ੁਰੂ ਹੋ ਗਿਆ। ਅੱਜ ਸੁਲਖਣ ਸਿੰਘ ਦੇ ਦਿਲ ਵਿੱਚ ਸਟੈਂਟ ਪਾ ਕੇ ਉਨ੍ਹਾਂ ਦੀ ਜਾਨ ਬਚਾਈ ਜਾ ਚੁੱਕੀ ਹੈ। ਮਰੀਜ਼ ਦੀ ਧੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਜੇਕਰ ਸਰਕਾਰ ਦਾ ਇਹ ਕਾਰਡ ਨਾ ਹੁੰਦਾ ਤਾਂ ਸ਼ਾਇਦ ਅੱਜ ਉਸਦੇ ਪਿਤਾ ਉਸਦੇ ਨਾਲ ਨਾ ਹੁੰਦੇ।

ਸਾਰੀਆਂ ਜਾਤਾਂ ਤੇ ਵਰਗਾਂ ਲਈ ਬਰਾਬਰ ਮੌਕੇ

ਕੁਲਦੀਪ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਇਸ ਸਿਹਤ ਯੋਜਨਾ ਦਾ ਲਾਭ ਬਿਨਾਂ ਕਿਸੇ ਜਾਤ-ਪਾਤ ਜਾਂ ਧਰਮ ਦੇ ਭੇਦਭਾਵ ਤੋਂ ਹਰ ਯੋਗ ਪੰਜਾਬੀ ਲੈ ਸਕਦਾ ਹੈ। ਕਾਰਡ ਵਿੱਚ ਪਰਿਵਾਰ ਦੇ ਮੁਖੀ ਦੇ ਨਾਲ-ਨਾਲ ਬਾਕੀ ਮੈਂਬਰਾਂ ਦੇ ਨਾਮ ਵੀ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸੂਬੇ ਦੇ ਲਗਭਗ 75 ਫ਼ੀਸਦੀ ਹਸਪਤਾਲਾਂ ਨਾਲ ਸਮਝੌਤਾ (Tie-up) ਕਰ ਲਿਆ ਹੈ। ਉਨ੍ਹਾਂ ਹਸਪਤਾਲਾਂ ਨੂੰ ਸਖ਼ਤ ਚੇਤਾਵਨੀ ਵੀ ਦਿੱਤੀ ਕਿ ਜੇਕਰ ਕਿਸੇ ਸੂਚੀਬੱਧ ਹਸਪਤਾਲ ਨੇ ਕਾਰਡ ਹੋਣ ਦੇ ਬਾਵਜੂਦ ਇਲਾਜ ਕਰਨ ਤੋਂ ਮਨਾ ਕੀਤਾ, ਤਾਂ ਸਰਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਰੋਧੀਆਂ ‘ਤੇ ਨਿਸ਼ਾਨਾ ਅਤੇ ਕਾਨੂੰਨ ਵਿਵਸਥਾ

ਰਾਜਨੀਤਿਕ ਮੋਰਚੇ ‘ਤੇ ਬੋਲਦਿਆਂ ਧਾਲੀਵਾਲ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਮਾਨਸਿਕ ਤੌਰ ‘ਤੇ ਡਾਵਾਂਡੋਲ ਹੋ ਚੁੱਕੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਜਨਤਾ ਕਾਂਗਰਸੀ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾ ਦੇਵੇਗੀ। ਜਲੰਧਰ ਵਿੱਚ ਆਪ ਆਗੂ ਦੇ ਕਤਲ ਦੇ ਮਾਮਲੇ ਬਾਰੇ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਦੇ ਡੀਜੀਪੀ ਖੁਦ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਦੋਸ਼ੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਦੁਹਰਾਇਆ ਕਿ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।