ਪੰਜਾਬ ਸਰਕਾਰ ਨੇ ਨਿਭਾਇਆ ਆਪਣਾ ਵਾਅਦਾ, ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਦਿੱਤੇ 5-5 ਲੱਖ ਰੁਪਏ
ਪੰਜਾਬ ਸਰਕਾਰ ਨੇ ਆਪਣਾ ਵਾਅਦਾ ਨਿਭਾਉਂਦਿਆਂ ਫਰੀਦਕੋਟ ਦੇ ਸੱਤ ਪਿੰਡਾਂ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਹੈ। ਇਹ ਗ੍ਰਾਂਟ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਰਤੀ ਜਾਵੇਗੀ। ਸੂਬਾ ਸਰਕਾਰ ਨੇ ਇਸ ਕਦਮ ਨਾਲ ਪਿੰਡਾਂ ਵਿੱਚ ਆਪਸੀ ਸਾਂਝ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਹੈ। ਇਸ ਫੈਸਲੇ ਦਾ ਪੰਚਾਇਤਾਂ ਵੱਲੋਂ ਸਵਾਗਤ ਕੀਤਾ ਗਿਆ ਹੈ।

ਫਰੀਦਕੋਟ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਅੱਜ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਪੰਜ-ਪੰਜ ਲੱਖ ਰੁੱਪਏ ਦੇ ਚੈੱਕ ਭੇਟ ਕੀਤੇ। ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਦੱਸਿਆ ਕਿ ਹਲਕਾ ਫਰੀਦਕੋਟ ਦੇ ਸੱਤ ਪਿੰਡ ਗੋਲੇਵਾਲਾ,ਝਾੜੀ ਵਾਲਾ,ਘੋਨੀ ਵਾਲਾ, ਪੱਖੀ ਖੁਰਦ, ਘਗਿਆਣਾ, ਚੱਕ ਸਾਹੂ ਅਤੇ ਅਰਾਈਆਂ ਵਾਲਾ ਵਿਖੇ ਸਰਬ ਸੰਮਤੀ ਨਾਲ ਪੰਚਾਇਤਾਂ ਦੀ ਚੋਣ ਹੋਈ ਸੀ।
ਗ੍ਰਾਂਟ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਰਤੀ ਜਾਵੇਗੀ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਚਾਇਤਾਂ ਸਾਡੇ ਲੋਕਤੰਤਰ ਦੀ ਮੁੱਢਲੀ ਇਕਾਈ ਹਨ ਤੇ ਉਨ੍ਹਾਂ ਦੀ ਮਜ਼ਬੂਤੀ ਨਾਲ ਜਿੱਥੇ ਲੋਕਤੰਤਰ ਮਜ਼ਬੂਤ ਹੁੰਦਾ ਹੈ, ਉੱਥੇ ਹੇਠਲੀ ਪੱਧਰ ਤੇ ਵਿਕਾਸ ਕਾਰਜਾਂ ਵਿੱਚ ਆਮ ਲੋਕਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਭਾਗੀਦਾਰ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਤੇ ਉਨ੍ਹਾਂ ਪਿੰਡਾਂ ਦੇ ਸਮੂਹ ਲੋਕ ਵਧਾਈ ਦੇ ਪਾਤਰ ਹਨ, ਜਿੰਨਾਂ ਨੇ ਪਿੰਡਾਂ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਸਰਬਸੰਮਤੀਆਂ ਕੀਤੀਆਂ ਹਨ।
ਵਿਧਾਇਕ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿੰਡਾਂ ਤੇ ਸ਼ਹਿਰਾਂ ਅੰਦਰ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਇਨ੍ਹਾਂ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਆਉਣ ਦਿੱਤੀ ਜਾਵੇਗੀ।
ਪੰਚਾਇਤਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਜੋ ਕਿਹਾ ਸੀ ਉਹ ਬਹੁਤ ਥੋੜੇ ਸਮੇਂ ਵਿੱਚ ਹੀ ਕਰਕੇ ਦਿਖਾਇਆ ਹੈ। ਉਨ੍ਹਾਂ ਨੇ ਕਿਹਾ ਕਿ ਦਿੱਤੇ ਗਏ ਇਨ੍ਹਾਂ ਫੰਡਾਂ ਦਾ ਉਹ ਪਿੰਡ ਵਿੱਚ ਜਿੱਥੇ ਵੀ ਜਰੂਰਤ ਹੈ ਇਸਤੇਮਾਲ ਕਰ ਸਕਦੇ ਹਨ।
ਇਹ ਵੀ ਪੜ੍ਹੋ
ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵਿੱਚ ਭਾਈਵਾਲਤਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਦਾ ਇਹ ਇੱਕ ਬਹੁਤ ਹੀ ਸ਼ਲਾਂਘਾਯੋਗ ਉਪਰਾਲਾ ਸੀ। ਜਿਸ ਤਹਿਤ ਹਲਕੇ ਦੇ ਵਿੱਚ ਸਰਬ ਸੰਮਤੀ ਨਾਲ ਪੰਚਾਇਤਾਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਚੋਣ ਕਰਦੇ ਸਮੇਂ ਉਨ੍ਹਾਂ ਬਿਨਾਂ ਕਿਸੇ ਮੱਤਭੇਦ ਦੇ ਭਾਈਵਾਲਤਾ ਦਿਖਾਈ ਹੈ। ਉਸੇ ਤਰ੍ਹਾਂ ਉਹ ਪੰਜ ਸਾਲ ਆਪਣਾ ਕੰਮ ਵਧੀਆ ਤਰੀਕੇ ਨਾਲ ਕਰਨ।