ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਵੱਡੀ ਯੋਜਨਾ, ਸਰਕਾਰ 7,000 ਵਿਛਾਏਗੀ ਕਿਲੋਮੀਟਰ ਨਵੀਆਂ ਪਾਈਪਲਾਈਨਾਂ
ਮੋਗਾ ਦੇ ਭਲੂਰ 'ਚ ਇੱਕ ਲੋਕ ਮਿਲਣੀ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲਗਭਗ 80 ਪ੍ਰਤੀਸ਼ਤ ਖੇਤੀ ਦੀ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤਾ ਸੀ।
ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਵੱਡੀ ਯੋਜਨਾ, ਸਰਕਾਰ 7,000 ਵਿਛਾਏਗੀ ਕਿਲੋਮੀਟਰ ਨਵੀਆਂ ਪਾਈਪਲਾਈਨਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸਾਲ ਦੇ ਅੰਤ ਤੱਕ 7,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਏਗੀ ਤਾਂ ਜੋ ਨਹਿਰੀ ਪਾਣੀ ਪੰਜਾਬ ਦੇ ਹਰ ਖੇਤ ਤੱਕ ਪਹੁੰਚੇ। ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ‘ਚ 14,000 ਕਿਲੋਮੀਟਰ ਪਾਈਪਲਾਈਨਾਂ ਪਹਿਲਾਂ ਹੀ ਵਿਛਾਈਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ ਮਾਨ ਨੇ ਇਹ ਵੀ ਦਾਅਵਾ ਕੀਤਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਜਨਤਾ ਦੁਆਰਾ ਨਕਾਰੀਆਂ ਗਈਆਂ ਪਾਰਟੀਆਂ ਉਨ੍ਹਾਂ ਵਿਰੁੱਧ ਇੱਕਜੁੱਟ ਹੋ ਗਈਆਂ ਹਨ ਕਿਉਂਕਿ ਉਹ ਉਨ੍ਹਾਂ ਦੀ ਸਰਕਾਰ ਦੁਆਰਾ ਕੀਤੇ ਗਏ ਕੰਮ ਦਾ ਮੁਕਾਬਲਾ ਨਹੀਂ ਕਰ ਸਕਦੀਆਂ। ਉਨ੍ਹਾਂ ਅੱਗੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਲੋਕਾਂ ਨੂੰ ਕਦੇ ਵੀ ਸੱਤਾ ਵਿੱਚ ਨਹੀਂ ਆਉਣ ਦੇਣਗੇ ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਲੁੱਟਿਆ ਸੀ।
21,000 ਕਿਊਸਿਕ ਪਾਣੀ ਛੱਡਿਆ
ਲੋਕ ਮਿਲਣੀ ਸਮਾਗਮ ਦੌਰਾਨ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ਸੂਬੇ ਦੇ ਹਰ ਕੋਨੇ ‘ਚ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਹਨ ਤੇ ਪਾਣੀ ਦੇ ਚੈਨਲਾਂ ਦਾ ਨਿਰਮਾਣ ਕੀਤਾ ਹੈ। ਹੁਣ ਤੱਕ, ਕਿਸਾਨਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਪਾਈਪਲਾਈਨਾਂ ਤੇ ਚੈਨਲਾਂ ‘ਚ 21,000 ਕਿਊਸਿਕ ਪਾਣੀ ਛੱਡਿਆ ਜਾ ਚੁੱਕਾ ਹੈ। ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਨਹਿਰਾਂ ਤੇ ਦਰਿਆਵਾਂ ‘ਚ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਦੇ ਨਤੀਜੇ ਵਜੋਂ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ।
ਲੋਕ ਮਿਲਣੀ ਦੌਰਾਨ ਭਲੂਰ ਪਹੁੰਚੇ ਲੋਕਾਂ ਦਾ ਦਿਲੋਂ ਧੰਨਵਾਦ… ਗਰਮੀ ਦੇ ਬਾਵਜੂਦ ਤੁਹਾਡਾ ਚੱਲਿਆ ਇੱਕ-ਇੱਕ ਕਦਮ ਸਿਰ ਮੱਥੇ… ਪਿੰਡ ਦੇ ਵਿਕਾਸ ਲਈ ਅੱਜ 51 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ… ਅੱਜ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹਨ, ਮੁਫ਼ਤ ਇਲਾਜ ਤੇ ਸਿੱਖਿਆ ‘ਚ ਪੰਜਾਬ ਨੰਬਰ ਵਨ ਬਣਿਆ ਹੈ… ਕਿਸਾਨਾਂ ਲਈ 80% ਨਹਿਰੀ ਪਾਣੀ ਪੁੱਜਦਾ pic.twitter.com/z98vzUOHot
