GNDU ਦੇ 51ਵੇਂ ਕਨਵੋਕੇਸ਼ਨ ‘ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ, 456 ਵਿਦਿਆਰਥੀਆਂ ਨੂੰ ਦਿੱਤੀਆਂ ਡਿਗਰੀਆਂ
ਅੰਮ੍ਰਿਤਸਰ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ GNDU ਦੇ 51ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ 456 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਰਾਜਪਾਲ ਕਟਾਰੀਆ ਨੇ ਕਿਹਾ ਕਿ ਦੀਕਸ਼ਾਂਤ ਸਮਾਰੋਹ ਜੀਵਨ ਦਾ ਮਹੱਤਵਪੂਰਨ ਪੜਾਅ ਹੈ, ਸਿਰਫ਼ ਡਿਗਰੀ ਹੀ ਨਹੀਂ ਸਗੋਂ ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਦਾ ਸੰਦੇਸ਼ ਵੀ ਦਿੰਦਾ ਹੈ।
ਅੰਮ੍ਰਿਤਸਰ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 51ਵੇਂ ਦੀਕਸ਼ਾਂਤ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਫੈਕਲਟੀਆਂ ਤੋਂ ਆਪਣੀ ਪੜ੍ਹਾਈ ਪੂਰੀ ਕਰਨ ਵਾਲੇ 456 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ। ਸਮਾਰੋਹ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।
ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵਿਦਿਆਰਥੀਆਂ ਨੂੰ ਸੰਦੇਸ਼
ਸਮਾਗਮ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਦੀਕਸ਼ਾਂਤ ਸਮਾਰੋਹ ਕਿਸੇ ਵੀ ਵਿਦਿਆਰਥੀ ਦੇ ਜੀਵਨ ਦਾ ਬਹੁਤ ਹੀ ਮਹੱਤਵਪੂਰਨ ਪੜਾਅ ਹੁੰਦਾ ਹੈ। ਇਹ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਮੌਕਾ ਨਹੀਂ, ਸਗੋਂ ਜੀਵਨ ਵਿੱਚ ਨਵੀਆਂ ਜ਼ਿੰਮੇਵਾਰੀਆਂ ਅਤੇ ਨਵੇਂ ਟੀਚਿਆਂ ਵੱਲ ਅੱਗੇ ਵਧਣ ਦਾ ਸੰਦੇਸ਼ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਕੇਵਲ ਡਿਗਰੀ ਹਾਸਲ ਕਰਨਾ ਨਹੀਂ, ਬਲਕਿ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਹੈ।
ਪੰਜਾਬ ਦੇ ਰਾਜਪਾਲ ਕਟਾਰੀਆ ਨੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕਰਕੇ ਆਪਣੀ ਪੜ੍ਹਾਈ ਪੂਰੀ ਕੀਤੀ ਹੈ। ਉਹ ਵਧਾਈ ਦੇ ਹੱਕਦਾਰ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਯੂਨੀਵਰਸਿਟੀ ਦੇ ਕੁਲਪਤੀ ਅਤੇ ਸਮੁੱਚੇ ਸਟਾਫ਼ ਨੂੰ ਸਫ਼ਲ ਆਯੋਜਨ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਹੀ ਨਤੀਜਾ ਹੈ ਕਿ ਅੱਜ ਵਿਦਿਆਰਥੀ ਸਫ਼ਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਹੇ ਹਨ।
ਵਿਦਿਆਰਥੀ ਭਵਿੱਖ ਵਿੱਚ ਦੇਸ਼ ਦਾ ਨਾਮ ਰੋਸ਼ਨ ਕਰਨਗੇ
ਗੁਲਾਬ ਚੰਦ ਕਟਾਰੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਹ ਸਿੱਖਿਆ ਦੇ ਨਾਲ-ਨਾਲ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਗੇ ਤਾਂ ਉਹ ਨਿਸ਼ਚਿਤ ਤੌਰ ‘ਤੇ ਵੱਡੀਆਂ ਸਫ਼ਲਤਾਵਾਂ ਹਾਸਲ ਕਰਨਗੇ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ। ਰਾਜਪਾਲ ਨੇ ਭਰੋਸਾ ਜਤਾਇਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਭਵਿੱਖ ਵਿੱਚ ਆਪਣੀ ਕਾਬਲੀਅਤ ਅਤੇ ਕਾਰਗੁਜ਼ਾਰੀ ਨਾਲ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਉਹ ਤਾਕਤ ਹੈ ਜੋ ਮਨੁੱਖ ਦੇ ਜੀਵਨ ਨੂੰ ਨਵੀਂ ਦਿਸ਼ਾ ਦਿੰਦੀ ਹੈ ਅਤੇ ਦੇਸ਼ ਦੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਰੱਖਦੀ ਹੈ।
