ਰੱਖਿਆ ਮੰਤਰੀ ਨਾਲ ਮਿਲੇ ਪੰਜਾਬ ਗਵਰਨਰ, ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਨੂੰ ਮਜ਼ਬੂਤ ਕਰਨ ‘ਤੇ ਹੋਈ ਗੱਲਬਾਤ
Punjab Governor Meet Rajnath Singh: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਐਤਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਉੱਚ ਪੱਧਰੀ ਬੈਠਕ ਦੌਰਾਨ ਚੰਡੀਗੜ੍ਹ ਵਿੱਚ ਇੱਕ ਨਵੇਂ ਸੈਨਿਕ ਸਕੂਲ ਦੀ ਸਥਾਪਨਾ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨ ਰਾਹੀਂ ਹੋ ਰਹੀ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਰਗੇ ਅਹਿਮ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਐਤਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਉੱਚ ਪੱਧਰੀ ਬੈਠਕ ਦੌਰਾਨ ਚੰਡੀਗੜ੍ਹ ਵਿੱਚ ਇੱਕ ਨਵੇਂ ਸੈਨਿਕ ਸਕੂਲ ਦੀ ਸਥਾਪਨਾ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨ ਰਾਹੀਂ ਹੋ ਰਹੀ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਰਗੇ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਚੰਡੀਗੜ੍ਹ ਵਿੱਚ ਖੁੱਲ੍ਹੇਗਾ ਸੈਨਿਕ ਸਕੂਲ
ਰਾਜਪਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਸ ਮੁਲਾਕਾਤ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੰਡੀਗੜ੍ਹ ਵਿੱਚ ਸੈਨਿਕ ਸਕੂਲ ਖੋਲ੍ਹਣ ਦਾ ਪ੍ਰਸਤਾਵ ਇੱਥੋਂ ਦੇ ਨੌਜਵਾਨਾਂ ਦੇ ਭਵਿੱਖ ਲਈ ਇੱਕ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸੈਨਿਕ ਸਕੂਲ ਦੀ ਸਥਾਪਨਾ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਨੌਜਵਾਨਾਂ ਨੂੰ ਨਾ ਸਿਰਫ਼ ਮਿਆਰੀ ਸਿੱਖਿਆ ਮਿਲੇਗੀ, ਸਗੋਂ ਉਨ੍ਹਾਂ ਵਿੱਚ ਅਨੁਸ਼ਾਸਨ, ਅਗਵਾਈ ਕਰਨ ਦੀ ਸਮਰੱਥਾ ਅਤੇ ਦੇਸ਼ ਸੇਵਾ ਦਾ ਜਜ਼ਬਾ ਵੀ ਪੈਦਾ ਹੋਵੇਗਾ। ਪ੍ਰਸ਼ਾਸਨਿਕ ਪੱਧਰ ‘ਤੇ ਇਸ ਸਕੂਲ ਦੀ ਰੂਪ-ਰੇਖਾ ਤਿਆਰ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਆਰੰਭ ਦਿੱਤੀ ਗਈ ਹੈ।
ਸਰਹੱਦੀ ਸੁਰੱਖਿਆ ਅਤੇ ਐਂਟੀ-ਡਰੋਨ ਪ੍ਰਣਾਲੀ ‘ਤੇ ਮੰਥਨ
ਬੈਠਕ ਦੌਰਾਨ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਵੱਧ ਰਹੀ ਤਸਕਰੀ ਦੀਆਂ ਘਟਨਾਵਾਂ ‘ਤੇ ਵੀ ਗੰਭੀਰ ਚਿੰਤਾ ਪ੍ਰਗਟਾਈ ਗਈ। ਰਾਜਪਾਲ ਨੇ ਰੱਖਿਆ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜੇ ਜਾਣ ਦੀਆਂ ਵਧਦੀਆਂ ਗਤੀਵਿਧੀਆਂ ਰਾਸ਼ਟਰੀ ਸੁਰੱਖਿਆ ਲਈ ਇੱਕ ਵੱਡੀ ਚੁਣੌਤੀ ਬਣ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਐਂਟੀ-ਡਰੋਨ ਤਕਨਾਲੋਜੀ ਅਤੇ ਇਸ ਨਾਲ ਜੁੜੇ ਪ੍ਰੋਜੈਕਟਾਂ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਇਆ ਜਾਵੇ ਤਾਂ ਜੋ ਦੁਸ਼ਮਣ ਦੀਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ।
ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਅਤੇ ਫੀਡਬੈਕ
ਜ਼ਿਕਰਯੋਗ ਹੈ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 9 ਤੋਂ 12 ਫਰਵਰੀ ਤੱਕ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਅਬੋਹਰ ਸਮੇਤ ਪੰਜਾਬ ਦੇ ਕਈ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਮੁਕਤੀ ਦਾ ਸੁਨੇਹਾ ਦੇਣ ਲਈ ‘ਪਦਯਾਤਰਾ’ ਵੀ ਕੱਢੀ ਸੀ, ਜਿਸ ਵਿੱਚ ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਸੀ। ਮੰਨਿਆ ਜਾ ਰਿਹਾ ਹੈ ਕਿ ਰੱਖਿਆ ਮੰਤਰੀ ਨਾਲ ਹੋਈ ਇਸ ਬੈਠਕ ਵਿੱਚ ਰਾਜਪਾਲ ਨੇ ਸਰਹੱਦੀ ਇਲਾਕਿਆਂ ਦੀ ਜ਼ਮੀਨੀ ਸਥਿਤੀ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਆਪਣਾ ਤਜ਼ਰਬਾ ਅਤੇ ਫੀਡਬੈਕ ਸਾਂਝਾ ਕੀਤਾ ਹੈ।