— Bhagwant Mann (@BhagwantMann) June 29, 2026
ਸੁਖਬੀਰ ਬਾਦਲ ‘ਤੇ ਹਮਲਾ
ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਸੁਖਬੀਰ ਬਾਦਲ 2022 ਦੀ ਹਾਰ ਤੋਂ ਅਜੇ ਵੀ ਸਦਮੇ ‘ਚ ਹਨ ਤੇ ਸੁਪਨਿਆਂ ਦੀ ਦੁਨੀਆਂ ‘ਚ ਜੀਅ ਰਹੇ ਹਨ, ਜੋ ਉਨ੍ਹਾਂ ਦੇ ਬਿਆਨਾਂ ਤੋਂ ਸਪੱਸ਼ਟ ਤੌਰ ‘ਤੇ ਝਲਕਦਾ ਹੈ। ਸੁਖਬੀਰ ਬਾਦਲ ਨੇ ਹਾਲ ਹੀ ‘ਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ‘ਚ ਸ਼ਾਮਲ ਨਾ ਹੋਣ ਦਾ ਆਦੇਸ਼ ਦਿੱਤਾ ਸੀ। ਉਹ ਭੁੱਲ ਗਏ ਹਨ ਕਿ ਅਕਾਲੀ ਦਲ ਕੋਲ ਹੁਣ ਸਿਰਫ਼ ਇੱਕ ਵਿਧਾਇਕ ਬਚਿਆ ਹੈ, ਜੋ ਉਨ੍ਹਾਂ ਦਾ ਆਪਣਾ ਰਿਸ਼ਤੇਦਾਰ ਹੈ।
ਇਹ ਵੀ ਪੜ੍ਹੋ
ਉਨ੍ਹਾਂ ਅੱਗੇ ਕਿਹਾ ਕਿ ਆਪਣੇ ਲੰਬੇ ਤੇ ਦਮਨਕਾਰੀ ਕਾਰਜਕਾਲ ਦੌਰਾਨ ਅਕਾਲੀ ਆਗੂਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਤੇ ਆਮ ਲੋਕਾਂ ‘ਤੇ ਅਣਗਿਣਤ, ਨਾ-ਮਾਫ਼ ਕਰਨ ਯੋਗ ਅੱਤਿਆਚਾਰ ਕੀਤੇ। ਅਕਾਲੀਆਂ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਤੇ ਸੂਬੇ ‘ਚ ਵੱਖ-ਵੱਖ ਮਾਫੀਆ ਨੂੰ ਸਰਪ੍ਰਸਤੀ ਦਿੱਤੀ, ਜਿਸ ਨਾਲ ਪੰਜਾਬ ਬਰਬਾਦ ਹੋ ਗਿਆ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ।
ਆਪਣੇ ਪ੍ਰਸ਼ਾਸਨ ਦੀਆਂ ਮੁੱਖ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਸੱਚਮੁੱਚ ਲੋਕਾਂ ਲਈ ਕੰਮ ਕਰ ਰਹੀ ਹੈ। ਅਸੀਂ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ, 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀਆਂ ਦਿੱਤੀਆਂ, ਸੜਕੀ ਬੁਨਿਆਦੀ ਢਾਂਚੇ ‘ਚ ਸੁਧਾਰ ਕੀਤਾ, ਟੋਲ ਪਲਾਜ਼ਾ ਬੰਦ ਕੀਤੇ ਹਨ ਤੇ ਮਿਆਰੀ ਸਿੱਖਿਆ ਤੇ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਹੈ।
ਨਸ਼ਾ ਵਿਰੋਧੀ ਮੁਹਿੰਮ ਦੀ ਸਫਲਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਸ਼ੇ ਦੀ ਕਮਰ ਤੋੜਨ ‘ਚ ਮਹੱਤਵਪੂਰਨ ਸਾਬਤ ਹੋਈ ਹੈ ਤੇ ਜਨਤਕ ਸਹਿਯੋਗ ਨਾਲ ਇਸ ਸਰਾਪ ਨੂੰ ਰਾਜ ‘ਚੋਂ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕਦਾ ਹੈ। ਨਸ਼ਾ ਸਪਲਾਈ ਚੇਨ ਪਹਿਲਾਂ ਹੀ ਤੋੜ ਦਿੱਤੀ ਗਈ ਹੈ ਤੇ ਇਸ ਘਿਨਾਉਣੇ ਅਪਰਾਧ ‘ਚ ਸ਼ਾਮਲ ‘ਵੱਡੀਆਂ ਮੱਛੀਆਂ’ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਹੁਣ, ਲੋੜ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹੈ, ਜਿਸ ਲਈ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।
