ਸਾਬਕਾ ਸੀਐਮ ਚੰਨੀ ਸਮੇਤ ਆਪ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਖਿਲਾਫ ਰੱਦ ਹੋਵੇ FIR: HC
ਹਾਈ ਕੋਰਟ ਵੱਲੋਂ ਜਿਨ੍ਹਾਂ ਆਗੂਆਂ ਨੂੰ ਰਾਹਤ ਦਿੱਤੀ ਗਈ ਹੈ, ਉਨ੍ਹਾਂ ਵਿੱਚ ਸਾਬਕਾ ਸੀਐਮ ਚਰਨਜੀਤ ਚੰਨੀ, ਆਪ ਦੇ ਬੁਲਾਰੇ ਮਾਲਵਿੰਦਰ ਕੰਗ, ਅਰੁਣ ਨਾਰੰਗ ਤੋਂ ਇਲਾਵਾ ਭਾਜਪਾ ਦੇ ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਤਰੁਣ ਚੁੱਘ, ਮਨੋਰੰਜਨ ਕਾਲੀਆ, ਜੀਵਨ ਗੁਪਤਾ, ਬਲਦੇਵ ਚਾਵਲਾ, ਤੀਕਸ਼ਣ ਸੂਦ, ਸੁਭਾਸ਼ ਸ਼ਰਮਾ, ਮਾਸਟਰ ਮੋਹਨ ਲਾਲ, ਸੁਰਜੀਤ ਕੁਮਾਰ ਜਿਆਣੀ ਅਤੇ ਕੇ.ਡੀ. ਭੰਡਾਰੀ ਦੇ ਨਾਂ ਸ਼ਾਮਲ ਹਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਆਪ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਜਿਕਰਯੋਗ ਹੈ ਇਨ੍ਹਾਂ ਆਗੂਆਂ ਖਿਲਾਫ਼ ਇਹ ਐਫਆਈਆਰ 2021 ਵਿੱਚ ਕੋਵਿਡ ਮਹਾਂਮਾਰੀ ਦੌਰਾਨ ਲਾਗੂ ਕੀਤੀਆਂ ਗਏ ਕੋਵਿਡ ਪ੍ਰੋਟੋਕੋਲ ਨੂੰ ਤੋੜਨ ਲਈ ਇਨ੍ਹਾਂ ਦਰਜ ਕੀਤੀ ਗਈ ਸੀ।
ਇਨ੍ਹਾਂ ਸਾਰਿਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਤਹਿਤ ਵੱਖ-ਵੱਖ ਥਾਵਾਂ ਤੇ ਐਫਆਈਆਰ ਦਰਜ ਕੀਤੀ ਗਈ ਸੀ। ਜਾਣਕਾਰੀ ਮੁਤਾਬਕ, ਇਹ ਸਭ ਆਗੂਆਂ ਨੇ ਕੋਵਿਡ ਪ੍ਰੋਟੋਕਲ ਦੀ ਪਰਵਾਹ ਨਾ ਕਰਦੇ ਹੋਏ ਲੋਕਾਂ ਨਾਲ ਮਿਲੇ ਅਤੇ ਹੋਰ ਵੀ ਕਈ ਸਰਗਰਮੀਆਂ ਨੂੰ ਅੰਜਾਮ ਦਿੱਤਾ।ਜਾਣਕਾਰੀ ਮੁਤਾਬਕ, ਇਹ ਮਾਮਲੇ 15 ਮਾਰਚ 2020 ਤੋਂ 28 ਫਰਵਰੀ 2022 ਦਰਮਿਆਨ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਲਈ ਦਰਜ ਕੀਤੇ ਗਏ ਸਨ।
ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੂੰ ਦੱਸਿਆ ਗਿਆ ਕਿ ਹੁਣ ਇਨ੍ਹਾਂ ਮਾਮਲਿਆਂ ਦਾ ਕੋਈ ਆਧਾਰ ਨਹੀਂ ਹੈ ਅਤੇ ਇਨ੍ਹਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇ, ਜਿਸ ਤੋਂ ਬਾਅਦ ਅਦਾਲਤ ਵੱਲੋਂ ਇਨ੍ਹਾਂ ਕੇਸਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।