ਪੰਜਾਬ ਸਰਕਾਰ ਲਿਆਵੇਗੀ ਨਵੀਂ ਖੇਤੀ ਨੀਤੀ, 11 ਮੈਂਬਰੀ ਕਮੇਟੀ ਗਠਿਤ

Published: 

18 Jan 2023 09:46 AM

ਪੰਜਾਬ ਸਰਕਾਰ ਨੇ ਸੂਬੇ ਦੀ ਨਵੀਂ ਖੇਤੀ ਨੀਤੀ ਤਿਆਰ ਕਰਨ ਇੱਕ ਹੋਰ ਕਦਮ ਚੁੱਕਦਿਆਂ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਪੰਜਾਬ ਸਰਕਾਰ ਲਿਆਵੇਗੀ ਨਵੀਂ ਖੇਤੀ ਨੀਤੀ, 11 ਮੈਂਬਰੀ ਕਮੇਟੀ ਗਠਿਤ
Follow Us On

ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਤਿਆਰ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।

ਕਿਸਾਨ ਤੇ ਵਾਤਾਵਰਨ ਪੱਖੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ

ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਪੰਜਾਬ ਦੀ ਆਪਣੀ ਕਿਸਾਨ ਅਤੇ ਵਾਤਾਵਰਨ ਪੱਖੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ 11 ਮੈਂਬਰੀ ਕਮੇਟੀ ਵਿੱਚ ਸਕੱਤਰ ਖੇਤੀਬਾੜੀ ਰਾਹੁਲ ਤਿਵਾੜੀ ਨੂੰ ਮੈਂਬਰ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਕਾਮੇ ਕਮਿਸ਼ਨ ਡਾ. ਸੁਖਪਾਲ ਸਿੰਘ ਨੂੰ ਕਨਵੀਨਰ, ਵਾਈਸ ਚਾਂਸਲਰ ਪੀ.ਏ.ਯੂ. ਲੁਧਿਆਣਾ ਡਾ. ਐਸ.ਐਸ. ਗੋਸਲ, ਵਾਈਸ ਚਾਂਸਲਰ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਡਾ. ਇੰਦਰਜੀਤ ਸਿੰਘ, ਅਰਥਸਾਸ਼ਤਰੀ ਡਾ. ਸੁੱਚਾ ਸਿੰਘ ਗਿੱਲ, ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬੀ.ਐਸ.ਘੁੰਮਣ, ਸਾਬਕਾ ਡਾਇਰੈਕਟਰ ਬਾਗਬਾਨੀ ਪੰਜਾਬ ਡਾ. ਗੁਰਕੰਵਲ ਸਿੰਘ, ਸਲਾਹਕਾਰ ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਟੀ ਰਾਜੇਸ਼ ਵਸ਼ਿਸ਼ਟ, ਸਾਬਕਾ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਬਲਵਿੰਦਰ ਸਿੰਘ ਸਿੱਧੂ, ਪ੍ਰਧਾਨ ਪੀ.ਏ.ਯੂ. ਕਿਸਾਨ ਕਲੱਬ ਅਮਰਿੰਦਰ ਸਿੰਘ ਅਤੇ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ ਆਦਿ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।

12 ਫਰਵਰੀ ਨੂੰ ਹੋਵੇਗੀ ਪਹਿਲੀ ਮੀਟਿੰਗ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 12 ਫ਼ਰਵਰੀ ਨੂੰ ਪਹਿਲੀ ਸਰਕਾਰ-ਕਿਸਾਨ ਮਿਲਣੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮਿਲਣੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੀਤੀ ਜਾਵੇਗੀ, ਜਿਸ ਦੇ ਮੁੱਖ ਮਹਿਮਾਨ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿੱਚ ਪੰਜਾਬ ਦੇ ਹਰ ਕੋਨੇ ਤੋਂ 2500 ਤੋਂ ਵੱਧ ਅਗਾਂਹਵਧੂ ਕਿਸਾਨ (ਵੱਖ-ਵੱਖ ਕਿੱਤਿਆਂ ਨਾਲ ਸਬੰਧਤ) ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਨਵੀਂ ਨੀਤੀ ਖੇਤੀਬਾੜੀ ਵਿਗਿਆਨੀਆਂ, ਮਾਹਿਰਾਂ ਅਤੇ ਖੇਤੀਬਾੜੀ ਜਥੇਬੰਦੀਆਂ ਨਾਲ ਸਲਾਹ-ਮਸ਼ਵਰੇ ਉਪਰੰਤ ਮੁਕੰਮਲ ਕਰਕੇ 31 ਮਾਰਚ ਤੱਕ ਪੰਜਾਬ ਦੀ ਕਿਸਾਨੀ ਨੂੰ ਸਮਰਪਿਤ ਕੀਤੀ ਜਾਵੇਗੀ।

Exit mobile version