ਸਰਹੱਦੀ ਇਲਾਕਿਆਂ ਵਿੱਚ ਨਸ਼ਿਆਂ ਵਿਰੁੱਧ ਰਾਜਪਾਲ ਦਾ ਮਾਰਚ, ਡੇਰਾ ਬਾਬਾ ਨਾਨਕ ਤੋਂ ਹੋਵੇਗਾ ਸ਼ੁਰੂ
Drug Awareness Walk: ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਇਸ ਯਾਤਰਾ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਉਨ੍ਹਾਂ ਨੇ ਆਮ ਲੋਕਾਂ, ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਨੂੰ ਇਸ ਯਾਤਰਾ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ।

ਪੰਜਾਬ ਦੇ ਰਾਜਪਾਲ ਇੱਕ ਵਾਰ ਮੁੜ ਸਰਹੱਦੀ ਇਲਾਕਿਆਂ ਵਿੱਚ ਐਕਟਿਵ ਹੋਣ ਜਾ ਰਹੇ ਹਨ। ਰਾਜਪਾਲ ਗੁਲਾਬ ਚੰਦ ਕਟਾਰੀਆ 3 ਅਪ੍ਰੈਲ, 2025 ਤੋਂ 8 ਅਪ੍ਰੈਲ, 2025 ਤੱਕ ਨਸ਼ਿਆਂ ਦੀ ਵੱਧ ਰਹੀ ਦੁਰਵਰਤੋਂ ਨੂੰ ਰੋਕਣ ਅਤੇ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਪਦਯਾਤਰਾ ਕਰਨਗੇ। ਇਹ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਵੇਗੀ ਅਤੇ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਸਮਾਪਤ ਹੋਵੇਗੀ। ਇਸ ਯਾਤਰਾ ਦੌਰਾਨ, ਕਈ ਥਾਵਾਂ ‘ਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਨਤਕ ਮੀਟਿੰਗਾਂ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਹਿੱਸਾ ਲੈਣਗੇ।
ਇਸ ਮਾਰਚ ਦਾ ਮੁੱਖ ਉਦੇਸ਼ ਨਸ਼ੇ ਦੀ ਸਮੱਸਿਆ ਬਾਰੇ ਜਾਗਰੂਕਤਾ ਪੈਦਾ ਕਰਨਾ, ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਸਮਾਜ ਨੂੰ ਇਸ ਸੰਕਟ ਤੋਂ ਬਚਾਉਣ ਲਈ ਇੱਕਜੁੱਟ ਕਰਨਾ ਹੈ। ਰਾਜਪਾਲ ਕਟਾਰੀਆ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।
ਇਹ ਰਹੇਗਾ ਰੂਟ
- 3 ਅਪ੍ਰੈਲ: ਡੇਰਾ ਬਾਬਾ ਨਾਨਕ ਤੋਂ ਗੁਰਦੁਆਰਾ ਟਾਹਲੀ ਸਾਹਿਬ (ਗੁਰਦਾਸਪੁਰ) ਤੱਕ
- 4 ਅਪ੍ਰੈਲ: ਡਿਵਾਈਨ ਸਕੂਲ ਮੱਲੇਵਾਲ ਤੋਂ ਐਸਡੀ ਕਾਲਜ ਫਾਰ ਗਰਲਜ਼, ਫਤਿਹਗੜ੍ਹ ਚੂੜੀਆਂ
- 5 ਅਪ੍ਰੈਲ: ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਨਵਾਂ ਪਿੰਡ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੰਗਤਪੁਰਾ
- 6 ਅਪ੍ਰੈਲ: ਚੇਤਨਪੁਰਾ ਪਾਰਕ ਤੋਂ ਬੱਲ ਖੁਰਦ ਖੇਡ ਦੇ ਮੈਦਾਨ ਤੱਕ
- 7 ਅਪ੍ਰੈਲ: ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਹਾਰਾਜਾ ਰਣਜੀਤ ਸਿੰਘ ਕਾਰਨਰ, ਰਾਮਬਾਗ, ਅੰਮ੍ਰਿਤਸਰ
- 8 ਅਪ੍ਰੈਲ: ਕਿਲ੍ਹਾ ਗੋਬਿੰਦਗੜ੍ਹ ਤੋਂ ਜਲ੍ਹਿਆਂਵਾਲਾ ਬਾਗ, ਅੰਮ੍ਰਿਤਸਰ ਤੱਕ
ਵਿਧਾਨ ਸਭਾ ਸਪੀਕਰ ਨੂੰ ਸੱਦਾ
ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਇਸ ਯਾਤਰਾ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਉਨ੍ਹਾਂ ਨੇ ਆਮ ਲੋਕਾਂ, ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਨੂੰ ਇਸ ਯਾਤਰਾ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ।